6.9 C
Toronto
Friday, November 7, 2025
spot_img
Homeਪੰਜਾਬਗੁਰਦੁਆਰਾ ਸੋਧ ਬਿੱਲ : ਅਮਿਤ ਸ਼ਾਹ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫਦ

ਗੁਰਦੁਆਰਾ ਸੋਧ ਬਿੱਲ : ਅਮਿਤ ਸ਼ਾਹ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫਦ

ਕੇਂਦਰੀ ਗ੍ਰਹਿ ਮੰਤਰੀ ਤੋਂ ਸਮਾਂ ਲੈਣ ਲਈ ਮਸ਼ਕਾਂ ਜਾਰੀ ; ਰਾਸ਼ਟਰਪਤੀ ਮੁਰਮੂ ਨਾਲ ਵੀ ਕੀਤੀ ਜਾ ਸਕਦੀ ਹੈ ਮੁਲਾਕਾਤ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦਾ ਇਕ ਵਫਦ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇਗਾ। ਇਹ ਸਿੱਖ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ 2023 ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵੱਲੋਂ ਸਰਬਸੰਮਤੀ ਨਾਲ ਰੱਦ ਕੀਤੇ ਗਏ ਮਤੇ ਦੀ ਸਮੁੱਚੀ ਕਾਰਵਾਈ ਬਾਰੇ ਜਾਣੂ ਕਰਵਾਏਗਾ।
ਸ਼੍ਰੋਮਣੀ ਕਮੇਟੀ ਨੇ ਸੋਮਵਾਰ ਨੂੰ ਜਨਰਲ ਹਾਊਸ ਦਾ ਵਿਸ਼ੇਸ਼ ਇਜਲਾਸ ਸੱਦਿਆ ਸੀ, ਜਿਸ ਵਿਚ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ ਨੂੰ ਜਨਰਲ ਹਾਊਸ ਨੇ ਮੁੱਢੋਂ ਰੱਦ ਕਰ ਦਿੱਤਾ ਸੀ।
ਸ਼੍ਰੋਮਣੀ ਕਮੇਟੀ ਨੇ ਜਨਰਲ ਹਾਊਸ ਦੀ ਇਸ ਸਮੁੱਚੀ ਕਾਰਵਾਈ ਅਤੇ ਰੱਦ ਕੀਤੇ ਗਏ ਮਤੇ ਨੂੰ ਦਸਤਾਵੇਜ਼ੀ ਕਾਰਵਾਈ ਦੇ ਰੂਪ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਸਬੰਧ ਵਿਚ ਮੁਲਾਕਾਤ ਵਾਸਤੇ ਸਮਾਂ ਲੈਣ ਦਾ ਯਤਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਬੀਤੇ ਦਿਨਾਂ ਵਿਚ ਵਾਪਰੇ ਸਮੁੱਚੇ ਘਟਨਾਕ੍ਰਮ ਬਾਰੇ ਜਾਣੂ ਕਰਵਾਇਆ ਜਾਵੇਗਾ। ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਰਾਸ਼ਟਰਪਤੀ ਨਾਲ ਵੀ ਮੁਲਾਕਾਤ ਕਰਨਾ ਚਾਹੁੰਦੀ ਹੈ ਅਤੇ ਬਾਅਦ ਵਿਚ ਇਸ ਸਬੰਧੀ ਮੁਲਾਕਾਤ ਲਈ ਵੀ ਯਤਨ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਪੰਜਾਬ ਦੇ ਰਾਜਪਾਲ ਨੂੰ ਪਹਿਲਾਂ ਹੀ ਮਿਲ ਚੁੱਕੀ ਹੈ। ਸ਼੍ਰੋਮਣੀ ਕਮੇਟੀ ਨੇ ਰਾਜਪਾਲ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ 2023 ਨੂੰ ਮਨਜ਼ੂਰੀ ਨਾ ਦਿੱਤੀ ਜਾਵੇ। ਗੌਰਤਲਬ ਹੈ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿਚ ਗੁਰਦੁਆਰਾ ਸੋਧ ਬਿੱਲ ਪਾਸ ਕੀਤਾ ਸੀ, ਜਿਸ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਹਰੇਕ ਚੈਨਲ ਨੂੰ ਹੱਕ ਦੇਣ ਦੀ ਤਜਵੀਜ਼ ਸ਼ਾਮਲ ਹੈ। ਸ਼੍ਰੋਮਣੀ ਕਮੇਟੀ ਸਮੇਤ ਸਿੱਖ ਜਥੇਬੰਦੀਆਂ ਨੇ ਸਰਕਾਰ ਦੀ ਇਸ ਕਾਰਵਾਈ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਸਰਕਾਰ ਦੀ ਇਸ ਕਾਰਵਾਈ ਨੂੰ ਸਿੱਖ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ‘ਆਪ’ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦੋਵੇਂ ਆਹਮੋ-ਸਾਹਮਣੇ ਹਨ।
ਮੁੱਖ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਿਚਾਲੇ ਸੋਸ਼ਲ ਮੀਡੀਆ ‘ਤੇ ਸ਼ਬਦੀ ਜੰਗ ਵੀ ਜਾਰੀ ਹੈ।

 

RELATED ARTICLES
POPULAR POSTS