ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਘਿਰੇ ਹਨ ਚੰਨੀ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਘਿਰ ਚੁੱਕੇ ਹਨ। ਇਸ ਮਾਮਲੇ ਵਿਚ ਚੰਨੀ ਅੱਜ ਮੁੜ ਮੁਹਾਲੀ ਵਿਖੇ ਵਿਜੀਲੈਂਸ ਦਫਤਰ ਪਹੁੰਚੇ ਅਤੇ ਜਾਂਚ ਵਿੱਚ ਸ਼ਾਮਲ ਹੋਏ। ਚੰਨੀ ਸਵੇਰੇ ਕਰੀਬ ਸਾਢੇ 10 ਵਜੇ ਵਿਜੀਲੈਂਸ ਭਵਨ ਪਹੁੰਚ ਗਏ ਸਨ। ਧਿਆਨ ਰਹੇ ਕਿ ਸਾਬਕਾ ਮੁੱਖ ਮੰਤਰੀ ਚੰਨੀ ਇਸਦਾ ਪਹਿਲਾਂ ਵੀ ਵਿਰੋਧ ਕਰ ਚੁੱਕੇ ਹਨ ਅਤੇ ਕਹਿੰਦੇ ਹਨ ਕਿ ਵਿਜੀਲੈਂਸ ਵਲੋਂ ਉਨ੍ਹਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਵਿਜੀਲੈਂਸ ਨੇ ਲੰਘੇ ਜਨਵਰੀ ਮਹੀਨੇ ਵਿਚ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜਾਂਚ ਸ਼ੁਰੂ ਕੀਤੀ ਸੀ। ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ ਸੰਮਣ ਭੇਜ ਕੇ ਪੁੱਛਗਿੱਛ ਲਈ ਤਲਬ ਕੀਤਾ ਸੀ। ਉਸ ਸਮੇਂ ਚੰਨੀ ਇਕੱਲੇ ਹੀ ਵਿਜੀਲੈਂਸ ਅੱਗੇ ਪੇਸ਼ ਹੋਏ ਸਨ। ਵਿਜੀਲੈਂਸ ਨੇ ਉਸ ਸਮੇਂ ਸਾਬਕਾ ਸੀਐਮ ਚੰਨੀ ਨੂੰ 50 ਸਵਾਲਾਂ ਦਾ ਪ੍ਰੋਫਾਰਮਾ ਦਿੱਤਾ ਸੀ, ਜਿਸ ਨੂੰ ਉਨ੍ਹਾਂ ਨੇ ਭਰ ਕੇ ਦੇਣਾ ਸੀ।