Breaking News
Home / ਪੰਜਾਬ / ਭਗਵੰਤ ਮਾਨ ਨੂੰ ਵੀ ਜੱਫੀ ਪਾਉਣ ਲਈ ਤਿਆਰ ਹਾਂ: ਨਵਜੋਤ ਸਿੱਧੂ

ਭਗਵੰਤ ਮਾਨ ਨੂੰ ਵੀ ਜੱਫੀ ਪਾਉਣ ਲਈ ਤਿਆਰ ਹਾਂ: ਨਵਜੋਤ ਸਿੱਧੂ

ਮੁੱਖ ਮੰਤਰੀ ਨੂੰ ਪੰਜਾਬ ਦੇ ਮੁੱਦਿਆਂ ‘ਤੇ ਬਹਿਸ ਦੀ ਦਿੱਤੀ ਚੁਣੌਤੀ
ਸੰਗਰੂਰ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਦਿਆਂ ‘ਤੇ ਬਹਿਸ ਦੀ ਚੁਣੌਤੀ ਦਿੱਤੀ ਹੈ। ਨਵਜੋਤ ਸਿੱਧੂ ਸੰਗਰੂਰ ਵਿਖੇ ਪੰਚਾਇਤ ਯੂਨੀਅਨ ਪੰਜਾਬ ਵੱਲੋਂ ਸਰਕਾਰ ਖ਼ਿਲਾਫ਼ ਕੀਤੀ ਗਈ ਸੂਬਾ ਪੱਧਰੀ ਰੋਸ ਰੈਲੀ ਨੂੰ ਸੰਬੋਧਨ ਕਰ ਰਹੇ ਸਨ।
ਇਸ ਰੈਲੀ ਦੌਰਾਨ ਨਵਜੋਤ ਸਿੱਧੂ ਨੇ ਮੁੱਖ ਮੰਤਰੀ ‘ਤੇ ਤਨਜ਼ ਵੀ ਕਸੇ ਅਤੇ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਦੋ ਸੌ ਸਵਾਲ ਕਰ ਚੁੱਕੇ ਹਨ ਪਰ ਕੋਈ ਜਵਾਬ ਨਹੀਂ ਆਇਆ। ਉਨ੍ਹਾਂ ਕਿਹਾ ਕਿ ਉਹ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਪੰਚਾਇਤਾਂ ਦੇ ਹੱਕ ‘ਚ ਆਏ ਹਨ। ਉਨ੍ਹਾਂ ਸਰਕਾਰ ‘ਤੇ ਵਾਅਦਾਖ਼ਿਲਾਫ਼ੀ ਦੇ ਆਰੋਪ ਲਾਉਂਦਿਆਂ ਕਿਹਾ ਕਿ ਪੰਜਾਬ ਨੂੰ ਠੇਕੇਦਾਰੀ ਸਿਸਟਮ ਕੋਲ ਗਹਿਣੇ ਰੱਖ ਦਿੱਤਾ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਜੇ ਉਹ ਸੱਚਾ ਪੰਚਾਇਤੀ ਰਾਜ ਸਥਾਪਤ ਕਰਕੇ ਪੰਚਾਂ-ਸਰਪੰਚਾਂ ਦਾ ਸਨਮਾਨ ਬਹਾਲ ਕਰਨ ਤਾਂ ਉਹ ਮੁੱਖ ਮੰਤਰੀ ਦੀ ਸ਼ਲਾਘਾ ਕਰਨਗੇ।
ਬਿਕਰਮ ਸਿੰਘ ਮਜੀਠੀਆ ਨਾਲ ਪਾਈ ਜੱਫੀ ਬਾਰੇ ਨਵਜੋਤ ਸਿੱਧੂ ਨੇ ਕਿਹਾ ਕਿ ਸਿਆਸਤ ਵਿਚ ਦੁਸ਼ਮਣੀ ਸਿਰਫ ਵਿਚਾਰਧਾਰਾ ਦੀ ਹੁੰਦੀ ਹੈ। ਜੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਮਿਲਣ ਤਾਂ ਉਹ ਉਨ੍ਹਾਂ ਨੂੰ ਵੀ ਜੱਫੀ ਪਾਉਣਗੇ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਤਾਂ ਜਿਊਂਦਿਆਂ ਦੀ ਗੱਲ ਕੀਤੀ ਸੀ ਪਰ ਮੁੱਖ ਮੰਤਰੀ ਉਨ੍ਹਾਂ ਦੇ ਮਾਤਾ-ਪਿਤਾ ‘ਤੇ ਚਲੇ ਗਏ। ਪੰਜਾਬ ਕਾਂਗਰਸ ਬਾਰੇ ਸਿੱਧੂ ਨੇ ਕਿਹਾ ਕਿ ਜੇ ਕਾਂਗਰਸ ਪੰਜਾਬ ਦੇ ਭਵਿੱਖ ਨਾਲ ਜੁੜੇਗੀ ਤਾਂ ਹੀ ਮੁੜ ਸੱਤਾ ‘ਚ ਆਵੇਗੀ। ਇਸ ਮੌਕੇ ਪੰਚਾਇਤ ਯੂਨੀਅਨ ਦੇ ਸੂਬਾ ਪ੍ਰਧਾਨ ਰਾਵਿੰਦਰ ਸਿੰਘ ਰਿੰਕੂ ਨੇ ਕਿਹਾ ਕਿ ਸਰਕਾਰ ਨੂੰ ਜਗਾਉਣ ਅਤੇ ਪੰਚਾਇਤਾਂ ਦਾ ਸਨਮਾਨ ਬਹਾਲ ਕਰਾਉਣ ਲਈ ਜਲਦੀ ਹੀ ਮਾਝੇ ਅਤੇ ਦੋਆਬੇ ‘ਚ ਵੀ ਸੂਬਾਈ ਰੈਲੀਆਂ ਕੀਤੀਆਂ ਜਾਣਗੀਆਂ।

Check Also

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …