ਪਿਸ਼ਾਵਰ : ਪਾਕਿਸਤਾਨ ਦੇ ਪਿਸ਼ਾਵਰ ਵਿਚ ਇਕ ਸਿੱਖ ਵਿਅਕਤੀ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਵੇਰਵਿਆਂ ਮੁਤਾਬਕ ਮ੍ਰਿਤਕ ਮਨਮੋਹਨ ਸਿੰਘ ਹਮਲੇ ਵੇਲੇ ਉਪ ਨਗਰ ਰਸ਼ੀਦ ਗੜ੍ਹੀ ਇਲਾਕੇ ਵਿਚੋਂ ਪਿਸ਼ਾਵਰ ਦੇ ਅੰਦਰੂਨੀ ਇਲਾਕੇ ਵੱਲ ਜਾ ਰਿਹਾ ਸੀ। ਇਸੇ ਦੌਰਾਨ ਉਸ ਉਤੇ ਕੁਝ ਹਥਿਆਰਬੰਦ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਹਮਲਾ ਯੱਕਾ ਤੂਤ ਪੁਲਿਸ ਥਾਣੇ ਦੀ ਹੱਦ ਅੰਦਰ ਪੈਂਦੇ ਗੁਲਦਾਰਾ ਚੌਕ ਕਕਸ਼ਾਲ ਨੇੜੇ ਕੀਤਾ ਗਿਆ। ਸਿੱਖ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ
ਅੰਮ੍ਰਿਤਸਰ : ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ‘ਚ ਸਿੱਖ ਦੁਕਾਨਦਾਰ ਮਨਮੋਹਨ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਨੇ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਹ ਕੂਟਨੀਤਕ ਪੱਧਰ ‘ਤੇ ਪਾਕਿਸਤਾਨ ਸਰਕਾਰ ਕੋਲ ਇਹ ਮਾਮਲਾ ਚੁੱਕੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਉੱਥੋਂ ਦੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਕੋਲੋਂ ਸਿੱਖ ਦੁਕਾਨਦਾਰ ਦੀ ਹੱਤਿਆ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।