ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਦੀ ਕੀਤੀ ਆਲੋਚਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪੈਟਰੋਲ ਦੀ ਕੀਮਤ ਵਿੱਚ 92 ਪੈਸੇ ਤੇ ਡੀਜ਼ਲ ਦੀ ਕੀਮਤ ਵਿਚ 88 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਹੈ। ਇਸ ਵਾਧੇ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਭਗਵੰਤ ਮਾਨ ਸਰਕਾਰ ਦੀ ਜੰਮ ਕੇ ਆਲੋਚਨਾ ਕੀਤੀ ਹੈ। ਜ਼ਿਕਰਯੋਗ ਹੈ ਕਿ ‘ਆਪ’ ਸਰਕਾਰ ਨੇ ਮੌਜੂਦਾ ਸਾਲ ਵਿੱਚ ਦੂਜੀ ਵਾਰ ਤੇਲ ਕੀਮਤਾਂ ਵਧਾਈਆਂ ਹਨ। ਇਸਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ;ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਧਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਹੁਣ ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਹੋਰਨਾਂ ਸੂਬਿਆਂ ਤੋਂ ਮਹਿੰਗਾ ਹੋ ਗਿਆ ਹੈ। ਸੁਖਬੀਰ ਨੇ ਕਿਹਾ ਕਿ ‘ਆਪ’ ਸਰਕਾਰ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖਰਚ ਕਰ ਰਹੀ ਅਤੇ ਸਮਾਜ ਭਲਾਈ ਦੀਆਂ ਸਕੀਮਾਂ ਵਿਚ ਕਟੌਤੀ ਕਰ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਧਾਉਣਾ ‘ਆਪ’ ਸਰਕਾਰ ਦਾ ਲੋਕ ਵਿਰੋਧੀ ਫੈਸਲਾ ਹੈ। ਇਸੇ ਤਰ੍ਹਾਂ ਪ੍ਰਤਾਪ ਸਿੰਘ ਬਾਜਵਾ ਨੇ ਵੀ ‘ਆਪ’ ਸਰਕਾਰ ਦੇ ਫੈਸਲੇ ਨੂੰ ਲੋਕ ਵਿਰੋਧੀ ਦੱਸਿਆ ਹੈ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੇ ਖਿਲਾਫ ਪੰਜਾਬ ਵਿਚ ਰੋਸ ਮੁਜ਼ਾਹਰੇ ਕੀਤੇ ਜਾਣਗੇ। ਮਿਲੀ ਜਾਣਕਾਰੀ ਅਨੁਸਾਰ ਵਿੱਤ ਵਿਭਾਗ ਵਿਚਲੇ ਸੂਤਰਾਂ ਦਾ ਕਹਿਣਾ ਹੈ ਕਿ ਤੇਲ ਕੀਮਤਾਂ ਵਿੱਚ ਇਸ ਵਾਧੇ ਦੇ ਬਾਵਜੂਦ ਗੁਆਂਢੀ ਸੂਬੇ ਹਰਿਆਣਾ ਨਾਲੋਂ ਪੰਜਾਬ ਵਿੱਚ ਡੀਜ਼ਲ ਅਜੇ ਵੀ ਸਸਤਾ ਹੈ ਅਤੇ ਰਾਜਸਥਾਨ ਦੇ ਮੁਕਾਬਲੇ ਵੀ ਪੰਜਾਬ ਵਿੱਚ ਪੈਟਰੋਲ ਤੇ ਡੀਜ਼ਲ ਸਸਤਾ ਹੈ।