Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਣੀ ਤੇ ਵਾਤਾਵਰਨ ਦੀ ਸੰਭਾਲ ਲਈ ਵਿਆਪਕ ਲੋਕ ਲਹਿਰ ਵਿੱਢਣ ਦਾ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਣੀ ਤੇ ਵਾਤਾਵਰਨ ਦੀ ਸੰਭਾਲ ਲਈ ਵਿਆਪਕ ਲੋਕ ਲਹਿਰ ਵਿੱਢਣ ਦਾ ਸੱਦਾ

ਪੌਦਾ ਲਗਾ ਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਲਈ ਪ੍ਰੇਰਿਆ
ਮੁਹਾਲੀ : ਪੰਜਾਬ ਵਿੱਚ ਆਉਣ ਵਾਲੀਆਂ ਨਸਲਾਂ ਨੂੰ ਚਿਰ ਸਥਾਈ ਤੇ ਸਵੱਛ ਵਾਤਾਵਰਨ ਮੁਹੱਈਆ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀ ਅਤੇ ਵਾਤਾਵਰਨ ਸੰਭਾਲ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ। ਉਹ ਮੁਹਾਲੀ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਸੈਕਟਰ-81 ਸਥਿਤ ਨਾਲਿਜ ਸਿਟੀ ਵਿੱਚ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ (ਪੀਬੀਟੀਆਈ) ਵਿਸ਼ਵ ਪੱਧਰੀ ਉਪਕਰਨਾਂ ਵਾਲੀ ਨਵੀਂ ਬਣੀ ਅਤਿ-ਆਧੁਨਿਕ ਇਮਾਰਤ ਲੋਕਾਂ ਨੂੰ ਸਮਰਪਿਤ ਕੀਤੀ ਅਤੇ ਆਪਣੇ ਹੱਥੀਂ ਇੱਕ ਪੌਦਾ ਲਗਾ ਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਲਈ ਪ੍ਰੇਰਿਆ। ਵਾਤਾਵਰਨ ਦੇ ਮਸਲਿਆਂ ਨੂੰ ਅੱਖੋਂ-ਪਰੋਖੇ ਕਰਨ ਲਈ ਵਿਰੋਧੀ ਪਾਰਟੀਆਂ ਦੀ ਨਿਖੇਧੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਾਣੀ, ਹਵਾ ਅਤੇ ਧਰਤੀ ਦੀ ਕੋਈ ਵੋਟ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਆਪਣੇ ਨਹਿਰੀ ਪਾਣੀ ਦਾ ਸਿਰਫ਼ 33-34 ਫੀਸਦੀ ਹੀ ਵਰਤ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਜੇਕਰ ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 60 ਫੀਸਦੀ ਤੱਕ ਵਧਾ ਲੈਂਦਾ ਹੈ ਤਾਂ ਕੁੱਲ 14 ਲੱਖ ਟਿਊਬਵੈੱਲਾਂ ‘ਚੋਂ ਲਗਪਗ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਦੇ ਹਨ। ਇਸ ਨਾਲ ਵੱਡੀ ਮਾਤਰਾ ਵਿੱਚ ਪਾਣੀ ਦੀ ਬੱਚਤ ਕਰਨ ਵਿੱਚ ਮਦਦ ਮਿਲੇਗੀ। ਇਸ ਮੌਕੇ ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਪੁਰਸਕਾਰ ਦੇ ਪਹਿਲੇ ਐਡੀਸ਼ਨ ਵਿੱਚ ਚਾਰ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ। ਗਰਾਮ ਪੰਚਾਇਤ ਸ਼੍ਰੇਣੀ ਵਿੱਚ ਗਰਾਮ ਪੰਚਾਇਤ ਪਿੰਡ ਬੱਲੋ (ਬਠਿੰਡਾ), ਸੰਸਥਾ ਸ਼੍ਰੇਣੀ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਉਦਯੋਗ ਸ਼੍ਰੇਣੀ ਵਿੱਚ ਆਈਟੀਸੀ ਲਿਮਟਿਡ (ਫੂਡ ਡਿਵੀਜ਼ਨ) ਕਪੂਰਥਲਾ ਅਤੇ ਐੱਨਜੀਓ/ਸਮਾਜਿਕ ਸੰਗਠਨ ਸ਼੍ਰੇਣੀ ਵਿੱਚ ਖੇਤ ਵਿਰਾਸਤ ਮਿਸ਼ਨ, ਜੈਤੋ (ਫਰੀਦਕੋਟ) ਸ਼ਾਮਲ ਹਨ। ਵਾਤਾਵਰਨ ਸੰਭਾਲ ਲਈ 50 ਕਰੋੜ ਜਾਰੀ : ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਵਾਤਾਵਰਨ ਸੰਭਾਲ ਦੇ ਵੱਖ-ਵੱਖ ਕਾਰਜਾਂ ਲਈ 50 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ ਜਿਸ ਤਹਿਤ ਸਥਾਨਕ ਸਰਕਾਰਾਂ ਵਿਭਾਗ (45.45 ਕਰੋੜ ਰੁਪਏ), ਪੰਚਾਇਤ ਵਿਭਾਗ (3.92 ਕਰੋੜ ਰੁਪਏ) ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (63 ਲੱਖ ਰੁਪਏ) ਨੂੰ ਇਹ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿੱਚ ਇਲੈਕਟ੍ਰਾਨਿਕ ਗੈਲਰੀ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀਐਸਸੀਐਸਟੀ) ਦੀ ਤਕਨੀਕੀ ਅਤੇ ਵਿੱਤੀ ਸਹਾਇਤਾ ਨਾਲ ਤਿਆਰ ਕੀਤੇ ਝੋਨੇ ਦੀ ਪਰਾਲੀ ਆਧਾਰਿਤ ਪੈਲੇਟਾਈਜੇਸ਼ਨ ਯੂਨਿਟ (ਪਟਿਆਲਾ) ਦਾ ਵੀ ਉਦਘਾਟਨ ਕੀਤਾ।
ਮੁਹਾਲੀ : ਖੇਤੀ ਵਿਰਾਸਤ ਮਿਸ਼ਨ ਨੂੰ ਵਿਸ਼ਵ ਵਾਤਾਵਰਣ ਦਿਵਸ ਦੇ ਅਵਸਰ ‘ਤੇ ਮੁਹਾਲੀ ਵਿਚ ਸੂਬਾ ਪੱਧਰੀ ਸਮਾਗਮ ਦੌਰਾਨ ਵਾਤਾਵਰਣ ਦੇ ਲਈ ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਲਾਨਾ ਵਾਤਾਵਰਣ ਐਵਾਰਡ 2023 ਮਿਲਿਆ ਹੈ। ਖੇਤੀ ਵਿਰਾਸਤ ਮਿਸ਼ਨ ਨੂੰ ਸਮਾਜਿਕ ਸੰਗਠਨ ਦੀ ਸ਼੍ਰੇਣੀ ਦੇ ਤਹਿਤ ਜੈਵਿਕ ਖੇਤੀ ਅਤੇ ਮਿਲੇਟਸ ਨੂੰ ਉਤਸ਼ਾਹਿਤ ਕਰਨ ਲਈ ਪਿਛਲੇ 20 ਸਾਲਾਂ ਦੇ ਆਪਣੇ ਕੰਮਾਂ ਲਈ ਪੰਜਾਬ ਸਰਕਾਰ ਵਲੋਂ ਮਾਨਤਾ ਪ੍ਰਾਪਤ ਹੋਈ ਹੈ। ਇਹ ਐਵਾਰਡ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰਦਾਨ ਕੀਤਾ ਗਿਆ, ਜਿਸ ਵਿਚ ਪ੍ਰਸੰਸਾ ਪੱਤਰ, ਚਾਂਦੀ ਦੀ ਥਾਲੀ ਅਤੇ ਇਕ ਲੱਖ ਰੁਪਏ ਦਾ ਨਕਦ ਪੁਰਸਕਾਰ ਸ਼ਾਮਲ ਹੈ। ਇਸ ਸਮਾਗਮ ‘ਚ ਖੇਤੀ ਵਿਰਾਸਤ ਮਿਸ਼ਨ ਵਲੋਂ ਉਮੇਂਦਰ ਦੱਤ, ਰੂਪਸੀ ਗਰਗ ਅਤੇ ਵਰੁਣ ਗਿਰੀ ਨੇ ਐਵਾਰਡ ਪ੍ਰਾਪਤ ਕੀਤਾ। ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਸਾਇੰਸ ਅਤੇ ਤਕਨਾਲੋਜੀ ਮੰਤਰੀ ਮੀਤ ਹੇਅਰ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਖੇਤੀ ਵਿਰਾਸਤ ਮਿਸ਼ਨ ਪਿਛਲੇ 20 ਸਾਲਾਂ ਤੋਂ ਪੰਜਾਬ, ਹਰਿਆਣਾ ਸਣੇ ਪੂਰੇ ਉਤਰ ਭਾਰਤ ਵਿਚ ਮਿਲੇਟਸ ਦੀ ਖੇਤੀ ਤੇ ਉਸਦੇ ਪ੍ਰਚਾਰ ਪ੍ਰਸਾਰ ਅਤੇ ਜੈਵਿਕ ਖੇਤੀ ਦੇ ਖੇਤਰ ਵਿਚ ਸੇਵਾ ਲਈ ਕੰਮ ਕਰ ਰਿਹਾ ਹੈ।

 

Check Also

ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ

ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …