ਲੈਫਟੀਨੈਂਟ ਗਵਰਨਰ ਨੂੰ ਲਿਖਿਆ ਪੱਤਰ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ’ਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਲਗਾਤਾਰ ਮੁੱਦਾ ਉਠਾ ਰਹੀ ਹੈ। ਆਮ ਆਦਮੀ ਪਾਰਟੀ ਨੇ ਇਸ ਮੁੱਦੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਸਬੰਧੀ ਐਲ.ਜੀ. ਵੀ.ਕੇ. ਸਕਸੈਨਾ ਨੂੰ ਪੱਤਰ ਵੀ ਲਿਖਿਆ ਹੈ। ਕੇਜਰੀਵਾਲ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਦਿੱਲੀ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਚਿੰਤਾਜਨਕ ਹੋ ਗਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦਾ ਹਰ ਨਾਗਰਿਕ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਕੇਜਰੀਵਾਲ ਨੇ ਲਿਖਿਆ ਕਿ ਦਿੱਲੀ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਲਈ ਉਪ ਰਾਜਪਾਲ ਅਤੇ ਗ੍ਰਹਿ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਨਾਗਰਿਕਾਂ, ਵਿਧਾਇਕਾਂ ਅਤੇ ਆਰ.ਡਬਲਯੂ.ਏ. ਦੇ ਸਹਿਯੋਗ ਨਾਲ ਕਾਨੂੰਨ ਅਤੇ ਵਿਵਸਥਾ ਨੂੰ ਬਿਹਤਰ ਬਣਾਇਆ ਜਾਣਾ ਚਾਹੀਦਾ ਹੈ। ਅਰਵਿੰਦ ਕੇਜਰੀਵਾਲ ਨੇ ਵਿਸ਼ੇਸ਼ ਰੂਪ ਨਾਲ ਰਾਤ ਦੇ ਸਮੇਂ ਪੁਲਿਸ ਦੀ ਗਸ਼ਤ ਵਧਾਏ ਜਾਣ ਅਤੇ ਇਸ ਮਾਮਲੇ ’ਤੇ ਦਿੱਲੀ ਦੇ ਵਾਸੀਆਂ ਨਾਲ ਤੁਰੰਤ ਗੱਲਬਾਤ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਇਸ ਮਹੱਤਵਪੂਰਨ ਮੁੱਦੇ ’ਤੇ ਸਾਰਥਕ ਚਰਚਾ ਕਰਨ ਲਈ ਵੀ.ਕੇ. ਸਕਸੈਨਾ ਨਾਲ ਬੈਠਕ ਕਰਨ ਲਈ ਤਿਆਰ ਹਾਂ।