ਸੀਐੱਮ ਦੀ ਯੋਗਸ਼ਾਲਾ ਦੌਰਾਨ ਮੁੱਖ ਮੰਤਰੀ ਨੇ 50 ਹਜ਼ਾਰ ਲੋਕਾਂ ਨੂੰ ਯੋਗ ਕਰਵਾਇਆ
ਜਲੰਧਰ ਦੀ ਪੀਏਪੀ ਗਰਾਊਂਡ ‘ਚ ਹੋਇਆ ਸੂਬਾਈ ਸਮਾਗਮ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ‘ਸੀਐੱਮ ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਦੇ ਉਦੇਸ਼ ਨਾਲ ਪੰਜਾਬ ਦੇ ਵੱਖ-ਵੱਖ ਥਾਵਾਂ ‘ਤੇ 50,000 ਤੋਂ ਵੱਧ ਲੋਕਾਂ ਨੂੰ ਯੋਗ ਕਰਵਾਉਣ ਦੀ ਅਗਵਾਈ ਕੀਤੀ।
ਜਲੰਧਰ ਦੀ ਪੀਏਪੀ ਗਰਾਊਂਡ ਵਿੱਚ ‘ਸੀਐਮ ਦੀ ਯੋਗਸ਼ਾਲਾ’ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਇਸ ਕ੍ਰਾਂਤੀ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਬਣਾਉਣਾ ਹੈ। ਇਸ ਸਮਾਗਮ ਵਿੱਚ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜ਼ਾਹਿਰ ਕੀਤੀ ਕਿ ‘ਸੀਐਮ ਦੀ ਯੋਗਸ਼ਾਲਾ’ ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬੀਆਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ।
ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਸਿਹਤਮੰਦ ਅਤੇ ਪੁਰਾਤਨ ਸ਼ਾਨ ਵਾਲਾ ਸੂਬਾ ਹੋਣ ਦਾ ਮਾਣ ਮੁੜ ਹਾਸਲ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਇਹ ਕੋਈ ਸਿਆਸੀ ਸਮਾਗਮ ਨਹੀਂ ਰਚਿਆ ਗਿਆ ਸਗੋਂ ਇਸ ਮੁਹਿੰਮ ਦਾ ਇੱਕੋ-ਇੱਕ ਉਦੇਸ਼ ਲੋਕਾਂ ਨੂੰ ਯੋਗ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਬਾਰੇ ਪ੍ਰੇਰਿਤ ਕਰ ਕੇ ਸੂਬੇ ਨੂੰ ਸਿਹਤਮੰਦ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਸੀਐਮ ਦੀ ਯੋਗਸ਼ਾਲਾ’ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਿਮਾਗ ਦੀ ਉੱਪਜ ਹੈ ਤੇ ਕੌਮੀ ਰਾਜਧਾਨੀ ਵਿੱਚ ਇਸ ਨਾਲ ਵੱਡੀ ਗਿਣਤੀ ਲੋਕ ਜੁੜੇ ਹਨ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ, ਡਾ. ਬਲਬੀਰ ਸਿੰਘ ਅਤੇ ਬ੍ਰਹਮ ਸ਼ੰਕਰ ਜਿੰਪਾ, ਰਾਜ ਸਭਾ ਮੈਂਬਰ ਰਾਘਵ ਚੱਢਾ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸ਼ਾਦ ਆਦਿ ਹਾਜ਼ਰ ਸਨ।