ਕਿਹਾ : ਮਾਨ ਸਰਕਾਰ ਨੇ ਗੁਰਦੁਆਰਾ ਐਕਟ ’ਚ ਸੋਧ ਕਰਕੇ ਖਤਰਨਾਕ ਪਰੰਪਰਾ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਵਕੀਲ ਐਚ ਐਸ ਫੂਲਕਾ ਵੱਲੋਂ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਗੁਰਦੁਆਰਾ ਐਕਟ 1925 ਵਿਚ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਸੋਧ ਸਬੰਧੀ ਬੋਲਦਿਆਂ ਕਿਹਾ ਕਿ ਜੇਕਰ ਸਿੱਖ ਕੌਮ ਨੇ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਗਈ ਸੋਧ ਨੂੰ ਮੰਨ ਲਿਆ ਤਾਂ ਇਹ ਸੋਧ ਰਾਹ ਖੋਲ੍ਹ ਦੇਵੇਗੀ ਕਿ ਭਵਿੱਖ ਵਿਚ ਕਦੇ ਵੀ ਗੁਰਦੁਆਰਾ ਐਕਟ ਵਿਚ ਸੋਧ ਕਰਕੇ ਸਰਕਾਰ ਦੀਆਂ ਏਜੰਸੀਆਂ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਪ੍ਰਬੰਧਾਂ ਵਿਚ ਦਖਲ ਦੇ ਸਕਦੀਆਂ ਹਨ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਗੁਰਦੁਆਰਾ ਐਕਟ ਵਿਚ ਸੋਧ ਕਰਕੇ ਇਕ ਖਤਰਨਾਕ ਪਰੰਪਰਾ ਦੀ ਸ਼ੁਰੂਆਤ ਕੀਤੀ ਹੈ। ਫੂਲਕਾ ਨੇ ਪੰਜਾਬ ਸਰਕਾਰ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਗੁਰਦੁਆਰਾ ਐਕਟ ਵਿਚ ਸੋਧ ਕੀਤੀ ਗਈ ਉਹ ਠੀਕ ਸੀ ਪ੍ਰੰਤੂ ਹੁਣ ਇਹ ਮੁੱਦਾ ਪੰਜਾਬ ਸਰਕਾਰ ਬਨਾਮ ਸਿੱਖ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਈ ਐਕਟ ਪਾਸ ਕਰ ਦਿੱਤੇ ਜਾਂਦੇ ਹਨ ਪ੍ਰੰਤੂ ਉਨ੍ਹਾਂ ਨੂੰ ਲਾਗੂ ਕਰਨ ਲਈ ਕਈ-ਕਈ ਸਾਲ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਗੁਰਦੁਆਰਾ ਐਕਟ 1925 ਬਣਿਆ ਹੈ ਉਦੋਂ ਤੋਂ ਲੈ ਕੇ ਜਦੋਂ ਵੀ ਕੋਈ ਸੋਧ ਕੀਤੀ ਗਈ ਤਾਂ ਉਹ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੁੱਛ ਕੇ ਕੀਤੀ ਗਈ।