ਮੀਤ ਹੇਅਰ ਬੋਲੇ : ਖੇਡਾਂ ’ਚ ਵੀ ਰਾਜਨੀਤੀ ਕਰ ਰਹੀ ਕੇਂਦਰ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਕਤੂਬਰ-ਨਵੰਬਰ ਮਹੀਨੇ ਭਾਰਤ ਵਿੱਚ ਹੋਣ ਵਾਲੇ ਇੱਕ ਰੋਜ਼ਾ ਕਿ੍ਰਕਟ ਵਿਸ਼ਵ ਕੱਪ-2023 ਦੇ ਸ਼ਡਿਊਲ ਵਿੱਚੋਂ ਪੰਜਾਬ ਨੂੰ ਬਾਹਰ ਰੱਖੇ ਜਾਣ ’ਤੇ ਭੜਕ ਉਠੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖੇਡਾਂ ’ਚ ਵੀ ਰਾਜਨੀਤੀ ਕਰ ਰਹੀ ਹੈ ਅਤੇ ਉਨ੍ਹਾਂ ਇਸ ਨੂੰ ਪੰਜਾਬ ਨਾਲ ਸ਼ਰ੍ਹੇਆਮ ਕੀਤੀ ਗਈ ਵਿਤਕਰੇਬਾਜ਼ੀ ਦੱਸਿਆ। ਉਨ੍ਹਾਂ ਇਸ ਦੀ ਨਿੰਦਾ ਕਰਦਿਆਂ ਇਸ ਫ਼ੈਸਲੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਮੀਤ ਹੇਅਰ ਨੇ ਕਿਹਾ ਕਿ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣਾ ਪੰਜਾਬ ਨਾਲ ਵਿਤਕਰੇਬਾਜ਼ੀ ਹੈ ਕਿਉਂਕਿ ਮੁਹਾਲੀ ’ਚ ਪੀਸੀਏ ਸਟੇਡੀਅਮ ਬਣਨ ਤੋਂ ਬਾਅਦ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਭਾਰਤ ਵਿੱਚ ਵਿਸ਼ਵ ਕੱਪ ਹੋ ਰਿਹਾ ਹੋਵੇ ਅਤੇ ਮੁਹਾਲੀ ਵਿਚ ਕੋਈ ਮੈਚ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ 1996 ਅਤੇ 2011 ਵਿੱਚ ਮੁਹਾਲੀ ਵਿਚ ਵਿਸ਼ਵ ਕੱਪ ਦੇ ਸੈਮੀਫਾਈਨਲ ਖੇਡੇ ਗਏ ਜਦੋਂਕਿ ਇਸ ਵਾਰ ਇੱਕ ਲੀਗ ਮੈਚ ਦੀ ਵੀ ਮੇਜ਼ਬਾਨੀ ਪੰਜਾਬ ਨੂੰ ਨਹੀਂ ਦਿੱਤੀ ਗਈ। ਅਹਿਮਦਾਬਾਦ ਨੂੰ ਉਦਘਾਟਨੀ ਅਤੇ ਫਾਈਨਲ ਮੈਚ ਤੋਂ ਇਲਾਵਾ ਭਾਰਤ-ਪਾਕਿਸਤਾਨ ਮੈਚ ਦੀ ਮੇਜ਼ਬਾਨੀ ਵੀ ਮਿਲੀ ਹੈ। ਉਨ੍ਹਾਂ ਕਿਹਾ ਕਿ ਪੀਸੀਏ ਸਟੇਡੀਅਮ ਮੁਹਾਲੀ ਨਾ ਸਿਰਫ਼ ਭਾਰਤ ਦੇ ਪਹਿਲੇ ਪੰਜ ਸਟੇਡੀਅਮਾਂ ਵਿੱਚੋਂ ਇੱਕ ਹੈ ਬਲਕਿ ਦੁਨੀਆ ਦੇ ਚੋਣਵੇਂ ਸਟੇਡੀਅਮਾਂ ਦੀ ਸੂਚੀ ਵਿੱਚ ਵੀ ਆਉਂਦਾ ਹੈ। ਪੰਜਾਬ ਨਾਲ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਵਿਤਕਰੇਬਾਜ਼ੀ ਦਾ ਮੁੱਦਾ ਬੀਸੀਸੀਆਈ ਕੋਲ ਉਠਾਏਗੀ।