ਸੁਰਜੀਤ ਸਿੰਘ ਰੱਖੜਾ ਦੇ ਵੱਡੇ ਭਰਾ ਹਨ ਦਰਸ਼ਨ ਸਿੰਘ ਧਾਲੀਵਾਲ
ਸਿਆਟਲ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਯਾਤਰਾ ‘ਚ ਇਸ ਵਾਰ ਬਾਈਡਨ ਪ੍ਰਸ਼ਾਸਨ ਨੇ ਉਨ੍ਹਾਂ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ। ਆਪਣੀ ਇਸ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ ਜਿੱਥੇ ਚੋਟੀ ਦੇ ਅਮਰੀਕੀ ਕੰਪਨੀਆਂ ਦੇ ਸੀ.ਈ.ਓ. ਨਾਲ ਮਿਲੇ, ਉੱਥੇ ਉਹ ਅਮਰੀਕਾ ਦੇ ਕੁਝ ਖ਼ਾਸ ਅਰਬਪਤੀ ਭਾਰਤੀ ਪੰਜਾਬੀ ਕਾਰੋਬਾਰੀਆਂ ਨੂੰ ਵੀ ਮਿਲੇ, ਜਿਨ੍ਹਾਂ ‘ਚ ਅਮਰੀਕੀ ਸਰਕਾਰਾਂ ਨਾਲ ਨੇੜਤਾ ਰੱਖਣ ਵਾਲੇ ਅਮਰੀਕੀ ਕਾਰੋਬਾਰੀ ਦਰਸ਼ਨ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ‘ਤੇ ਸ਼ਾਮਲ ਸਨ। ਧਾਲੀਵਾਲ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਵਾਈਟ ਹਾਊਸ ਵਿਖੇ ਦਿੱਤੇ ਸਰਕਾਰੀ ਰਾਤ ਦੇ ਖਾਣੇ ‘ਤੇ ਸੱਦੇ ਤੋਂ ਇਲਾਵਾ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਵੀ ਸੱਦਾ ਪੱਤਰ ਭੇਜਿਆ ਸੀ। ਉਹ ਆਪਣੀ ਪਤਨੀ ਸਮੇਤ ਰਾਤ ਦੇ ਖਾਣੇ ‘ਚ ਸ਼ਾਮਲ ਹੋਏ, ਜਿੱਥੇ ਪ੍ਰਧਾਨ ਮੰਤਰੀ ਮੋਦੀ ਨਾਲ ਉਨ੍ਹਾਂ ਦੀ ਕਾਫੀ ਖ਼ੁਸ਼ਗਵਾਰ ਮਾਹੌਲ ‘ਚ ਗੱਲਬਾਤ ਹੋਈ। ਯਾਦ ਰਹੇ ਇਸ ਤੋਂ ਪਹਿਲਾਂ ਦਰਸ਼ਨ ਸਿੰਘ ਧਾਲੀਵਾਲ ਨੂੰ ਭਾਰਤ ‘ਚ ਹੋਏ ਐਨ.ਆਰ.ਆਈ. ਸੰਮੇਲਨ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਨਮਾਨਿਤ ਵੀ ਕਰ ਚੁੱਕੇ ਹਨ।
ਵਾਈਟ ਹਾਊਸ ਦੇ ਖਾਣੇ ਸਮੇਂ ਹੀ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਆਪਣੇ ਕੋਲ ਆਉਣ ਦਾ ਸੱਦਾ ਦਿੱਤਾ ਸੀ। ਭਾਰਤ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦਰਸ਼ਨ ਸਿੰਘ ਧਾਲੀਵਾਲ ਦੇ ਦਰਮਿਆਨ ਬੰਦ ਕਮਰਾ ਮੀਟਿੰਗ ਹੋਈ, ਜਿਸ ਨੂੰ ਪੰਜਾਬ ਦੀ ਸਿਆਸਤ ਨਾਲ ਦੇਖ ਕੇ ਬੜਾ ਅਹਿਮ ਮੰਨਿਆ ਜਾ ਰਿਹਾ ਹੈ। ਯਾਦ ਰਹੇ ਧਾਲੀਵਾਲ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਦੇ ਵੱਡੇ ਭਰਾ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਧਾਲੀਵਾਲ ਪੰਜਾਬ ਦੀ ਸਿਆਸਤ ‘ਚ ਕੋਈ ਵੱਡਾ ਅਹਿਮ ਰੋਲ ਨਿਭਾ ਸਕਦੇ ਹਨ। ਪ੍ਰਧਾਨ ਮੰਤਰੀ ਮੋਦੀ ਨਾਲ ਵਧਦੀਆਂ ਨਜ਼ਦੀਕੀਆਂ ਇਸ ਗੱਲ ਵੱਲ ਇਸ਼ਾਰਾ ਕਰ ਰਹੀਆਂ ਹਨ ਕਿ 2024 ਦੀਆਂ ਵੋਟਾਂ ਤੋਂ ਪਹਿਲਾਂ ਧਾਲੀਵਾਲ ਦੀ ਭੂਮਿਕਾ ਅਹਿਮ ਹੋ ਸਕਦੀ ਹੈ। ਦਰਸ਼ਨ ਸਿੰਘ ਧਾਲੀਵਾਲ ਦੇ ਨਾਲ ਉਨ੍ਹਾਂ ਦੇ ਭਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਵਾਸ਼ਿੰਗਟਨ ਸਟੇਟ ਦੇ ਸਰਪ੍ਰਸਤ ਸੁਖਮਿੰਦਰ ਸਿੰਘ ਰੱਖੜਾ ਵੀ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਨਾਲ ਰਹੇ।