ਹਰ ਪੀੜਤ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਮਿਲੇਗਾ : ਜਸਟਿਨ ਟਰੂਡੋ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਵਿਚ ਕਰੀਬ 700 ਭਾਰਤੀ ਵਿਦਿਆਰਥੀਆਂ ਨੂੰ ਭਾਰਤ ਡਿਪੋਰਟ ਕਰਨ ਦੇ ਮਾਮਲੇ ਵਿਚ ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਭਾਰਤੀ ਵਿਦਿਆਰਥੀਆਂ ਦੇ ਨਾਲ ਹੋਈ ਠੱਗੀ ਤੋਂ ਜਾਣੂ ਹਨ। ਇਸ ਕਰਕੇ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇਗਾ। ਫਰਜ਼ੀ ਦਾਖਲਾ ਪੱਤਰਾਂ ਕਾਰਨ ਕੈਨੇਡਾ ਤੋਂ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ 700 ਭਾਰਤੀ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਹਰੇਕ ਕੇਸ ਦਾ ਮੁਲਾਂਕਣ ਕਰਨਗੇ ਅਤੇ ਧੋਖਾਧੜੀ ਦੇ ਪੀੜਤਾਂ ਨੂੰ ਆਪਣਾ ਪੱਖ ਰੱਖਣ ਅਤੇ ਬੇਕਸੂਰ ਹੋਣ ਬਾਰੇ ਸਬੂਤ ਪੇਸ਼ ਕਰਨ ਦਾ ਮੌਕਾ ਮਿਲੇਗਾ। ਇਹ ਟਿੱਪਣੀ ਅਜਿਹੇ ਸਮੇਂ ਆਈ ਹੈ ਜਦੋਂ ਸੈਂਕੜੇ ਭਾਰਤੀ ਵਿਦਿਆਰਥੀ, ਜਿਨ੍ਹਾਂ ਵਿੱਚ ਜ਼ਿਆਦਾਤਰ ਪੰਜਾਬ ਨਾਲ ਸਬੰਧਤ ਹਨ, ਕੈਨੇਡਾ ਵਿੱਚ ਸੜਕਾਂ ‘ਤੇ ਉਤਰ ਰਹੇ ਹਨ। ਉਹ ਇਹ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਭਾਰਤ ਵਿੱਚ ਏਜੰਟ ਨੇ ਧੋਖਾ ਦਿੱਤਾ ਹੈ। ਇਸ ਵਿੱਚ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ। ਟਰੂਡੋ ਨੇ ਕਿਹਾ ਕਿ ‘ਮੈਂ ਇਸ ਮਾਮਲੇ ਤੋਂ ਜਾਣੂ ਹਾਂ। ਸਾਡਾ ਧਿਆਨ ਪੀੜਤਾਂ ਨੂੰ ਸਜ਼ਾ ਦੇਣ ਦੀ ਬਜਾਏ ਦੋਸ਼ੀਆਂ ਦੀ ਪਛਾਣ ਕਰਨਾ ਹੈ।’ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਿੱਖ ਮੂਲ ਦੇ ਐੱਨਡੀਪੀ ਆਗੂ ਜਗਮੀਤ ਸਿੰਘ ਵੱਲੋਂ ਦੇਸ਼ ਨਿਕਾਲਾ ਦਿੱਤੇ ਜਾਣ ਵਾਲੇ ਪੀੜਤ ਵਿਦਿਆਰਥੀਆਂ ਦੀ ਸਥਿਤੀ ਬਾਰੇ ਚਿੰਤਾਵਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਧੋਖਾਧੜੀ ਦੇ ਪੀੜਤਾਂ ਨੂੰ ਆਪਣਾ ਪੱਖ ਤੇ ਉਸ ਦੇ ਸਮਰਥਨ ‘ਚ ਸਬੂਤ ਪੇਸ਼ ਕਰਨ ਦਾ ਮੌਕਾ ਮਿਲੇਗਾ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਅਸੀਂ ਅੰਤਰਰਾਸ਼ਟਰੀ ਵਿਦਿਆਰਥੀਆਂ ਵਲੋਂ ਕੈਨੇਡਾ ਵਿੱਚ ਪਾਏ ਅਥਾਹ ਯੋਗਦਾਨ ਦਾ ਸਨਮਾਨ ਕਰਦੇ ਹਾਂ ਤੇ ਅਸੀਂ ਧੋਖਾਧੜੀ ਦੇ ਪੀੜਤਾਂ ਦੀ ਸਹਾਇਤਾ ਲਈ ਵਚਨਬੱਧ ਹਾਂ। ਅਸੀਂ ਹਰ ਇੱਕ ਕੇਸ ਦਾ ਮੁਲਾਂਕਣ ਕਰਦੇ ਹਾਂ। ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਨੇ 29 ਮਈ ਤੋਂ ਮਿਸੀਸਾਗਾ ਦੇ ਏਅਰਪੋਰਟ ਰੋਡ ‘ਤੇ ਸੀਬੀਐੱਸਏ ਦੇ ਮੁੱਖ ਦਫ਼ਤਰ ਦੇ ਬਾਹਰ ਧਰਨਾ ਜਾਰੀ ਰੱਖਿਆ ਹੋਇਆ ਹੈ। ਇਨ੍ਹਾਂ ਵਿਦਿਆਰਥੀਆਂ ਨੇ ਹੱਥਾਂ ਵਿਚ ਬੈਨਰ ਫੜੇ ਹੋਏ ਹਨ ਅਤੇ ਉਹ ਕਹਿ ਰਹੇ ਹਨ ਡਿਪੋਰਟੇਸ਼ਨ ਬੰਦ ਕਰੋ ਅਤੇ ਸਾਨੂੰ ਨਿਆਂ ਚਾਹੀਦਾ ਹੈ।
ਸਟੱਡੀ ਵੀਜ਼ਾ ‘ਤੇ ਗਏ ਵਿਦਿਆਰਥੀਆਂ ਦੇ ਜਾਅਲੀ ਦਸਤਾਵੇਜ਼ : ਇਹ ਸਾਰੇ 700 ਦੇ ਕਰੀਬ ਭਾਰਤੀ ਵਿਦਿਆਰਥੀ ਟਰੈਵਲ ਏਜੰਟ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਹਨ।
ਕਿਉਂਕਿ ਜੋ ਭਾਰਤੀ ਵਿਦਿਆਰਥੀ ਸਟੱਡੀ ਵੀਜ਼ਾ ‘ਤੇ ਕੈਨੇਡਾ ਪਹੁੰਚੇ, ਜਾਂਚ ਦੌਰਾਨ ਉਨ੍ਹਾਂ ਦੇ ਦਸਤਾਵੇਜ਼ ਫਰਜ਼ੀ ਪਾਏ ਗਏ। ਲੰਘੇ ਮਾਰਚ ਮਹੀਨੇ ਕੈਨੇਡਾ ਦੀ ਸੀਮਾ ਸੁਰੱਖਿਆ ਏਜੰਸੀ ਵਲੋਂ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕੀਤੇ ਜਾਣ ਦੇ ਬਾਰੇ ਵਿਚ ਪੱਤਰ ਜਾਰੀ ਕੀਤਾ ਗਿਆ ਸੀ।