8 C
Toronto
Wednesday, October 29, 2025
spot_img
Homeਪੰਜਾਬਦਿੱਲੀ-ਕੱਟੜਾ ਐਕਸਪ੍ਰੈੱਸ ਵੇਅ : ਕਿਸਾਨਾਂ ਦੇ ਵਿਰੋਧ ਕਾਰਨ ਪ੍ਰਾਜੈਕਟ ਰੱਦ ਹੋਣ ਦੇ...

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ : ਕਿਸਾਨਾਂ ਦੇ ਵਿਰੋਧ ਕਾਰਨ ਪ੍ਰਾਜੈਕਟ ਰੱਦ ਹੋਣ ਦੇ ਆਸਾਰ

ਬਟਾਲਾ/ਬਿਊਰੋ ਨਿਊਜ਼ : ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐੱਨਐੱਚਏਆਈ) ਵੱਲੋਂ ਐਕੁਆਇਰ ਕੀਤੀ ਜਾ ਰਹੀ ਜ਼ਮੀਨ ਸਬੰਧੀ ਕੁਝ ਕਿਸਾਨ ਜਥੇਬੰਦੀਆਂ ਦੇ ਵਿਰੋਧ ਕਾਰਨ ਐੱਨਐੱਚਏਆਈ ਇਸ ਪ੍ਰਾਜੈਕਟ ਨੂੰ ਵਾਪਸ ਲੈਣ ‘ਤੇ ਵਿਚਾਰ ਕਰ ਰਹੀ ਹੈ। ਜੇਕਰ ਇਹ ਪ੍ਰਾਜੈਕਟ ਰੱਦ ਹੁੰਦਾ ਹੈ ਤਾਂ ਜਿਨ੍ਹਾਂ ਕਿਸਾਨਾਂ ਨੇ ਮੁਆਵਜ਼ਾ ਰਾਸ਼ੀ ਲੈ ਲਈ ਹੈ, ਉਨ੍ਹਾਂ ਨੂੰ ਇਹ ਰਾਸ਼ੀ ਵਾਪਸ ਕਰਨੀ ਪਵੇਗੀ। ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਨੇ ਦੱਸਿਆ ਕਿ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਬੇਲੋੜਾ ਵਿਵਾਦ ਖੜ੍ਹਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਐੱਨਐੱਚਏਆਈ ਨੇ ਪ੍ਰੇਸ਼ਾਨ ਹੋ ਕੇ ਇਸ ਪ੍ਰਾਜੈਕਟ ਨੂੰ ਰੱਦ ਕਰਨ ਲਈ ਇਕ ਪੱਤਰ ਦਿੱਲੀ ਮੁੱਖ ਦਫ਼ਤਰ ਭੇਜਿਆ ਹੈ। ਉਨ੍ਹਾਂ ਦੱਸਿਆ ਕਿ 75 ਫੀਸਦ ਕਿਸਾਨਾਂ ਨੂੰ ਜ਼ਮੀਨਾਂ ਦੇ ਮੁਆਵਜ਼ੇ ਮਿਲ ਚੁੱਕੇ ਹਨ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ, ਪੰਜਾਬ ਅਤੇ ਦੇਸ਼ ਹਿੱਤ ਲਈ ਕੰਮ ਵਿੱਚ ਅੜਿੱਕਾ ਨਾ ਪਾਉਣ ਅਤੇ ਜਿਥੇ ਵੀ ਜ਼ਮੀਨ ਦੀ ਕੀਮਤ ਘੱਟ ਮਿਲਣ ਸਬੰਧੀ ਸ਼ੰਕੇ ਹਨ ਉਹ ਮਿਲ ਬੈਠ ਕੇ ਹੱਲ ਕੀਤੇ ਜਾ ਸਕਦੇ ਹਨ। ਇਸ ਪ੍ਰਾਜੈਕਟ ਲਈ ਜ਼ਮੀਨਾਂ ਦੇਣ ਵਾਲੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜ਼ਮੀਨ ਦੇਣ ਵਿੱਚ ਕੋਈ ਇਤਰਾਜ਼ ਨਹੀਂ ਹੈ, ਪਰ ਕੁਝ ਕਿਸਾਨ ਜਥੇਬੰਦੀਆਂ ਜਾਣ-ਬੁੱਝ ਕੇ ਅਜਿਹਾ ਮਾਹੌਲ ਸਿਰਜ ਰਹੀਆਂ ਹਨ, ਜਿਸ ਦਾ ਕਿਸਾਨਾਂ ਨੂੰ ਵੀ ਨੁਕਸਾਨ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਕੱਟੜਾ ਹਾਈਵੇ ਸ੍ਰੀ ਹਰਗੋਬਿੰਦਪੁਰ ਨੇੜਿਓਂ ਹਰਚੋਵਾਲ, ਗੁਰਦਾਸਪੁਰ ਤੋਂ ਹੁੰਦਾ ਹੋਇਆ ਅੱਗੇ ਜੰਮੂ ਨੂੰ ਲੱਗਣਾ ਹੈ।

RELATED ARTICLES
POPULAR POSTS