Breaking News
Home / ਪੰਜਾਬ / ਪੰਜਾਬ ਵਿਜੀਲੈਂਸ ਨੇ ਸਾਬਕਾ ਅਕਾਲੀ ਮੰਤਰੀਆਂ ਤੇ ਵਿਧਾਇਕਾਂ ਖਿਲਾਫ ਵੀ ਜਾਂਚ ਆਰੰਭੀ

ਪੰਜਾਬ ਵਿਜੀਲੈਂਸ ਨੇ ਸਾਬਕਾ ਅਕਾਲੀ ਮੰਤਰੀਆਂ ਤੇ ਵਿਧਾਇਕਾਂ ਖਿਲਾਫ ਵੀ ਜਾਂਚ ਆਰੰਭੀ

ਭਿ੍ਰਸ਼ਟਾਚਾਰ ਦੇ ਮਾਮਲਿਆਂ ਸਬੰਧੀ ਹੋਵੇਗੀ ਜਾਂਚ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਅਤੇ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲਿਆਂ ਦੀ ਜਾਂਚ ਦਾ ਦਾਇਰਾ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਤੱਕ ਵੀ ਵਧਾ ਦਿੱਤਾ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਵੱਲੋਂ ਅਕਾਲੀ ਦਲ ਨਾਲ ਸਬੰਧਤ ਛੇ ਤੋਂ ਵੱਧ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਭਿ੍ਰਸ਼ਟਾਚਾਰ ਅਤੇ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲਿਆਂ ਦੀ ਜਾਂਚ ਆਰੰਭੀ ਗਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਵਿਜੀਲੈਂਸ ਵੱਲੋਂ ਅਕਾਲੀ ਆਗੂਆਂ ਨੂੰ ਵੀ ਤਲਬ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਵਿਜੀਲੈਂਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਬਿਊਰੋ ਨੂੰ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਵਿਭਾਗਾਂ ਵਿੱਚ ਹੋਏ ਘਪਲਿਆਂ ਅਤੇ ਭਿ੍ਰਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ ਤੇ ਇਨ੍ਹਾਂ ਸ਼ਿਕਾਇਤਾਂ ਦੀ ਪੁਸ਼ਟੀ ਲਈ ਡੀਐਸਪੀ ਅਤੇ ਐਸਪੀ ਪੱਧਰ ਦੇ ਅਧਿਕਾਰੀਆਂ ਤੋਂ ਮੁਢਲੀਆਂ ਤੱਥ ਖੋਜ ਰਿਪੋਰਟਾਂ ਤਿਆਰ ਕਰਵਾਈਆਂ ਗਈਆਂ ਸਨ। ਇਨ੍ਹਾਂ ਰਿਪੋਰਟਾਂ ਦੇ ਆਧਾਰ ’ਤੇ ਹੀ ਵਿਜੀਲੈਂਸ ਨੇ ਕਾਰਵਾਈ ਨੂੰ ਅੱਗੇ ਵਧਾਇਆ ਹੈ। ਵਿਜੀਲੈਂਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਸਿੰਜਾਈ ਵਿਭਾਗ ਵਿੱਚ ਹੋਏ ਕਥਿਤ ਬਹੁ-ਕਰੋੜੀ ਘੁਟਾਲੇ ਦੇ ਮਾਮਲੇ ਦੀ ਜਾਂਚ ਵਿੱਚ ਤਾਂ ਦੋ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਸ਼ਰਨਜੀਤ ਸਿੰਘ ਢਿੱਲੋਂ ਜਾਂਚ ਦਾ ਸਾਹਮਣਾ ਕਰ ਰਹੇ ਹਨ। ਵਿਜੀਲੈਂਸ ਅਧਿਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਭਿ੍ਰਸ਼ਟਾਚਾਰ ਅਤੇ ਆਰਥਿਕ ਅਪਰਾਧ ਦੇ ਮਾਮਲਿਆਂ ਨਾਲ ਨਿਪਟਣ ਲਈ ਬਿਊਰੋ ਵਿੱਚ ਪੰਜਾਬ ਪੁਲਿਸ ਵੱਲੋਂ ਸਿਪਾਹੀ ਤੋਂ ਲੈ ਕੇ ਐਸਪੀ ਰੈਂਕ ਤੱਕ ਦੇ 200 ਦੇ ਕਰੀਬ ਮੁਲਾਜ਼ਮਾਂ ਤੇ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਜਾ ਰਹੀ ਹੈ। ਧਿਆਨ ਰਹੇ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਪਿਛਲੀਆਂ ਸਰਕਾਰਾਂ ਦੇ ਸਮੇਂ ਹੋਏ ਭਿ੍ਰਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਵਿਚ ਜੁਟੀ ਹੈ ਅਤੇ ਇਸ ਜਾਂਚ ਵਿਚ ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਕੁਝ ਸਾਬਕਾ ਮੰਤਰੀ ਅਤੇ ਸਾਬਕਾ ਵਿਧਾਇਕ ਘਿਰ ਵੀ ਚੁੱਕੇ ਹਨ।

 

Check Also

ਭਗਤ ਕਬੀਰ ਜਯੰਤੀ ਮੌਕੇ ਹੁਸ਼ਿਆਰਪੁਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਸਿੱਖਿਆ ਪ੍ਰਣਾਲੀ ਨੂੰ ਲੈ ਕੇ ਕੀਤੇ ਵੱਡੇ ਐਲਾਨ ਹੁਸ਼ਿਆਰਪੁਰ/ਬਿਊਰੋ ਨਿਊਜ਼ : ਭਗਤ ਕਬੀਰ ਜਯੰਤੀ ਮੌਕੇ …