Breaking News
Home / ਹਫ਼ਤਾਵਾਰੀ ਫੇਰੀ / ਪਰਖ ਦੀ ਘੜੀ : ਅਕਾਲੀ ਦਲ ਲਈ ਸੌਖਾ ਨਹੀਂ ਹੋਵੇਗਾ ਸ਼੍ਰੋਮਣੀ ਕਮੇਟੀ ਚੋਣਾਂ ਦਾ ਰਾਹ

ਪਰਖ ਦੀ ਘੜੀ : ਅਕਾਲੀ ਦਲ ਲਈ ਸੌਖਾ ਨਹੀਂ ਹੋਵੇਗਾ ਸ਼੍ਰੋਮਣੀ ਕਮੇਟੀ ਚੋਣਾਂ ਦਾ ਰਾਹ

ਵੱਡੀ ਗਿਣਤੀ ਆਗੂਆਂ ਵੱਲੋਂ ਪਾਰਟੀ ਛੱਡਣ ਕਰਕੇ ਸਿਆਸੀ ਸਮੀਕਰਨ ਬਦਲੇ, ਐਤਕੀਂ ਮੁਕਾਬਲਾ ਬਹੁ-ਕੋਣਾ ਹੋਣ ਦੇ ਆਸਾਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਆਪਣੀ ਹੋਂਦ ਬਰਕਰਾਰ ਰੱਖਣ ਲਈ ਜੱਦੋ-ਜਹਿਦ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਵਾਸਤੇ ਆਗਾਮੀ ਆ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਇਕ ਵੱਡੀ ਚੁਣੌਤੀ ਸਾਬਤ ਹੋ ਸਕਦੀਆਂ ਹਨ। ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਐੱਸਐੱਸ ਸਾਰੋਂ ਨੇ ਬੀਤੇ ਦਿਨੀਂ ਹੀ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦਾ ਅਮਲ ਸ਼ੁਰੂ ਕਰਵਾਉਣ ਲਈ ਆਖਿਆ ਹੈ। ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਨੇ ਇਸ ਸਬੰਧ ਵਿੱਚ ਪੰਜਾਬ ਸਰਕਾਰ ਦੇ ਮੁੱਖ ਸਕੱਤਰ, ਵਧੀਕ ਸਕੱਤਰ, ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇ ਹੋਰਨਾਂ ਨੂੰ ਪੱਤਰ ਭੇਜ ਕੇ ਨਿਰਦੇਸ਼ ਦਿੱਤੇ ਹਨ ਕਿ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਕਰਾਉਣ ਵਾਸਤੇ ਵੋਟਰ ਸੂਚੀਆਂ ਬਣਾਉਣ ਦੀ ਪ੍ਰਕਿਰਿਆ ਆਰੰਭੀ ਜਾਵੇ। ਭਾਵੇਂ ਅਜਿਹੀ ਸਾਰੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਸਮਾਂ ਲੱਗੇਗਾ, ਪਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਹਿੱਸਾ ਲੈਣ ਵਾਲੀਆਂ ਧਿਰਾਂ ਵੀ ਹੁਣ ਛੇਤੀ ਹੀ ਸਰਗਰਮੀਆਂ ਵਧਾ ਦੇਣਗੀਆਂ। ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਵਾਸਤੇ ਵੀ ਇੱਕ ਵੱਡੀ ਚੁਣੌਤੀ ਬਣ ਕੇ ਉਭਰ ਸਕਦੀਆਂ ਹਨ। ਦੋ ਵਾਰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਹਾਰ ਪ੍ਰਾਪਤ ਕਰਨ ਵਾਲਾ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਆਪਣੀ ਹੋਂਦ ਨੂੰ ਬਚਾਉਣ ਲਈ ਯਤਨਸ਼ੀਲ ਹੈ। ਪਾਰਟੀ ਦੇ ਕਈ ਕੱਦਾਵਰ ਆਗੂ ਅਕਾਲੀ ਦਲ ਨੂੰ ਅਲਵਿਦਾ ਆਖ ਚੁੱਕੇ ਹਨ।
