ਐਸਸੀ ਜਾਤੀ ਦਾ ਝੂਠਾ ਸਰਟੀਫਿਕੇਟ ਦੇ ਸਰਕਾਰੀ ਨੌਕਰੀ ਕਰਨ ਦਾ ਲੱਗਿਆ ਆਰੋਪ
ਜਲੰਧਰ/ਬਿਊਰੋ ਨਿਊਜ਼ : ਪੰਜਾਬੀ ਗਾਇਕ ਅੰਮਿ੍ਰਤ ਮਾਨ ਦੇ ਪਿਤਾ ਸਰਬਜੀਤ ਸਿੰਘ ਮਾਨ ਫਰਜੀ ਐਸਸੀ ਸਰਟੀਫਿਕੇਟ ਨੂੰ ਲੈ ਕੇ ਵਿਵਾਦਾਂ ’ਚ ਘਿਰ ਗਏ ਹਨ। 34 ਸਾਲ ਸਿੱਖਿਆ ਵਿਭਾਗ ’ਚ ਸੇਵਾਵਾਂ ਦੇਣ ਵਾਲੇ ਸਰਬਜੀਤ ਸਿੰਘ ਮਾਨ ਦੇ ਮਾਮਲੇ ’ਚ ਐਸ ਸੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਉਨ੍ਹਾਂ ਦੇ ਸਰਵਿਸ ’ਚ ਆਉਣ ਤੋਂ ਲੈ ਕੇ ਰਿਟਾਇਰਮੈਂਟ ਤੱਕ ਦੇ ਸਾਰੇ ਦਸਤਾਵੇਜ਼ ਵੀ ਅਧਿਕਾਰੀਆਂ ਨੂੰ ਪੇਸ਼ ਕਰਨ ਲਈ ਕਿਹਾ ਗਿਆ ਹੈ। ਫਰਜੀ ਐਸਸੀ ਸਰਟੀਫਿਕੇਟ ਦੇ ਕੇ ਨੌਕਰੀਆਂ ਹਾਸਲ ਦਾ ਮੁੱਦਾ ਪਿਛਲੇ ਕਾਫ਼ੀ ਦਿਨਾਂ ਤੋਂ ਪੰਜਾਬ ਅੰਦਰ ਭਖਿਆ ਹੋਇਆ। ਇਸੇ ਦੌਰਾਨ ਪੰਜਾਬੀ ਦੇ ਮਸ਼ਹੂਰ ਗਾਇਕ ਅੰਮਿ੍ਰਤ ਮਾਨ ਦੇ ਪਿਤਾ ਸਰਬਜੀਤ ਸਿੰਘ ਮਾਨ ਦਾ ਨਾਂ ਵੀ ਇਸ ਮਾਮਲੇ ਵਿਚ ਸਾਹਮਣੇ ਆਇਆ ਹੈ ਅਤੇ ਉਨ੍ਹਾਂ ਵੀ ਸਿੱਖਿਆ ਵਿਭਾਗ ’ਚ ਐਸ ਸੀ ਸਰਟੀਫਿਕੇਟ ਦੇ ਆਧਾਰ ’ਤੇ ਨੌਕਰੀ ਹਾਸਲ ਕੀਤੀ ਸੀ। ਐਸ ਸੀ ਕਮਿਸ਼ਨ ਨੇ ਸ਼ੋਸ਼ਲ ਮੀਡੀਆ ’ਤੇ ਚੱਲ ਰਹੀ ਚਰਚਾ ’ਤੇ ਐਕਸ਼ਨ ਲੈਂਦਿਆਂ ਨੋਟਿਸ ਜਾਰੀ ਕਰ ਦਿੱਤਾ ਹੈ। ਐਸ ਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ ਕਿ ਉਨ੍ਹਾਂ ਚੱਲ ਰਹੀਆਂ ਖ਼ਬਰਾਂ ਦੇ ਆਧਾਰ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਅਤੇ ਸਮਾਜਿਕ ਨਿਆਂ ਵਿਭਾਗ ਦੇ ਸਕੱਤਰ ਨੂੰ ਨੋਟਿਸ ਜਾਰੀ ਕਰਕੇ ਸਰਬਜੀਤ ਸਿੰਘ ਬਾਰੇ ਜਾਣਕਾਰੀ ਮੰਗੀ ਹੈ। ਸਾਂਪਲਾ ਨੇ ਕਿਹਾ ਕਿ ਦੋਵੇਂ ਅਧਿਕਾਰੀਆਂ ਨੂੰ ਜਾਂਚ ਕਰਕੇ ਸਾਰੀ ਜਾਣਕਾਰੀ 15 ਦਿਨਾਂ ਦੇ ਅੰਦਰ-ਅੰਦਰ ਦੇਣ ਲਈ ਕਿਹਾ ਗਿਆ ਹੈ।