ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀਰਵਾਰ ਨੂੰ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਉਨ੍ਹਾਂ ਨੂੰ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵਲੋਂ ਦਸਤਾਰ ਭੇਟ ਕੀਤੀ ਗਈ। ਇਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਵੱਖ-ਵੱਖ ਸਿੱਖ ਸੰਸਥਾਵਾਂ ਵਲੋਂ ਸਿੰਘ ਸਾਹਿਬ ਨੂੰ ਦਸਤਾਰਾਂ ਭੇਂਟ ਕੀਤੀਆਂ ਗਈਆਂ। ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਜਥੇਦਾਰ ਵਜੋਂ ਸੇਵਾ ਸੰਭਾਲ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀਰਵਾਰ ਨੂੰ ਸਮਾਗਮ ਰੱਖਿਆ ਗਿਆ ਸੀ, ਜਿਸ ਵਿਚ ਪੰਥਕ ਜਥੇਬੰਦੀਆਂ, ਨਿਹੰਗ ਸਿੰਘ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ ਸਣੇ ਪੰਥਕ ਆਗੂਆਂ, ਸੰਤ ਮਹਾਂਪੁਰਸ਼ਾਂ ਅਤੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਸ਼ਾਮਲ ਹੋਈਆਂ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਬਣੇ ਜਥੇਦਾਰ ਗਿਆਨੀ ਰਘਬੀਰ ਸਿੰਘ ਸ੍ਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸੁਲਤਾਨਵਿੰਡ ਦੇ ਰਹਿਣ ਵਾਲੇ ਹਨ। ਧਿਆਨ ਰਹੇ ਕਿ ਲੰਘੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਲਗਾਉਣ ਸਬੰਧੀ ਫੈਸਲਾ ਲਿਆ ਗਿਆ ਸੀ।