ਕਿਹਾ : ਬੀਬੀਐਮਬੀ ਦੇ ਨਾਲ-ਨਾਲ ਚੰਡੀਗੜ੍ਹ ’ਚ ਵੀ ਹਿਮਾਚਲ ਦੀ ਹਿੱਸੇਦਾਰੀ
ਸ਼ਿਮਲਾ/ਬਿਊਰੋ ਨਿਊਜ਼
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਬੀਬੀਐਮਬੀ (ਭਾਖੜਾ-ਬਿਆਸ ਮੈਨੇਜਮੈਂਟ ਬੋਰਡ) ਦੇ ਨਾਲ-ਨਾਲ ਚੰਡੀਗੜ੍ਹ ਵਿਚ ਵੀ ਹਿਮਾਚਲ ਪ੍ਰਦੇਸ਼ ਦੀ ਹਿੱਸੇਦਾਰੀ ਹੈ। ਇਹ ਗੱਲ ਸੁਖਵਿੰਦਰ ਸੁੱਖੂ ਨੇ ਸ਼ਿਮਲਾ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਹੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਵਿਸ਼ੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਹੋਰ ਸੂਬਿਆਂ ਨਾਲ ਵੀ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਹਿਮਾਚਲੀ ਹਿੱਤਾਂ ਦੀ ਪੈਰਵਾਈ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸਦਾ ਲਾਭ ਮਿਲੇ। ਕੇਂਦਰ ਸਰਕਾਰ ਵਲੋਂ ਹਿਮਾਚਲ ਨੂੰ ਬੀਬੀਐਮਬੀ ’ਚੋਂ ਪਾਣੀ ਦੇਣ ਲਈ ਐਨਓਸੀ ਦੀ ਸ਼ਰਤ ਹਟਾਉਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਸਬੰਧੀ ਸੁਖਵਿੰਦਰ ਸੁੱਖੂ ਨੇ ਕਿਹਾ ਕਿ ਉਹ ਇਸ ਮਸਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਪਹਿਲਾਂ ਪੰਜਾਬ ਦਾ ਹਿੱਸਾ ਸੀ ਅਤੇ ਭਾਰਤ ਸਰਕਾਰ ਨੇ ਬੀਬੀਐਮਬੀ ਨੂੰ ਬਣਾਇਆ ਸੀ। ਇਸ ਤੋਂ ਬਾਅਦ ਜਦੋਂ ਪੰਜਾਬ ਨਾਲੋਂ ਹਿਮਾਚਲ ਵੱਖ ਹੋਇਆ ਤਾਂ ਚੰਡੀਗੜ੍ਹ ਅਤੇ ਬੀਬੀਐਮਬੀ ਵਿਚ ਹਿੱਸੇਦਾਰੀ ਤੈਅ ਕੀਤੀ ਗਈ। ਇਸ ਤਰ੍ਹਾਂ ਇਨ੍ਹਾਂ ਵਿਚ ਵੀ ਹਿਮਾਚਲ ਦੀ ਹਿੱਸੇਦਾਰੀ ਹੈ। ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਕਿਹਾ ਕਿ ਬੀਬੀਐਮਬੀ ਦੇ ਮਾਮਲੇ ਨੂੰ ਉਹ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਕੇਂਦਰ ਸਰਕਾਰ ਕੋਲ ਮੁੜ ਉਠਾਉਣਗੇ। ਉਨ੍ਹਾਂ ਕਿਹਾ ਕਿ ਹਿਮਾਚਲ ਕੋਲ ਪਾਣੀ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਹੈ। ਕੱਚੇ ਮਾਲ ਦੀ ਅਣਹੋਂਦ ਕਾਰਨ ਵੱਡੇ ਉਦਯੋਗ ਹਿਮਾਚਲ ’ਚ ਨਹੀਂ ਆ ਸਕਦੇ, ਜਿਸ ਕਾਰਨ ਵਾਟਰ ਸੈਸ ਲਗਾਉਣ ਦਾ ਫੈਸਲਾ ਲਿਆ ਗਿਆ ਹੈ।