ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਮਨਜੂਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਪ੍ਰਮੋਸ਼ਨ ਸਬੰਧੀ ਕੰਮ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਪ੍ਰਮੋਸ਼ਨ ਵਿੰਗ ਦੇ ਗਠਨ ਨੂੰ ਮਨਜੂਰੀ ਦੇ ਦਿੱਤੀ ਹੈ। ਦਰਅਸਲ, ਸਿੱਖਿਆ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸਹੀ ਸਮੇਂ ’ਤੇ ਪ੍ਰਮੋਸ਼ਨ ਦਾ ਲਾਭ ਨਹੀਂ ਮਿਲ ਰਿਹਾ ਸੀ। ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਮੰਨਿਆ ਕਿ ਜਦੋਂ ਤੋਂ ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੀ ਜ਼ਿੰਮੇਵਾਰੀ ਸੰਭਾਲੀ ਹੈ, ਉਦੋਂ ਤੋਂ ਹੀ ਉਨ੍ਹਾਂ ਨੂੰ ਇਸ ਸਬੰਧ ਵਿਚ ਸਭ ਤੋਂ ਜ਼ਿਆਦਾ ਸ਼ਿਕਾਇਤਾਂ ਮਿਲੀਆਂ ਹਨ। ਇਹੀ ਕਾਰਨ ਹੈ ਕਿ ਵਿਭਾਗ ਦੇ ਵੱਖ-ਵੱਖ ਕਾਡਰ ਵਿਚ ਪ੍ਰਮੋਸ਼ਨ ਦੇ ਕੰਮ ਨੂੰ ਸੁਚਾਰੂ ਢੰਗ ਦੇ ਨਾਲ ਸਮੇਂ ਸਿਰ ਪੂਰਾ ਕਰਨ ਦੇ ਲਈ ਸੈਕੰਡਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਦਫਤਰ ਵਿਚ ਪ੍ਰਮੋਸ਼ਨ ਵਿੰਗ ਦਾ ਗਠਨ ਕੀਤਾ ਗਿਆ ਹੈ। ਸਿੱਖਿਆ ਵਲੋਂ ਪ੍ਰਮੋਸ਼ਨ ਵਿੰਗ ਦਾ ਇੰਚਾਰਜ ਸਹਾਇਕ ਡਾਇਰੈਕਟਰ ਰਿਤੂ ਬਾਲਾ ਨੂੰ ਨਿਯੁਕਤ ਕੀਤਾ ਗਿਆ ਹੈ। ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲੀ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇਣ ਅਤੇ ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਬਿਹਤਰੀ ਲਈ ਵੀ ਲਗਾਤਾਰ ਯਤਨ ਕਰ ਰਹੀ ਹੈ।