ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਇਜਲਾਸ ਕੱਲ੍ਹ ਤੱਕ ਕੀਤਾ ਗਿਆ ਮੁਲਤਵੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਵਿਸ਼ੇਸ਼ ਇਜਲਾਸ ਦੀ ਕਾਰਵਾਈ ਅੱਜ ਸੋਮਵਾਰ ਦੁਪਹਿਰੇ 2 ਵਜੇ ਸ਼ੁਰੂ ਹੋਈ ਸੀ। ਇਹ ਵਿਸ਼ੇਸ ਇਜਲਾਸ ਅੱਜ 19 ਅਤੇ ਭਲਕੇ 20 ਜੂਨ ਨੂੰ ਬੁਲਾਇਆ ਗਿਆ ਹੈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ, ਹੋਰ ਵਿਛੜੀਆਂ ਸ਼ਖ਼ਸੀਅਤਾਂ ਅਤੇ ਓਡੀਸ਼ਾ ਰੇਲ ਹਾਦਸੇ ਦੇ ਮਿ੍ਰਤਕਾਂ ਨੂੰ ਵਿਧਾਨ ਸਭਾ ’ਚ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਸਦਨ ਸਵੇਰੇ ਗਿਆਰਾਂ ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਭਲਕੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਰਕਾਰ ਗੁਰਦੁਆਰਾ ਸੋਧ ਐਕਟ ਬਿੱਲ ਲੈ ਕੇ ਆਵੇਗੀ। ਉਧਰ, ਭਾਜਪਾ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਬਾਈਕਾਟ ਕੀਤਾ ਹੈ। ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਦੋ ਦਿਨ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਜਿਹੇ ਇਜਲਾਸ ਦਾ ਭਾਜਪਾ ਹਿੱਸਾ ਨਹੀਂ ਬਣੇਗੀ।