ਨਵੀਂ ਦਿੱਲੀ : ਨਵੀਂ ਦਿੱਲੀ ‘ਚ ਪ੍ਰਦਰਸ਼ਨਕਾਰੀ ਮਹਿਲਾ ਪਹਿਲਵਾਨਾਂ ਦੇ ਹੱਕ ਵਿੱਚ ਪਹਿਲੀ ਕੌਮੀ ਮਹਿਲਾ ਪੰਚਾਇਤ ਹੋਈ ਜਿਸ ਵਿੱਚ ਸੈਂਕੜੇ ਮਹਿਲਾਵਾਂ ਸ਼ਾਮਲ ਹੋਈਆਂ। ਇਸ ਮੌਕੇ ਪਹਿਲਵਾਨ ਸਾਕਸ਼ੀ ਮਲਿਕ ਦੀ ਮਾਤਾ ਸੁਦੇਸ਼ ਮਲਿਕ ਸਣੇ ਹਰਿਆਣਾ ਦੀਆਂ ਕਈ ਮਹਿਲਾ ਖਿਡਾਰੀਆਂ ਤੇ ਕਾਰਕੁਨਾਂ ਨੇ ਸ਼ਿਰਕਤ ਕੀਤੀ। ਪੰਚਾਇਤ ਵਿੱਚ ਦਿੱਲੀ ਤੇ ਰਾਜਸਥਾਨ ਦੀਆਂ ਮਹਿਲਾ ਕਾਰਕੁਨਾਂ ਨੇ ਪਹਿਲਵਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਅਤੇ ਉਨ੍ਹਾਂ ਲਈ ਇਨਸਾਫ ਦੀ ਮੰਗ ਕੀਤੀ। ਪੰਚਾਇਤ ਵਿੱਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਫੌਰੀ ਗ੍ਰਿਫ਼ਤਾਰੀ, ਜਿਨਸੀ ਸ਼ੋਸ਼ਣ ਦੇ ਗੰਭੀਰ ਮਾਮਲਿਆਂ ਵਿੱਚ ਕਾਰਵਾਈ ਕਰਨ ਵਿੱਚ ਨਾਕਾਮੀ ਲਈ ਖੇਡ ਮੰਤਰੀ ਅਨੁਰਾਗ ਠਾਕੁਰ ਦੇ ਅਸਤੀਫੇ, ਐਫਆਈਆਰ ਦਰਜ ਕਰਨ ਤੇ ਪੋਕਸੋ ਦੀਆਂ ਧਾਰਾਵਾਂ ਦਾ ਪਾਲਣ ਕਰਨ ‘ਚ ਫੇਲ੍ਹ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ, ਗਵਾਹਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਧਮਕਾਉਣ ਦੇ ਮੱਦੇਨਜ਼ਰ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ‘ਚ ਕੀਤੇ ਜਾਣ, ਜਿਨਸੀ ਸ਼ੋਸ਼ਣ ਖਿਲਾਫ ਇਨਸਾਫ ਲਈ ਸੰਘਰਸ਼ ਕਰ ਰਹੀਆਂ ਮਹਿਲਾ ਖਿਡਾਰੀਆਂ ਦੇ ਸਾਰੇ ਮਾਮਲਿਆਂ ਵਿੱਚ ਕਾਰਵਾਈ ਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੀ ਪ੍ਰਧਾਨ ਮਹਿਲਾ ਬਣਾਉਣ ਆਦਿ ਮੰਗਾਂ ਚੁੱਕੀਆਂ ਗਈਆਂ ਹਨ।