3.6 C
Toronto
Friday, November 14, 2025
spot_img
Homeਪੰਜਾਬਪੰਜਾਬ ਵਿਜੀਲੈਂਸ ਨੇ ਸਾਬਕਾ ਅਕਾਲੀ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਵੀ ਜਾਂਚ ਆਰੰਭੀ

ਪੰਜਾਬ ਵਿਜੀਲੈਂਸ ਨੇ ਸਾਬਕਾ ਅਕਾਲੀ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਵੀ ਜਾਂਚ ਆਰੰਭੀ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਅਤੇ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲਿਆਂ ਦੀ ਜਾਂਚ ਦਾ ਦਾਇਰਾ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੱਕ ਵੀ ਵਧਾ ਦਿੱਤਾ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਵੱਲੋਂ ਅਕਾਲੀ ਦਲ ਨਾਲ ਸਬੰਧਤ ਛੇ ਤੋਂ ਵੱਧ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਭ੍ਰਿਸ਼ਟਾਚਾਰ ਅਤੇ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲਿਆਂ ਦੀ ਜਾਂਚ ਆਰੰਭੀ ਗਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਵਿਜੀਲੈਂਸ ਵੱਲੋਂ ਅਕਾਲੀ ਆਗੂਆਂ ਨੂੰ ਵੀ ਤਲਬ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਵਿਜੀਲੈਂਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਬਿਊਰੋ ਨੂੰ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਵਿਭਾਗਾਂ ਵਿੱਚ ਹੋਏ ਘਪਲਿਆਂ ਅਤੇ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ ਤੇ ਇਨ੍ਹਾਂ ਸ਼ਿਕਾਇਤਾਂ ਦੀ ਪੁਸ਼ਟੀ ਲਈ ਡੀਐਸਪੀ ਅਤੇ ਐਸਪੀ ਪੱਧਰ ਦੇ ਅਧਿਕਾਰੀਆਂ ਤੋਂ ਮੁਢਲੀਆਂ ਤੱਥ ਖੋਜ ਰਿਪੋਰਟਾਂ ਤਿਆਰ ਕਰਵਾਈਆਂ ਗਈਆਂ ਸਨ। ਇਨ੍ਹਾਂ ਰਿਪੋਰਟਾਂ ਦੇ ਆਧਾਰ ‘ਤੇ ਹੀ ਵਿਜੀਲੈਂਸ ਨੇ ਕਾਰਵਾਈ ਨੂੰ ਅੱਗੇ ਵਧਾਇਆ ਹੈ। ਵਿਜੀਲੈਂਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਸਿੰਜਾਈ ਵਿਭਾਗ ਵਿੱਚ ਹੋਏ ਕਥਿਤ ਬਹੁ-ਕਰੋੜੀ ਘੁਟਾਲੇ ਦੇ ਮਾਮਲੇ ਦੀ ਜਾਂਚ ਵਿੱਚ ਤਾਂ ਦੋ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਸ਼ਰਨਜੀਤ ਸਿੰਘ ਢਿੱਲੋਂ ਜਾਂਚ ਦਾ ਸਾਹਮਣਾ ਕਰ ਰਹੇ ਹਨ। ਵਿਜੀਲੈਂਸ ਅਧਿਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਭ੍ਰਿਸ਼ਟਾਚਾਰ ਅਤੇ ਆਰਥਿਕ ਅਪਰਾਧ ਦੇ ਮਾਮਲਿਆਂ ਨਾਲ ਨਿਪਟਣ ਲਈ ਬਿਊਰੋ ਵਿੱਚ ਪੰਜਾਬ ਪੁਲਿਸ ਵੱਲੋਂ ਸਿਪਾਹੀ ਤੋਂ ਲੈ ਕੇ ਐਸਪੀ ਰੈਂਕ ਤੱਕ ਦੇ 200 ਦੇ ਕਰੀਬ ਮੁਲਾਜ਼ਮਾਂ ਤੇ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਜਾ ਰਹੀ ਹੈ।

 

 

RELATED ARTICLES
POPULAR POSTS