Breaking News
Home / ਪੰਜਾਬ / ਪੰਜਾਬ ਕੈਬਨਿਟ ਦੀ ਮੀਟਿੰਗ ’ਚ ਕਈ ਅਹਿਮ ਫੈਸਲੇ

ਪੰਜਾਬ ਕੈਬਨਿਟ ਦੀ ਮੀਟਿੰਗ ’ਚ ਕਈ ਅਹਿਮ ਫੈਸਲੇ

ਗੁਰਬਾਣੀ ਦਾ ਪ੍ਰਸਾਰਣ ਪੂਰੀ ਤਰ੍ਹਾਂ ਮੁਫਤ ਉਪਲਬਧ ਕਰਾਉਣ ਦਾ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ ਹੈ। ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਕਈ ਵੱਡੇ ਫੈਸਲਿਆਂ ’ਤੇ ਮੋਹਰ ਲਗਾਈ ਗਈ ਜਿਨ੍ਹਾਂ ਬਾਰੇ ਮੁੱਖ ਮੰਤਰੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਸਿੱਖ ਗੁਰਦੁਆਰਾ ਅਮੈਂਡਮੈਂਟ ਐਕਟ 2023 ਲਿਆਉਣ ਜਾ ਰਹੀ ਹੈ। ਜਿਸ ਵਿਚ ਇਹ ਸਾਫ ਆਖਿਆ ਹੈ ਕਿ ਮਨੁੱਖਤਾ ਦੀ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦਾ ਪ੍ਰਸਾਰਣ ਜਨਤਾ ਲਈ ਪੂਰੀ ਤਰ੍ਹਾਂ ਮੁਫਤ ਉਪਲਬਧ ਹੋਵੇਗਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਲਾਉਣ ਲਈ ਰਾਜਪਾਲ ਦੀ ਮਨਜੂਰੀ ਦੀ ਲੋੜ ਨਹੀਂ। ਕੇਰਲਾ ਸਰਕਾਰ ਦੀ ਤਰਜ਼ ’ਤੇ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ। ਦਰਅਸਲ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੇ ਹਾਲ ਹੀ ਵਿਚ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਅਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਵਾਈਸ ਚਾਂਸਲਰ ਨਿਯੁਕਤ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੇ ਫੈਸਲਿਆਂ ਬਾਰੇ ਦੱਸਿਆ ਕਿ ਸਹਾਇਕ ਪ੍ਰੋਫ਼ੈਸਰਾ ਦੀ ਨਿਯੁਕਤੀ ਨੂੰ ਮਾਨਤਾ ਦਿੱਤੀ ਗਈ ਹੈ ਤੇ ਉਮਰ ਹੱਦ 37 ਤੋਂ 42 ਸਾਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਵਰ ਆਫ ਅਟਾਰਨੀ ਬਲੱਡ ਰਿਲੇਸ਼ਨ ’ਚ ਮੁਫਤ ਹੋਵੇਗੀ। ਰਿਸ਼ਤੇ ਤੋਂ ਬਾਹਰ ਪਾਵਰ ਅਟਾਰਨੀ ਦੇਣ ’ਤੇ ਦੋ ਫੀਸਦੀ ਫੀਸ ਲੱਗੇਗੀ।

 

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।