1 C
Toronto
Thursday, December 18, 2025
spot_img
Homeਭਾਰਤਗਡਕਰੀ ਵੱਲੋਂ ਜਲੰਧਰ-ਹੁਸ਼ਿਆਰਪੁਰ ਸੜਕ ਮੁਕੰਮਲ ਕਰਨ ਦਾ ਭਰੋਸਾ

ਗਡਕਰੀ ਵੱਲੋਂ ਜਲੰਧਰ-ਹੁਸ਼ਿਆਰਪੁਰ ਸੜਕ ਮੁਕੰਮਲ ਕਰਨ ਦਾ ਭਰੋਸਾ

ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਭਗਵੰਤ ਮਾਨ ਨੇ ਕੀਤੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਜਲੰਧਰ-ਹੁਸ਼ਿਆਰਪੁਰ ਰੋਡ ਖਾਸ ਕਰਕੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਲਈ ਦਖਲ ਦੇਣ ਲਈ ਕਿਹਾ। ਮੁੱਖ ਮੰਤਰੀ ਨੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਸਮੇਤ ਨਵੀਂ ਦਿੱਲੀ ਵਿਖੇ ਨਿਤਿਨ ਗਡਕਰੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਗਡਕਰੀ ਨੂੰ ਉਸ ਪ੍ਰਾਜੈਕਟ ਬਾਰੇ ਜਾਣੂੰ ਕਰਵਾਇਆ, ਜੋ ਲੰਬੇ ਸਮੇਂ ਤੋਂ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ ਅਤੇ ਉਹ ਕੰਮ ਦੀ ਰਫਤਾਰ ਦੀ ਖ਼ੁਦ ਨਿਗਰਾਨੀ ਕਰਨਗੇ।
ਮੁੱਖ ਮੰਤਰੀ ਅਤੇ ਗਡਕਰੀ ਨੇ ਦਿੱਲੀ ਕੱਟੜਾ ਐਕਸਪ੍ਰੈਸਵੇਅ ਦੇ ਨਿਰਮਾਣ ਦਾ ਵੀ ਜਾਇਜ਼ਾ ਲਿਆ। ਦੋਵੇਂ ਆਗੂਆਂ ਨੇ ਇਸ ਪ੍ਰਾਜੈਕਟ ‘ਤੇ ਕੰਮ ਵਿੱਚ ਤੇਜ਼ੀ ਲਿਆਉਣ ‘ਤੇ ਸਹਿਮਤੀ ਪ੍ਰਗਟਾਈ, ਜੋ ਸੂਬੇ ਦੀ ਆਰਥਿਕਤਾ ਲਈ ਵੱਡਾ ਹੁਲਾਰਾ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਰਾਜਮਾਰਗ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ ‘ਤੇ ਮੱਥਾ ਟੇਕਣ ਜਾਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਮੁਹੱਈਆ ਕਰੇਗਾ। ਮੁੱਖ ਮੰਤਰੀ ਨੇ ਗਡਕਰੀ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਛੇਤੀ ਹੀ ਸੂਬੇ ਵਿੱਚ ਸੜਕ ਸੁਰੱਖਿਆ ਫੋਰਸ ਦਾ ਗਠਨ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਫੋਰਸ ਜਿੱਥੇ ਸੜਕ ਹਾਦਸਿਆਂ ਨੂੰ ਰੋਕਣ ਵਿੱਚ ਮਦਦ ਕਰੇਗੀ, ਉੱਥੇ ਹੀ ਸੂਬੇ ਵਿੱਚ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇਗਾ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਕੋਲ ਨੈਸ਼ਨਲ ਹਾਈਵੇਅ ਦੇ ਟੌਲ ਪਲਾਜ਼ਾ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਮੁੱਦੇ ਨੂੰ ਉਠਾਉਂਦਿਆਂ ਕਿਹਾ ਕਿ ਜਨਤਕ ਹਿੱਤਾਂ ਵਿੱਚ ਇਨ੍ਹਾਂ ਨੂੰ ਕੰਟਰੋਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਟੌਲ ਪਲਾਜ਼ਿਆਂ ਨੂੰ ਲੋਕਾਂ ਤੋਂ ਮਨਮਰਜ਼ੀ ਦੀ ਰਕਮ ਵਸੂਲਣ ਦੀ ਖੁੱਲ੍ਹ ਨਹੀਂ ਦਿੱਤੀ ਜਾਣੀ ਚਾਹੀਦੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਲੁੱਟ ਨੂੰ ਰੋਕਣਾ ਸਮੇਂ ਦੀ ਲੋੜ ਹੈ।

RELATED ARTICLES
POPULAR POSTS