6.3 C
Toronto
Tuesday, October 28, 2025
spot_img
Homeਪੰਜਾਬਹਿਮਾਚਲ ਨੂੰ ਪਾਣੀ ਦੇਣ ਦੇ ਕੇਂਦਰੀ ਫੈਸਲੇ ਦਾ ਵਿਰੋਧ

ਹਿਮਾਚਲ ਨੂੰ ਪਾਣੀ ਦੇਣ ਦੇ ਕੇਂਦਰੀ ਫੈਸਲੇ ਦਾ ਵਿਰੋਧ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ
ਐੱਨਓਸੀ ਦੀ ਸ਼ਰਤ ‘ਚ ਛੋਟ ਦੇ ਇਕਪਾਸੜ ਫੈਸਲੇ ਖਿਲਾਫ ਇਤਰਾਜ਼ ਜਤਾਇਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਜਾਈ ਸਕੀਮਾਂ ਵਾਸਤੇ ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਦੀਆਂ ਸ਼ਰਤਾਂ ਵਿੱਚ ਦਿੱਤੀ ਛੋਟ ਦੇ ਕੇਂਦਰ ਸਰਕਾਰ ਦੇ ‘ਇਕਤਰਫਾ ਫੈਸਲੇ’ ਦਾ ਵਿਰੋਧ ਕੀਤਾ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬੀਬੀਐੱਮਬੀ ਵੱਲੋਂ ਹਿਮਾਚਲ ਨੂੰ ਪਾਣੀ ਦੇਣ ਦੇ ਫੈਸਲੇ ਦਾ ਵਿਰੋਧ ਕੀਤਾ ਹੈ।
ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੀਬੀਐੱਮਬੀ ਦੇ ਚੇਅਰਮੈਨ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੇ ਜਾਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਵੰਡ ਦਾ ਮਸਲਾ ਅੰਤਰਰਾਜੀ ਵਿਵਾਦ ਹੈ ਅਤੇ ਸੂਬੇ ਪਾਣੀਆਂ ਦੀ ਵੰਡ ਬਾਰੇ ਇਕਪਾਸੜ ਹਦਾਇਤਾਂ ਜਾਰੀ ਨਹੀਂ ਕਰ ਸਕਦੇ। ਮੁੱਖ ਮੰਤਰੀ ਮੁਤਾਬਕ ਹਿਮਾਚਲ ਨੂੰ ਪਾਣੀ ਦੇਣ ਦਾ ਫੈਸਲਾ ਗੈਰਵਾਜਬ, ਅਧਾਰਹੀਣ ਤੇ ਪੰਜਾਬ ਨਾਲ ਵੱਡਾ ਧੱਕਾ ਹੈ ਕਿਉਂਕਿ ਪਾਣੀਆਂ ਬਾਰੇ ਸਮਝੌਤੇ ਅਨੁਸਾਰ ਹਿਮਾਚਲ ਨੂੰ ਸਤਲੁਜ ਤੇ ਬਿਆਸ ਦਰਿਆਵਾਂ ‘ਚੋਂ ਪਾਣੀ ਦੇਣ ਦੀ ਕੋਈ ਲੋੜ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ 15 ਮਈ ਨੂੰ ਜਾਰੀ ਇਨ੍ਹਾਂ ਹੁਕਮਾਂ ਵਿੱਚ ਕੇਂਦਰ ਸਰਕਾਰ ਨੇ ਬੀਬੀਐੱਮਬੀ ਦੇ ਚੇਅਰਮੈਨ ਨੂੰ ਆਦੇਸ਼ ਦਿੱਤਾ ਸੀ ਕਿ ਐੱਨਓਸੀ ਦੇਣ ਦੀ ਮੌਜੂਦਾ ਵਿਵਸਥਾ ਨੂੰ ਇਸ ਸ਼ਰਤ ‘ਤੇ ਖਤਮ ਕਰ ਦਿੱਤਾ ਜਾਵੇ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਬਿਜਲੀ ਲਈ ਤੈਅ ਕੀਤੇ 7.19 ਫੀਸਦੀ ਹਿੱਸੇ ਤੋਂ ਘੱਟ ਕੁੱਲ ਪਾਣੀ ਲੈਣਾ ਹੋਵੇਗਾ। ਮਾਨ ਨੇ ਕਿਹਾ ਕਿ ਬੀਬੀਐੱਮਬੀ ਪਾਣੀ ਦੀ ਸਪਲਾਈ, ਸਿੰਜਾਈ ਪ੍ਰੋਜੈਕਟਾਂ ਲਈ ਹਿਮਾਚਲ ਪ੍ਰਦੇਸ਼ ਵੱਲੋਂ ਪਾਣੀ ਲੈਣ ਵਾਸਤੇ ਸਿਰਫ਼ ਤਕਨੀਕੀ ਸੰਭਾਵਨਾ ਦਾ ਅਧਿਐਨ ਕਰੇਗਾ। ਇਸ ਵਿੱਚ ਬੀਬੀਐੱਮਬੀ ਦਾ ਇੰਜਨੀਅਰਿੰਗ ਢਾਂਚਾ ਸ਼ਾਮਲ ਹੈ ਤੇ ਇਸ ਦੇ ਪ੍ਰਾਪਤ ਹੋਣ ਤੋਂ 60 ਦਿਨਾਂ ਦੇ ਅੰਦਰ ਲੋੜੀਂਦੀਆਂ ਤਕਨੀਕੀ ਲੋੜਾਂ ਹਿਮਾਚਲ ਪ੍ਰਦੇਸ਼ ਨੂੰ ਦੱਸੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਬੀਬੀਐੱਮਬੀ ਦਾ ਗਠਨ ਪੰਜਾਬ ਪੁਨਰਗਠਨ ਐਕਟ-1966 ਦੀ ਧਾਰਾ 79 (1) ਤਹਿਤ ਕੀਤਾ ਗਿਆ ਹੈ। ਇਹ ਬੋਰਡ ਸਿਰਫ ਡੈਮ ਅਤੇ ਨੰਗਲ ਹਾਈਡਲ ਚੈਨਲ ਤੇ ਰੋਪੜ, ਹਰੀਕੇ ਤੇ ਫਿਰੋਜ਼ਪੁਰ ਵਿੱਚ ਇਰੀਗੇਸ਼ਨ ਹੈੱਡਵਰਕਸ ਦੇ ਪ੍ਰਸ਼ਾਸਕੀ ਕਾਰਜ, ਸਾਂਭ-ਸੰਭਾਲ ਤੇ ਸੰਚਾਲਨ ਕਰ ਸਕਦਾ ਹੈ।
ਬੋਰਡ ਭਾਈਵਾਲ ਸੂਬਿਆਂ ਤੋਂ ਇਲਾਵਾ ਕਿਸੇ ਵੀ ਹੋਰ ਸੂਬੇ ਨੂੰ ਪਾਣੀ ਦੇਣ ਲਈ ਅਧਿਕਾਰਤ ਨਹੀਂ ਹੈ। ਹਿਮਾਚਲ ਪ੍ਰਦੇਸ਼ ਭਾਈਵਾਲ ਸੂਬਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਤਲੁਜ, ਰਾਵੀ ਤੇ ਬਿਆਸ ਦਰਿਆਵਾਂ ਦੇ ਪਾਣੀਆਂ ‘ਚੋਂ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ ਤੇ ਰਾਜਸਥਾਨ ਨੂੰ ਵੱਖ-ਵੱਖ ਸਮਝੌਤਿਆਂ ਰਾਹੀਂ ਵੰਡ ਨਿਰਧਾਰਤ ਕੀਤੀ ਗਈ ਹੈ। ਹਿਮਾਚਲ ਪ੍ਰਦੇਸ਼ ਇਨ੍ਹਾਂ ਦਰਿਆਵਾਂ ਦੇ ਪਾਣੀ ‘ਤੇ ਕੋਈ ਦਾਅਵਾ ਨਹੀਂ ਕਰ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਸੰਵਿਧਾਨ ਦੀ ਸੂਬਾਈ ਸੂਚੀ-2 ਦੇ ਇੰਦਰਾਜ 17 ਅਧੀਨ ਪਾਣੀ ਸੂਬਿਆਂ ਦਾ ਮਸਲਾ ਹੈ ਤੇ ਦਰਿਆਈ ਪਾਣੀਆਂ ਦੇ ਅਧਿਕਾਰ ਨਿਰਧਾਰਿਤ ਜਾਂ ਫੈਸਲਾ ਕਰਨ ਦਾ ਹੱਕ ਸੰਵਿਧਾਨ ਦੀ ਧਾਰਾ 262 ਅਧੀਨ ਬਣੇ ਦਰਿਆਈ ਪਾਣੀਆਂ ਬਾਰੇ ਅੰਤਰਰਾਜੀ ਵਿਵਾਦਾਂ ਬਾਰੇ ਐਕਟ 1956 ਦੀ ਤਜਵੀਜ਼ ਮੁਤਾਬਕ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਦੀ ਸ਼ਿਕਾਇਤ ‘ਤੇ ਬਣਾਏ ਜਾਣ ਵਾਲੇ ਟ੍ਰਿਬਿਊਨਲ ਦੇ ਅਧਿਕਾਰ ਖੇਤਰ ‘ਚ ਹੋਵੇਗਾ।
ਮੁੱਖ ਮੰਤਰੀ ਨੇ ਅਫਸੋਸ ਜਤਾਇਆ ਕਿ ਕੇਂਦਰ ਸਰਕਾਰ ਨੇ ਹਦਾਇਤਾਂ ਵਿਚ ਸਿੰਜਾਈ ਸਕੀਮਾਂ ਨੂੰ ਵੀ ਸ਼ਾਮਲ ਕਰ ਲਿਆ ਹੈ। ਮਾਨ ਨੇ ਯਾਦ ਦਿਵਾਇਆ ਕਿ ਪਿਛਲੇ ਸਾਲਾਂ ਦੌਰਾਨ ਬੀਬੀਐੱਮਬੀ ਨੇ 16 ਮੌਕਿਆਂ ‘ਤੇ ਹਿਮਾਚਲ ਪ੍ਰਦੇਸ਼ ਨੂੰ ਪਾਣੀ ਛੱਡਣ ਦੀ ਪ੍ਰਵਾਨਗੀ ਦਿੱਤੀ। ਉਨ੍ਹਾਂ ਕਿਹਾ ਕਿ ਜਦੋਂ ਦਰਿਆਵਾਂ ਵਿੱਚੋਂ ਪਾਣੀ ਘਟ ਰਿਹਾ ਹੈ ਤੇ ਪੰਜਾਬ, ਹਰਿਆਣਾ ਤੇ ਰਾਜਸਥਾਨ ਵਰਗੇ ਭਾਈਵਾਲ ਸੂਬੇ ਪਾਣੀ ਵਧਾਉਣ ਦੀ ਲਗਾਤਾਰ ਮੰਗ ਕਰ ਰਹੇ ਹਨ ਤਾਂ ਅਜਿਹੇ ‘ਚ ਭਾਰਤ ਸਰਕਾਰ ਨੂੰ ਇਸ ਇਕਤਰਫ਼ਾ ਫੈਸਲੇ ‘ਤੇ ਮੁੜ ਵਿਚਾਰ ਕਰਨ ਅਤੇ ਇਸ ਨੂੰ ਵਾਪਸ ਲੈਣਾ ਚਾਹੀਦਾ ਹੈ।
ਬੀਬੀਐੱਮਬੀ ਬਾਰੇ ਲੰਮੇ ਸਮੇਂ ਤੋਂ ਚੱਲ ਰਿਹੈ ਵਿਵਾਦ
ਗੌਰਤਲਬ ਹੈ ਕਿ ਬੀਬੀਐੱਮਬੀ ਸਬੰਧੀ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਚਕਾਰ ਪਿਛਲੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕੇਂਦਰ ‘ਤੇ ਬੀਬੀਐੱਮਬੀ ਵਿੱਚੋਂ ਪੰਜਾਬ ਦੀ ਹਿੱਸੇਦਾਰੀ ਖਤਮ ਕਰਨ ਦਾ ਆਰੋਪ ਲਗਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਪਿਛਲੇ ਦਿਨੀਂ ਬੀਬੀਐੱਮਬੀ ‘ਚ ਪੰਜਾਬ ਦੇ ਅਧਿਕਾਰੀਆਂ ਦੀ ਤਾਇਨਾਤੀ ਵੀ ਬੰਦ ਕਰ ਦਿੱਤੀ ਸੀ।

 

RELATED ARTICLES
POPULAR POSTS