ਭਗਵੰਤ ਮਾਨ ਸਰਕਾਰ ‘ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਰੋਪ ਲਾਇਆ ਹੈ ਕਿ ਸੂਬਾ ਸਰਕਾਰ ਪੁਲਿਸ ਐਕਟ ਵਿਚ ਸੋਧ ਕਰਕੇ ਆਪਣੇ ਕਠਪੁਤਲੀ ਡੀਜੀਪੀ ਨੂੰ ਰੈਗੂਲਰ ਕਰਨਾ ਚਾਹੁੰਦੀ ਹੈ। ਇਸ ਤਹਿਤ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਆਪਣੀ ਸਿਆਸੀ ਬਦਲਾਖੋਰੀ ਹੋਰ ਵਧਾਉਣਾ ਚਾਹੁੰਦੀ ਹੈ। ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਦਰਵਾਜ਼ੇ ਰਾਹੀਂ ਪੁਲਿਸ ਐਕਟ ਵਿਚ ਸੋਧ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਸੂਬੇ ਵਿੱਚ ਡੀਜੀਪੀ ਦੀ ਨਿਯੁਕਤੀ ਲਈ ਸੁਪਰੀਮ ਕੋਰਟ ਵੱਲੋਂ ਤੈਅ ਨਿਯਮ ਤੇ ਸ਼ਰਤਾਂ ਦੀਆਂ ਹਦਾਇਤਾਂ ਦੀ ਉਲੰਘਣਾ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਸਿਆਸੀ ਪਾਰਟੀਆਂ ਵਿੱਚ ਆਮ ਰਾਏ ਕਾਇਮ ਕਰਨਾ ਹੈ ਤਾਂ ਜੋ ਕੇਂਦਰ ਸਰਕਾਰ ਨੂੰ ਉਹ ਆਰਡੀਨੈਂਸ ਵਾਪਸ ਕਰਨ ਲਈ ਮਜਬੂਰ ਕੀਤਾ ਜਾ ਸਕੇ ਜਿਸ ਰਾਹੀਂ ਕੇਂਦਰ ਨੇ ਦਿੱਲੀ ਵਿੱਚ ਸਾਰੀਆਂ ਤਾਕਤਾਂ ਉੱਪ ਰਾਜਪਾਲ ਨੂੰ ਦੇ ਦਿੱਤੀਆਂ ਹਨ। ਮਜੀਠੀਆ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਸੁਪਰੀਮ ਕੋਰਟ ਦੇ ਫ਼ੈਸਲਿਆਂ ਬਾਰੇ ਦੋਗਲਾਪਣ ਨਹੀਂ ਅਪਣਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹੁਣ ਕੇਜਰੀਵਾਲ ਦੇ ਹੁਕਮ ‘ਤੇ ਪੰਜਾਬ ਦਾ ਪਾਣੀ ਰਾਜਸਥਾਨ ਤੇ ਹਰਿਆਣਾ ਨੂੰ ਵੇਚਣ ਵਾਸਤੇ ਤਿਆਰ ਹਨ।