ਪਾਰਟੀ ਲੀਡਰਸ਼ਿਪ ਵਿੱਚ ਬਦਲਾਅ ਦੀ ਮੰਗ ਕਰਦਿਆਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ, ਉਨ੍ਹਾਂ ਦਾ ਪੁੱਤਰ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ, ਉਨ੍ਹਾਂ ਦਾ ਪੁੱਤਰ ਅਮਰਪਾਲ ਸਿੰਘ ਬੋਨੀ ਅਜਨਾਲਾ ਤੇ ਹੋਰ ਕਈ ਆਗੂ ਪਾਰਟੀ ਛੱਡ ਕੇ ਜਾ ਚੁੱਕੇ ਹਨ। ਪਾਰਟੀ ਦੀ ਸੀਨੀਅਰ ਆਗੂ, ਸਾਬਕਾ ਮੰਤਰੀ ਤੇ ਕਈ ਵਾਰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਰਹਿ ਚੁੱਕੀ ਬੀਬੀ ਜਗੀਰ ਕੌਰ ਵੀ ਪਾਰਟੀ ਤੋਂ ਵੱਖ ਹੋ ਗਈ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਮਰਹੂਮ ਸੇਵਾ ਸਿੰਘ ਸੇਖਵਾਂ ‘ਆਪ’ ਵਿੱਚ ਚਲੇ ਗਏ ਸਨ। ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਨੂੰ ਅੰਦਰੂਨੀ ਪੱਧਰ ‘ਤੇ ਵੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼੍ਰੋਮਣੀ ਕਮੇਟੀ ਦੀਆਂ 2011 ਦੀਆਂ ਚੋਣਾਂ ‘ਤੇ ਜੇਕਰ ਝਾਤ ਮਾਰੀ ਜਾਵੇ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਸੰਤ ਸਮਾਜ ਦੀ ਮਦਦ ਨਾਲ ਕੁਲ 170 ‘ਚੋਂ 157 ਸੀਟਾਂ ‘ਤੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਸੀ। ਇਸ ਤੋਂ ਪਹਿਲਾਂ ਹੋਈਆਂ ਚੋਣਾਂ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦੀ ਹੀ ਝੰਡੀ ਸੀ। ਪਿਛਲੀ ਵਾਰ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ 2016 ਵਿੱਚ ਹੋਣੀਆਂ ਸਨ, ਉਸ ਵੇਲੇ ਸਹਿਜਧਾਰੀ ਸਿੱਖ ਜਥੇਬੰਦੀ ਵੱਲੋਂ ਪਹਿਲਾਂ 2011 ਵਿੱਚ ਹੋਈਆਂ ਚੋਣਾਂ ਨੂੰ ਸਰਵਉੱਚ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸਰਵ ਉੱਚ ਅਦਾਲਤ ਨੇ 2011 ਵਿੱਚ ਚੁਣੇ ਗਏ ਨਵੇਂ ਸਦਨ ਨੂੰ ਬਹਾਲ ਰੱਖਣ ਦੇ ਆਦੇਸ਼ ਕੀਤੇ ਸਨ।
ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਿੱਚ ਇਸ ਵੇਲੇ ਕੁੱਲ 191 ਮੈਂਬਰ ਹਨ, ਜਿਨ੍ਹਾਂ ‘ਚੋਂ 170 ਚੁਣ ਕੇ ਆਉਂਦੇ ਹਨ ਤੇ 15 ਨਾਮਜ਼ਦ ਕੀਤੇ ਜਾਂਦੇ ਹਨ। ਪੰਜ ਤਖ਼ਤਾਂ ਦੇ ਜਥੇਦਾਰ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵੀ ਸਦਨ ਦੇ ਮੈਂਬਰ ਹਨ।
ਹਾਲ ਹੀ ਵਿੱਚ ਸਰਵ ਉੱਚ ਅਦਾਲਤ ਵੱਲੋਂ ਹਰਿਆਣਾ ‘ਚ ਵੱਖਰੀ ਗੁਰਦੁਆਰਾ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਮਗਰੋਂ ਹੁਣ ਕੁਲ ਗਿਣਤੀ ਵਿੱਚ ਹਰਿਆਣਾ ਦੇ ਮੈਂਬਰਾਂ ਦੀ ਗਿਣਤੀ ਸ਼ਾਮਲ ਨਹੀਂ ਹੋਵੇਗੀ। ਇਸ ਲਿਹਾਜ਼ ਨਾਲ ਐਤਕੀਂ ਮੁਕਾਬਲਾ ਬਹੁ-ਕੋਣਾ ਹੋਣ ਦੇ ਆਸਾਰ ਹਨ ਤੇ ਵੇਖਣਾ ਇਹ ਹੋਵੇਗਾ ਕਿ ਮੌਜੂਦਾ ਸਥਿਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਆਪਣੀ ਜਿੱਤ ਦੀ ਪਿਰਤ ਨੂੰ ਕਾਇਮ ਰੱਖ ਪਾਉਂਦਾ ਹੈ ਜਾਂ ਨਹੀਂ।
ਪਹਿਲਾਂ ਵੀ ਅਜਿਹੀ ਸਥਿਤੀ ਨਾਲ ਨਜਿੱਠ ਚੁੱਕਿਆ ਹੈ ਸ਼੍ਰੋਮਣੀ ਅਕਾਲੀ ਦਲ : ਡਾ. ਦਲਜੀਤ ਚੀਮਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਅਗਾਮੀ ਆ ਰਹੀਆਂ ਚੋਣਾਂ ਜਥੇਬੰਦੀ ਵਾਸਤੇ ਕੋਈ ਨਵੀਂ ਚੁਣੌਤੀ ਨਹੀਂ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਵੀ ਕਈ ਵਾਰ ਅਜਿਹੀ ਸਥਿਤੀ ਨੂੰ ਨਜਿੱਠ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਹੁਕਮਰਾਨ ਸਰਕਾਰ ਵੱਲੋਂ ਇਨ੍ਹਾਂ ਚੋਣਾਂ ਵਿੱਚ ਆਪਣਾ ਦਬਦਬਾ ਬਣਾਉਣ ਦਾ ਯਤਨ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੇ ਹਮਾਇਤੀ ਚੋਣਾਂ ਲੜਨ ਲਈ ਮੈਦਾਨ ਵਿੱਚ ਆਉਂਦੇ ਹਨ, ਪਰ ਸੰਗਤ ਨੇ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਫਤਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਸ਼੍ਰੋਮਣੀ ਅਕਾਲੀ ਦਲ ਆਪਣੀ ਗੱਲ ਸੰਗਤ ਸਾਹਮਣੇ ਰੱਖੇਗਾ।
ਸੁਖਬੀਰ ਬਾਦਲ ਨੂੰ ਲਿਫਾਫੇ ‘ਚੋਂ ਪ੍ਰਧਾਨ ਕੱਢਣ ਤੋਂ ਰੋਕਿਆ ਸੀ, ਮੈਨੂੰ ਹੀ ਕੱਢ ਦਿੱਤਾ : ਜਗੀਰ ਕੌਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਪੰਥਕ ਬੋਰਡ ਦਾ ਐਲਾਨ ਕਰਨ ਤੋਂ ਬਾਅਦ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਦਾ ਦੌਰ ਤੇਜ਼ ਕਰ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਪਾਇਲ ਵਿੱਚ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਕੋ ਇੱਕ ਮਕਸਦ ਐੱਸਜੀਪੀਸੀ ਨੂੰ ਇੱਕ ਪਾਰਟੀ ਤੇ ਪਰਿਵਾਰ ਤੋਂ ਮੁਕਤ ਕਰਵਾਉਣਾ ਹੈ। ਬੀਬੀ ਜਗੀਰ ਕੌਰ ਨੇ ਅਕਾਲੀ ਦਲ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਐੱਸਜੀਪੀਸੀ ਦਾ ਪ੍ਰਧਾਨ ਲਿਫਾਫੇ ਵਿਚੋਂ ਹੀ ਨਿਕਲਦਾ ਸੀ, ਜਿਸ ਨੂੰ ਲੈ ਕੇ ਕਈ ਵਾਰ ਸੁਖਬੀਰ ਬਾਦਲ ਕੋਲ ਇਤਰਾਜ਼ ਕੀਤਾ ਸੀ ਪਰ ਸੁਖਬੀਰ ਨੇ ਗੱਲ ਮੰਨਣ ਦੀ ਬਜਾਏ ਉਨ੍ਹਾਂ ਨੂੰ ਹੀ ਪਾਰਟੀ ਵਿਚੋਂ ਕੱਢ ਦਿੱਤਾ।

Check Also

ਕੈਨੇਡਾ ‘ਚ ਪੱਕੇ ਹੋਣ ਦਾ LMIA ਵਾਲਾ ਰਾਹ ਵੀ ਹੋਵੇਗਾ ਬੰਦ

ਪੱਕੀ ਰਿਹਾਇਸ਼ ਲਈ LMIA ਦੀ ਵੱਡੇ ਪੱਧਰ ‘ਤੇ ਹੋ ਰਹੀ ਦੁਰਵਰਤੋਂ : ਮਾਰਕ ਮਿੱਲਰ ਟੋਰਾਂਟੋ/ਬਿਊਰੋ …