Breaking News
Home / ਪੰਜਾਬ / ਪੰਜ ਕਿਸਾਨ ਜਥੇਬੰਦੀਆਂ ਨੇ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

ਪੰਜ ਕਿਸਾਨ ਜਥੇਬੰਦੀਆਂ ਨੇ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

ਸਿਰਫ ਡੀਜ਼ਲ ਦਾ ਰੇਟ ਵਧਣ ਕਾਰਨ ਹੀ ਪੰਜਾਬ ਦੇ ਲੋਕਾਂ ‘ਤੇ ਪਵੇਗਾ ਸਲਾਨਾ 2500 ਕਰੋੜ ਰੁਪਏ ਦਾ ਭਾਰ : ਰਾਜੇਵਾਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਨੇ ਸੂਬਾ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਧਾਉਣ ਦੀ ਨਿਖੇਧੀ ਕੀਤੀ ਹੈ। ਇਸ ਤੋਂ ਪਹਿਲਾਂ ਬੀਕੇਯੂ (ਰਾਜੇਵਾਲ) ਦੀ ਅਗਵਾਈ ਹੇਠ ਸੂਬੇ ਭਰ ਦੇ ਕਿਸਾਨਾਂ ਨੇ ਜ਼ਿਲ੍ਹਾ ਅਤੇ ਸਬ ਡਿਵੀਜ਼ਨ ਹੈੱਡਕੁਆਰਟਰਾਂ ‘ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪ ਕੇ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਏ.ਆਈ.ਕੇ.ਐਫ. ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ, ਕਿਰਪਾਲ ਸਿੰਘ ਸਿਆਉ ਤੇ ਪਰਮਜੀਤ ਸਿੰਘ ਬੈਦਵਾਨ ਨੇ ਚੰਡੀਗੜ੍ਹ ਸਥਿਤ ਕਿਸਾਨ ਭਵਨ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤੇਲ ਦੀਆਂ ਕੀਮਤਾਂ ‘ਚ ਸੂਬਾ ਸਰਕਾਰ ਨੇ ਇੱਕ ਸਾਲ ਦੌਰਾਨ ਦੂਜੀ ਵਾਰ ਵਾਧਾ ਕੀਤਾ ਹੈ। ਇਸ ਨਾਲ ਸੂਬੇ ਦੇ ਲੋਕਾਂ ਤੇ ਕਿਸਾਨਾਂ ‘ਤੇ ਸਾਲਾਨਾ 2500 ਕਰੋੜ ਰੁਪਏ ਦਾ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕਰਜ਼ੇ ਹੇਠ ਦੱਬੇ ਕਿਸਾਨ ਰੋਜ਼ਾਨਾ ਖ਼ੁਦਕੁਸ਼ੀਆਂ ਕਰ ਰਹੇ ਹਨ, ਸੂਬਾ ਸਰਕਾਰ ਉਨ੍ਹਾਂ ਦੇ ਬਚਾਅ ‘ਚ ਆਉਣ ਦੀ ਬਜਾਏ ਹੋਰ ਬੋਝ ਪਾ ਰਹੀ ਹੈ।
ਰਾਜੇਵਾਲ ਤੇ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਫ਼ਸਲੀ ਵਿਭਿੰਨਤਾ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਪਰ ਸੂਬਾ ਸਰਕਾਰ ਕਣਕ ਤੇ ਝੋਨੇ ਨੂੰ ਛੱਡ ਕੇ ਹੋਰ ਕੋਈ ਵੀ ਫ਼ਸਲ ਖਰੀਦਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਮੂੰਗੀ, ਸਰ੍ਹੋਂ, ਮੱਕੀ ਦੀ ਖਰੀਦ ਦੇ ਸਾਰੇ ਦਾਅਵੇ ਝੂਠੇ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੂਬੇ ‘ਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਚਾਹੁੰਦੀ ਹੈ ਤਾਂ ਪਹਿਲਾਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਯਕੀਨੀ ਬਣਾਈ ਜਾਵੇ।
ਇਸ ਤੋਂ ਬਾਅਦ ਹੀ ਕਿਸਾਨ ਕਣਕ ਤੇ ਝੋਨੇ ਨੂੰ ਛੱਡ ਕੇ ਹੋਰਨਾਂ ਫ਼ਸਲਾਂ ਵੱਲ ਵਧਣਗੇ। ਉਨ੍ਹਾਂ ਨੇ ਸੂਬੇ ‘ਚ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ‘ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਪਟਿਆਲਾ ਵਿਖੇ ਬੀ.ਕੇ.ਯੂ. ਸਿੱਧੂਪੁਰ ਦੇ ਵਰਕਰਾਂ ‘ਤੇ ਕੀਤੇ ਜਾ ਰਹੇ ਜਬਰ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਐਲਾਨ ਕੀਤਾ ਕਿ 5 ਅਗਸਤ ਨੂੰ ਮੁਹਾਲੀ ਵਿੱਚ ਪਾਣੀ ਦੀ ਰਾਖੀ ਤੇ ਵਾਤਾਵਰਨ ਦੇ ਮੁੱਦਿਆਂ ਨੂੰ ਲੈ ਕੇ ਵਿਸ਼ਾਲ ਰੈਲੀ ਕੀਤੀ ਜਾਵੇਗੀ।

 

 

Check Also

ਮਨਪ੍ਰੀਤ ਸਿੰਘ ਬਾਦਲ ਵੀ ਕਰਨਗੇ ਘਰ ਵਾਪਸੀ!

ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ …