ਪੰਜਾਬ ਸਰਕਾਰ ਨੂੰ 12 ਜੂਨ ਤੱਕ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਅਸ਼ਲੀਲ ਵੀਡੀਓ ਮਾਮਲੇ ’ਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਤੀਜਾ ਨੋਟਿਸ ਜਾਰੀ ਕੀਤਾ ਗਿਆ ਹੈ। ਪਹਿਲਾਂ ਜਾਰੀ ਕੀਤੇ ਗਏ ਦੋ ਨੋਟਿਸਾਂ ਦਾ ਜਵਾਬ ਨਾ ਦੇਣ ਦੇ ਚਲਦਿਆਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵੱਲੋਂ ਇਹ ਤੀਜਾ ਨੋਟਿਸ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਗਏ ਨੋਟਿਸ ਵਿਚ ਪੰਜਾਬ ਸਰਕਾਰ ਨੂੰ 12 ਜੂਨ ਤੱਕ ਇਸ ਮਾਮਲੇ ’ਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਦੇਣ ਲਈ ਵੀ ਕਿਹਾ ਗਿਆ ਹੈ। ਐਨਸੀਐਸਸੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਪੀੜਤ ਦੇ ਬਿਆਨ ਵੀਡੀਓ ਕਾਨਫਰੰਸਿੰਗ ਜਰੀਏ ਜਾਂ ਫਿਰ ਦਿੱਲੀ ’ਚ ਰਿਕਾਰਡ ਕਰਨ ਦੇ ਹੁਕਮ ਵੀ ਦਿੱਤੇ ਹਨ ਅਤੇ ਨਾਲ ਹੀ ਪੀੜਤ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ। ਇਸ ਮਾਮਲੇ ’ਚ ਪਹਿਲਾ ਨੋਟਿਸ 5 ਮਈ ਨੂੰ ਜਾਰੀ ਕੀਤਾ ਗਿਆ ਸੀ, ਜਿਸ ਤੋਂ ਪੰਜਾਬ ਸਰਕਾਰ ਨੇ 8 ਮਈ ਨੂੰ ਤਿੰਨ ਮੈਂਬਰੀ ਵਿਸ਼ੇਸ਼ ਕਮੇਟੀ ਬਣਾਈ ਸੀ ਪ੍ਰੰਤੂ ਇਸ ਕਮੇਟੀ ਵੱਲੋਂ ਵੀ ਐਨਸੀਐਸਸੀ ਕਮਿਸ਼ਨ ਕੋਲ ਕੋਈ ਰਿਪੋਰਟ ਜਮ੍ਹਾਂ ਨਹੀਂ ਕਰਵਾਈ । ਜਦਕਿ ਇਸ ਤੋਂ ਪਹਿਲਾਂ 25 ਮਈ ਨੂੰ ਦੂਜਾ ਨੋਟਿਸ ਜਾਰੀ ਕੀਤਾ ਗਿਆ ਸੀ। ਧਿਆਨ ਰਹੇ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਸ਼ਲੀਲ ਵੀਡੀਓ ਮਾਮਲੇ ’ਚ ਘਿਰੇ ਹੋਏ ਹਨ।