ਦਿੱਲੀ ਦੇ ਮੁੱਖ ਮੰਤਰੀ ਨੇ ਸਮਰਥਨ ਜੁਟਾਉਣ ਲਈ ਸਮਾਜਵਾਦੀ ਪਾਰਟੀ ਦੇ ਮੁਖੀ ਨਾਲ ਕੀਤੀ ਮੁਲਾਕਾਤ
ਲਖਨਊ/ਬਿਊਰੋ ਨਿਊਜ਼ : ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਕੌਮੀ ਰਾਜਧਾਨੀ ਵਿੱਚ ਸੇਵਾਵਾਂ ਦੇ ਕੰਟਰੋਲ ਸਬੰਧੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਆਰਡੀਨੈਂਸ ਖਿਲਾਫ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਪਣੀ ਪਾਰਟੀ ਵੱਲੋਂ ਸਮਰਥਨ ਦੇਣ ਦਾ ਭਰੋਸਾ ਦਿਵਾਇਆ ਹੈ। ਕੇਂਦਰ ਦੇ ਆਰਡੀਨੈਂਸ ਖਿਲਾਫ ਸਮਰਥਨ ਜੁਟਾਉਣ ਦੀਆਂ ਆਮ ਆਦਮੀ ਪਾਰਟੀ ਦੀਆਂ ਕੋਸ਼ਿਸ਼ਾਂ ਵਿਚਾਲੇ ਕੇਜਰੀਵਾਲ ਵੱਲੋਂ ਸਮਾਜਵਾਦੀ ਪਾਰਟੀ ਦੇ ਮੁਖੀ ਨਾਲ ਮੁਲਾਕਾਤ ਕੀਤੀ ਗਈ, ਜਿਸ ਮਗਰੋਂ ਅਖਿਲੇਸ਼ ਯਾਦਵ ਦਾ ਇਹ ਬਿਆਨ ਆਇਆ ਹੈ।
ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਯਾਦਵ ਨੇ ਕਿਹਾ ਕਿ ਇਸ ਮੁੱਦੇ ‘ਤੇ ਉਨ੍ਹਾਂ ਦੀ ਪਾਰਟੀ ‘ਆਪ’ ਦਾ ਸਮਰਥਨ ਕਰੇਗੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕੇਂਦਰ ਦੇ ਇਸ ਆਰਡੀਨੈਂਸ ਖਿਲਾਫ ਸਮਰਥਨ ਹਾਸਲ ਕਰਨ ਲਈ ਗੈਰ-ਭਾਜਪਾ ਪਾਰਟੀਆਂ ਦੇ ਆਗੂਆਂ ਨੂੰ ਮਿਲ ਰਹੇ ਹਨ ਤਾਂ ਜੋ ਕੌਮੀ ਰਾਜਧਾਨੀ ਦੀਆਂ ਸੇਵਾਵਾਂ ਦੇ ਕੰਟਰੋਲ ਸਬੰਧੀ ਬਿੱਲ ਜਦੋਂ ਸੰਸਦ ਵਿੱਚ ਲਿਆਂਦਾ ਜਾਵੇ ਤਾਂ ਇਸ ਨੂੰ ਪਾਸ ਹੋਣ ਤੋਂ ਰੋਕਿਆ ਜਾ ਸਕੇ। ਕੇਂਦਰ ਨੇ ਦਿੱਲੀ ਵਿੱਚ ਗਰੁੱਪ ‘ਏ’ ਦੇ ਅਧਿਕਾਰੀਆਂ ਦੇ ਤਬਾਦਲਿਆਂ ਤੇ ਨਿਯੁਕਤੀਆਂ ਲਈ ਇਕ ਅਥਾਰਿਟੀ ਕਾਇਮ ਕਰਨ ਸਬੰਧੀ 19 ਮਈ ਨੂੰ ਇਕ ਆਰਡੀਨੈਂਸ ਜਾਰੀ ਕੀਤਾ ਸੀ। ‘ਆਪ’ ਸਰਕਾਰ ਨੇ ਇਸ ਨੂੰ ਸੇਵਾਵਾਂ ਦੇ ਕੰਟਰੋਲ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਨਾਲ ਧੋਖਾ ਕਰਾਰ ਦਿੱਤਾ ਸੀ। ਸੁਪਰੀਮ ਕੋਰਟ ਵੱਲੋਂ ਦਿੱਲੀ ਵਿੱਚ ਪੁਲਿਸ, ਪਬਲਿਕ ਆਰਡਰ ਅਤੇ ਜ਼ਮੀਨ ਨੂੰ ਛੱਡ ਕੇ ਬਾਕੀ ਸੇਵਾਵਾਂ ਦਾ ਕੰਟਰੋਲ ਚੁਣੀ ਹੋਈ ਸਰਕਾਰ ਨੂੰ ਸੌਂਪੇ ਜਾਣ ਤੋਂ ਇਕ ਹਫ਼ਤੇ ਬਾਅਦ ਇਹ ਆਰਡੀਨੈਂਸ ਜਾਰੀ ਕੀਤਾ ਗਿਆ ਸੀ।