ਕਿਹਾ : ਵਿਰੋਧੀ ਜਿੰਨੇ ਮਰਜ਼ੀ ਹੱਥ ਮਿਲਾ ਲੈਣ, ਉਨ੍ਹਾਂ ਦੀ ਏਕਤਾ ਨਹੀਂ ਹੋ ਸਕਦੀ
ਸ੍ਰੀਨਗਰ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਰੋਧੀ ਪਾਰਟੀਆਂ ਦੀ ਪਟਨਾ ਵਿਚ ਹੋ ਰਹੀ ਮੀਟਿੰਗ ਦਾ ਮਜ਼ਾਕ ਉਡਾਉਂਦੇ ਹੋਏ ਕਿਹਾ ਕਿ ਅੱਜ ਪਟਨਾ ਵਿਚ ਫੋਟੋ ਸੈਸ਼ਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਵਿਰੋਧੀ ਪਾਰਟੀਆਂ ਮਿਲ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਐਨ.ਡੀ.ਏ. ਨੂੰ ਚੁਣੌਤੀ ਦੇਣਾ ਚਾਹੁੰਦੇ ਹਨ ਪ੍ਰੰਤੂ ਅਜਿਹਾ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਮੈਂ ਵਿਰੋਧੀ ਪਾਰਟੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਰਤੀ ਜਨਤਾ ਪਾਰਟੀ 300 ਤੋਂ ਵੱਧ ਸੀਟਾਂ ’ਤੇ ਜਿੱਤ ਹਾਸਲ ਕਰੇਗੀ ਅਤੇ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਜਿੰਨੇ ਮਰਜ਼ੀ ਹੱਥ ਮਿਲਾ ਲੈਣ, ਉਨ੍ਹਾਂ ਦੀ ਏਕਤਾ ਸੰਭਵ ਨਹੀਂ ਹੈ। ਇਥੇ ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਦੌਰੇ ’ਤੇ ਹਨ ਅਤੇ ਇਥੇ ਉਨ੍ਹਾਂ ਇਕ ਰੈਲੀ ਦੌਰਾਨ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਦਾ ਵਰਣਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਹਰ ਨਾਗਰਿਕ ਨੂੰ 5 ਲੱਖ ਰੁਪਏ ਦਾ ਮੁਫ਼ਤ ਬੀਮਾ ਦਿੱਤਾ ਜਾਵੇਗਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਨਵਾਂ ਕਸ਼ਮੀਰ ਬਣ ਰਿਹਾ ਹੈ। ਇਸ ਮੌਕੇ ਉਨ੍ਹਾਂ ਫਾਰੂਕ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਜੰਮੂ-ਕਸ਼ਮੀਰ ’ਚ ਅੱਤਵਾਦ ਕਾਰਨ 42 ਹਜ਼ਾਰ ਲੋਕਾਂ ਦੀ ਮੌਤ ਹੋਈ। ਉਨ੍ਹਾਂ ਕਿਹਾ ਕਿ ਅਬਦੁੱਲਾ ਅਤੇ ਮੁਫ਼ਤੀ ਪਰਿਵਾਰ ਦੱਸਣ ਕਿ ਇਨ੍ਹਾਂ ਮੌਤਾਂ ਲਈ ਕੌਣ ਜ਼ਿੰਮੇਵਾਰ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …