ਕਿਹਾ : ਮੈਂ ਇਹ ਅਹੁਦਾ ਛੱਡ ਕੇ ਬੇਹੱਦ ਸੰਤੁਸ਼ਟ ਹਾਂ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਵੀਰਵਾਰ ਨੂੰ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ’ਤੇ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅਰਦਾਸ ਕਰਦਾ ਹਾਂ ਕਿ ਉਨ੍ਹਾਂ ’ਤੇ ਮਿਹਰ ਭਰਿਆ ਹੱਥ ਰੱਖਣ। ਇਸ ਤੋਂ ਬਾਅਦ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਉਹ ਵਿਦੇਸ਼ ਦੌਰੇ ’ਤੇ ਗਏ ਸਨ ਤਾਂ ਉਨ੍ਹਾਂ ਮੁੱਖ ਸਕੱਤਰ ਨੂੰ ਫ਼ੋਨ ਕਰਕੇ ਕਿਹਾ ਸੀ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੀ ਜਥੇਦਾਰੀ ਤੋਂ ਸੇਵਾ ਮੁਕਤ ਹੋਣਾ ਚਾਹੁੰਦੇ ਹਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਦੋਵਾਂ ਤਖ਼ਤਾਂ ਦੀ ਸੇਵਾ ਵਾਪਸ ਲੈਣ ਲਈ ਵੀ ਆਖਿਆ ਸੀ ਅਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਮੈਨੂੰ ਜਥੇਦਾਰੀ ਤੋਂ ਧੱਕੇ ਨਾਲ ਨਹੀਂ ਹਟਾਇਆ ਗਿਆ ਬਲਕਿ ਮੈਂ ਹੀ ਅਹੁਦਾ ਛੱਡਣ ਦੀ ਇੱਛਾ ਪ੍ਰਗਟਾਈ ਸੀ। ਉਨ੍ਹਾਂ ਨੂੰ ਜਦੋਂ ਰਾਘਵ ਚੱਢਾ ਨਾਲ ਜੁੜੇ ਵਿਵਾਦ ਬਾਰੇ ਪੁੱਛਿਆ ਗਿਆ ਤਾਂ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਅਜਿਹੀ ਕੋਈ ਗੱਲ ਨਹੀਂ। ਸ਼੍ਰੋਮਣੀ ਕਮੇਟੀ ਨੇ ਜੋ ਕੀਤਾ ਆਪਣੇ ਹਿਸਾਬ ਨਾਲ ਠੀਕ ਕੀਤਾ ਹੈ ਤੇ ਉਨ੍ਹਾਂ ਨੂੰ ਇਸ ’ਤੇ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਇਹ ਅਹੁਦਾ ਛੱਡ ਕੇ ਬੇਹੱਦ ਸੰਤੁਸ਼ਟ ਹਾਂ। ਗੁਰਦੁਆਰਾ ਐਕਟ ਵਿਚ ਸੋਧ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ 1925 ਗੁਰਦੁਆਰਾ ਸੋਧ ਐਕਟ ਦਾ ਮਜ਼ਾਕ ਬਣਾਇਆ ਗਿਆ ਹੈ ਅਤੇ ਇਸ ਵਿਚ ਸੋਧ ਕਰਨ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਨਾਲ ਵਿਚਾਰ ਚਰਚਾ ਕਰਨਾ ਚਾਹੀਦਾ ਸੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …