ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ ਸਬ ਕਮੇਟੀ, ਆਪਣੇ ਯੂ ਟਿਊਬ ਚੈਨਲ ਤੋਂ ਗੁਰਬਾਣੀ ਦੇ ਪ੍ਰਸਾਰਣ ਦਾ ਸੌਂਪਿਆ ਜ਼ਿੰਮਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਨ ਹਿਤ ਨਿੱਜੀ ਟੀ. ਵੀ. ਚੈਨਲ (ਪੀ. ਟੀ. ਸੀ.) ਨਾਲ ਲੰਬੇ ਸਮੇਂ ਤੋਂ ਚੱਲ ਰਿਹਾ ਇਕਰਾਰਨਾਮਾ ਅਗਲੇ ਮਹੀਨੇ ਖਤਮ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਸੰਗਤ ਤੱਕ ਪਾਵਨ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਮੁਫ਼ਤ ਮੁਹੱਈਆ ਕਰਾਉਣ ਲਈ ਆਪਣਾ ‘ਯੂ-ਟਿਊਬ ਚੈਨਲ’ ਅਰੰਭ ਕੀਤੇ ਜਾਣ ਦੀ ਸੰਭਾਵਨਾ ਹੈ। ਜਾਣਕਾਰ ਸੂਤਰਾਂ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਕੁੱਝ ਮਹੀਨੇ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸ਼੍ਰੋਮਣੀ ਕਮੇਟੀ ਨੂੰ ਗੁਰਬਾਣੀ ਪ੍ਰਸਾਰਨ ਹਿਤ ਆਪਣਾ ਚੈਨਲ ਅਰੰਭ ਕਰਨ ਦੇ ਕੀਤੇ ਆਦੇਸ਼ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਬਣਾਈ ਗਈ ਪੰਜ ਮੈਂਬਰੀ ਸਬ ਕਮੇਟੀ ਵਲੋਂ ਨਿੱਜੀ ਚੈਨਲ ਨਾਲ ਇਕਰਾਰਨਾਮਾ ਖਤਮ ਹੋਣ ‘ਤੇ ਗੁਰਬਾਣੀ ਪ੍ਰਸਾਰਨ ਲਈ ਟੀ.ਵੀ. ਘਰਾਣਿਆਂ ਤੋਂ ਖੁੱਲ੍ਹੇ ਟੈਂਡਰ ਮੰਗਣ ਦਾ ਫ਼ੈਸਲਾ ਕੀਤਾ ਗਿਆ ਸੀ, ਪਰ ਇਸ ਪ੍ਰਕਿਰਿਆ ਨੂੰ ਅਜੇ ਸ਼ੁਰੂ ਨਹੀਂ ਸੀ ਕੀਤਾ ਗਿਆ।
ਜਾਣਕਾਰ ਸੂਤਰਾਂ ਅਨੁਸਾਰ ਬਾਅਦ ਵਿਚ ਐਡਵੋਕੇਟ ਧਾਮੀ ਨੇ ਨਿੱਜੀ ਦਿਲਚਸਪੀ ਲੈਂਦਿਆਂ ਟੈਂਡਰ ਪ੍ਰਕਿਰਿਆ ਦੀ ਥਾਂ ਸ਼੍ਰੋਮਣੀ ਕਮੇਟੀ ਦਾ ਆਪਣਾ ਯੂ-ਟਿਊਬ ਚੈਨਲ ਅਰੰਭ ਕਰਨ ਦਾ ਫ਼ੈਸਲਾ ਲਿਆ ਹੈ, ਜਿਸ ਨੂੰ ਸਬ ਕਮੇਟੀ ਵਲੋਂ ਗ਼ੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ। ਸਮਝਿਆ ਜਾਂਦਾ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਇਸ ਪ੍ਰਸਤਾਵਿਤ ਯੂ-ਟਿਊਬ ਚੈਨਲ ਨੂੰ 23 ਜੁਲਾਈ ਨੂੰ ਰਸਮੀ ਤੌਰ ‘ਤੇ ਲਾਂਚ ਕੀਤਾ ਜਾ ਸਕਦਾ ਹੈ, ਕਿਉਂਕਿ 24 ਜੁਲਾਈ ਨੂੰ ਨਿੱਜੀ ਚੈਨਲ ਪੀ. ਟੀ. ਸੀ. ਨਾਲ ਕੀਰਤਨ ਪ੍ਰਸਾਰਨ ਸੰਬੰਧੀ ਇਕਰਾਰਨਾਮਾ ਖਤਮ ਹੋਣ ਜਾ ਰਿਹਾ ਹੈ।
ਸਮਝਿਆ ਜਾਂਦਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਪ੍ਰਸਤਾਵਿਤ ਯੂ-ਟਿਊਬ ਚੈਨਲ, ਜਿਸ ਨੂੰ ‘ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਯੂ-ਟਿਊਬ ਚੈਨਲ’ ਦਾ ਨਾਂਅ ਵੀ ਦਿੱਤਾ ਜਾ ਸਕਦਾ ਹੈ, ਸਾਰਾ ਦਿਨ ਹੀ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਕਰਿਆ ਕਰੇਗਾ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਇਕ ਬੁਲਾਰੇ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਨ ਸੰਬੰਧੀ ਐਸਜੀਪੀਸੀ ਪ੍ਰਧਾਨ ਵਲੋਂ ਗਠਿਤ ਸਬ ਕਮੇਟੀ ਵਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਆਉਂਦੇ ਦਿਨਾਂ ‘ਚ ਇਸ ਸੰਬੰਧੀ ਸੰਗਤ ਨੂੰ ਪਤਾ ਲੱਗ ਜਾਵੇਗਾ।
ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਗੁਰਦੁਆਰਾ ਸੋਧ ਬਿੱਲ ਰੱਦ
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਪ੍ਰਸਾਰਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿਲ 2023 ਨੂੰ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿਚ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਰੱਦ ਕਰ ਦਿੱਤਾ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇਕ ਨੁਕਾਤੀ ਏਜੰਡੇ ‘ਤੇ ਸੱਦੇ ਗਏ ਹੰਗਾਮੀ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧੀ ਮਤਾ ਪੜ੍ਹਿਆ, ਜਿਸ ਨੂੰ ਉਥੇ ਮੌਜੂਦ ਸਮੂਹ ਮੈਂਬਰਾਂ ਨੇ ਇਕਸੁਰ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਨਾਲ ਸਿੰਘ ਸ਼ਬਦ ਲਾਉਣ ‘ਤੇ ਵੀ ਇਤਰਾਜ਼ ਕੀਤਾ ਗਿਆ। ਇਹ ਇਤਰਾਜ਼ ਬੀਬੀ ਕਿਰਨਜੋਤ ਕੌਰ ਨੇ ਕੀਤਾ, ਜਿਸ ਨੂੰ ਪ੍ਰਵਾਨ ਕਰਦਿਆਂ ਮਤੇ ਵਿਚ ਮੁੱਖ ਮੰਤਰੀ ਦਾ ਨਾਂਅ ਸ੍ਰੀ ਭਗਵੰਤ ਸਿੰਘ ਮਾਨ ਦੀ ਥਾਂ ਸ੍ਰੀ ਭਗਵੰਤ ਮਾਨ ਕਰ ਦਿੱਤਾ ਗਿਆ।
ਇਜਲਾਸ ਸਿਰਫ ਮੈਨੂੰ ਭੰਡਣ ਲਈ ਸੱਦਿਆ ਗਿਐ : ਮੁੱਖ ਮੰਤਰੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਵੱਲੋਂ ਸੱਦੇ ਗਏ ਜਨਰਲ ਇਜਲਾਸ ‘ਤੇ ਉਜ਼ਰ ਜਤਾਉਂਦਿਆਂ ਸਵਾਲ ਕੀਤਾ ਕਿ ਸ਼੍ਰੋਮਣੀ ਕਮੇਟੀ ਨੇ ਇਸ ਵਿਸ਼ੇਸ਼ ਇਜਲਾਸ ਦੌਰਾਨ ਉਨ੍ਹਾਂ ‘ਤੇ ਆਰੋਪ ਲਾਉਣ ਤੋਂ ਇਲਾਵਾ ਹੋਰ ਕੀ ਕੀਤਾ ਹੈ। ਮੁੱਖ ਮੰਤਰੀ ਨੇ ਇਕ ਬਿਆਨ ਵਿੱਚ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੱਦੇ ਵਿਸ਼ੇਸ਼ ਇਜਲਾਸ ਨੂੰ ਸਿਰਫ ਉਨ੍ਹਾਂ ਨੂੰ ਭੰਡਣ ਲਈ ਇਕ ਮੰਚ ਵਜੋਂ ਵਰਤਿਆ ਗਿਆ। ਉਨ੍ਹਾਂ ਕਿਹਾ ਕਿ ਇਜਲਾਸ ਵਿੱਚੋਂ ਪਵਿੱਤਰ ਗੁਰਬਾਣੀ ਦੇ ਮੁਫਤ ਪ੍ਰਸਾਰਣ ਦਾ ਮੁੱਦਾ ਕਿੱਥੇ ਗੁਆਚ ਗਿਆ, ਇਸ ਨੂੰ ਉਭਾਰਿਆ ਕਿਉਂ ਨਹੀਂ ਗਿਆ। ਉਨ੍ਹਾਂ ਕਿਹਾ ਕਿ ਇਹ ਇਜਲਾਸ ਸ਼੍ਰੋਮਣੀ ਕਮੇਟੀ ‘ਤੇ ਰਾਜ ਕਰ ਰਹੇ ਪਰਿਵਾਰ ਨੂੰ ਬਚਾਉਣ ਲਈ ਆਗੂਆਂ ਦੇ ਇਕੱਠ ਤੋਂ ਵੱਧ ਕੁਝ ਨਹੀਂ।
ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਿਰਫ ਆਪਣੇ ਆਕਾਵਾਂ ਦੇ ਇਸ਼ਾਰੇ ‘ਤੇ ਚੱਲ ਕੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਵਜੋਂ ਵਿਚਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਭ ਪਤਾ ਹੈ ਕਿ ਸ਼੍ਰੋਮਣੀ ਕਮੇਟੀ ਤੇ ਇਸ ਦੇ ਪ੍ਰਧਾਨ ਕਿਵੇਂ ਅਕਾਲੀ ਦਲ ‘ਚ ਇਕ ਪਰਿਵਾਰ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੇ ਹਨ।
‘ਸਿੱਖ ਗੁਰਦੁਆਰਾ ਸੋਧ ਬਿੱਲ’ ਮਨਜ਼ੂਰੀ ਲਈ ਰਾਜਪਾਲ ਬੀਐਲ ਪੁਰੋਹਿਤ ਕੋਲ ਭੇਜਿਆ
ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਵਿੱਚ ਪਾਸ ਕੀਤੇ ਗਏ ਅਹਿਮ ਬਿੱਲ ਰਾਜਪਾਲ ਕੋਲ ਪ੍ਰਵਾਨਗੀ ਲਈ ਭੇਜ ਦਿੱਤੇ ਗਏ ਹਨ। ਇਨ੍ਹਾਂ ਬਿੱਲਾਂ ‘ਚੋਂ ‘ਸਿੱਖ ਗੁਰਦੁਆਰਾ ਸੋਧ ਬਿੱਲ’ ਨੂੰ ਲੈ ਕੇ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਜਾਣਕਾਰੀ ਅਨੁਸਾਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹਿਲਾਂ ਹੀ ਆਖ ਚੁੱਕੇ ਹਨ ਕਿ ਉਹ ਸੰਵਿਧਾਨਿਕ ਨਜ਼ਰੀਏ ਤੋਂ ਇਨ੍ਹਾਂ ਬਿੱਲਾਂ ਦੀ ਘੋਖ ਕਰਨਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੁਲਾਕਾਤ ਕਰਕੇ ਰਾਜਪਾਲ ਨੂੰ ‘ਸਿੱਖ ਗੁਰਦੁਆਰਾ ਸੋਧ ਬਿੱਲ’ ਨੂੰ ਪ੍ਰਵਾਨਗੀ ਨਾ ਦੇਣ ਦੀ ਅਪੀਲ ਕਰ ਚੁੱਕੇ ਹਨ।
ਸ਼੍ਰੋਮਣੀ ਕਮੇਟੀ ਦਾ ਵਫਦ ਰਾਸ਼ਟਰਪਤੀ ਤੇ ਗ੍ਰਹਿ ਮੰਤਰੀ ਨੂੰ ਵੀ ਮਿਲੇਗਾ
ਸ਼੍ਰੋਮਣੀ ਕਮੇਟੀ ਦਾ ਇਕ ਵਫਦ ਜਲਦੀ ਹੀ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇਗਾ। ਇਹ ਸਿੱਖ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ 2023 ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵੱਲੋਂ ਸਰਬਸੰਮਤੀ ਨਾਲ ਰੱਦ ਕੀਤੇ ਗਏ ਮਤੇ ਦੀ ਸਮੁੱਚੀ ਕਾਰਵਾਈ ਬਾਰੇ ਜਾਣੂ ਕਰਵਾਏਗਾ। ਸ਼੍ਰੋਮਣੀ ਕਮੇਟੀ ਨੇ ਜਨਰਲ ਹਾਊਸ ਦੀ ਇਸ ਸਮੁੱਚੀ ਕਾਰਵਾਈ ਅਤੇ ਰੱਦ ਕੀਤੇ ਗਏ ਮਤੇ ਨੂੰ ਦਸਤਾਵੇਜ਼ੀ ਕਾਰਵਾਈ ਦੇ ਰੂਪ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤਾ ਹੈ।