Breaking News
Home / ਪੰਜਾਬ / ਕਿਸਾਨਾਂ ਵੱਲੋਂ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ

ਕਿਸਾਨਾਂ ਵੱਲੋਂ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ

ਮੁਹਾਲੀ ਤੋਂ ਚੰਡੀਗੜ੍ਹ ਵੱਲ ਵਧਦੇ ਕਿਸਾਨਾਂ ਦੇ ਕਾਫਲੇ ਨੂੰ ਪੁਲਿਸ ਨੇ ਰਸਤੇ ਵਿਚ ਰੋਕਿਆ
ਮੁਹਾਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਮੰਗਲਵਾਰ ਨੂੰ ਮੁਹਾਲੀ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮੱਕੀ ਤੇ ਮੂੰਗੀ ਦੀ ਫ਼ਸਲ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ‘ਤੇ ਯਕੀਨੀ ਬਣਾਉਣ ਸਮੇਤ ਹੋਰ ਜਾਇਜ਼ ਮੰਗਾਂ ਸਬੰਧੀ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਭਰ ‘ਚੋਂ ਕਿਸਾਨਾਂ ਦੇ ਕਾਫ਼ਲੇ ਸਵੇਰੇ 10 ਵਜੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਪਹੁੰਚੇ। ਦੁਪਹਿਰ 12 ਵਜੇ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਕਰੀਬ 33 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਸਾਨੀ ਮੰਗਾਂ ‘ਤੇ ਵਿਚਾਰ-ਚਰਚਾ ਕੀਤੀ। ਇਸ ਮਗਰੋਂ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਰੋਸ ਮਾਰਚ ਆਰੰਭਿਆ, ਜਿਸ ਨੂੰ ਟਰੈਫਿਕ ਲਾਈਟ ਪੁਆਇੰਟ ਫੇਜ਼-7 ‘ਤੇ ਤਾਇਨਾਤ ਮੁਹਾਲੀ ਪੁਲਿਸ ਨੇ ਰੋਕ ਲਿਆ।
ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨ ਪਾਲ, ਕਿਸਾਨ ਯੂਨੀਅਨ (ਲੱਖੋਵਾਲ) ਦੇ ਜਰਨਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕਿਸਾਨ ਯੂਨੀਅਨ ਦੁਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਰਾਜਵਿੰਦਰ ਕੌਰ, ਬੂਟਾ ਸਿੰਘ ਬੁਰਜਗਿੱਲ, ਨਿਰਭੈ ਸਿੰਘ ਢੁੱਡੀਕੇ ਸਮੇਤ ਹੋਰ ਪ੍ਰਮੁੱਖ ਆਗੂਆਂ ਨੇ ਧਰਨੇ ਨੂੰ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਮੱਕੀ ਦਾ ਘੱਟੋ-ਘੱਟ ਸਮਰਥਨ ਮੁੱਲ 2090 ਰੁਪਏ ਪ੍ਰਤੀ ਕੁਇੰਟਲ ਹੈ, ਜਦਕਿ ਮੰਡੀਆਂ ਵਿੱਚ ਇਸ ਨੂੰ ਸਿਰਫ਼ 1000 ਰੁਪਏ ਵਿੱਚ ਖਰੀਦਿਆ ਜਾ ਰਿਹਾ ਹੈ। ਇਸੇ ਤਰ੍ਹਾਂ ਮੂੰਗੀ ਦਾ ਐੱਮਐੱਸਪੀ 8556 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਹੈ, ਪਰ ਮੰਡੀ ਵਿੱਚ ਇਸ ਦੇ ਸਿਰਫ਼ 6700 ਰੁਪਏ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਫ਼ਸਲੀ ਵਿਭਿੰਨਤਾ ਲਿਆਉਣ ਤੇ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਮੱਕੀ ਅਤੇ ਮੂੰਗੀ ਬੀਜਣ ਲਈ ਕਹਿ ਰਹੇ ਹਨ ਤੇ ਦੂਜੇ ਪਾਸੇ ਕਿਸਾਨਾਂ ਨੂੰ ਇਨ੍ਹਾਂ ਫ਼ਸਲਾਂ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ। ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ 3 ਜੁਲਾਈ ਨੂੰ ਲੁਧਿਆਣਾ ਵਿੱਚ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਖੇਤੀਬਾੜੀ ਮੰਤਰੀ ਨੇ ਮੀਟਿੰਗ ਕਰਵਾਉਣ ਦਾ ਵਾਅਦਾ ਨਹੀਂ ਨਿਭਾਇਆ ਤਾਂ ਇਸ ਮੀਟਿੰਗ ਵਿੱਚ ਅਗਲੇ ਸੰਘਰਸ਼ ਦੀ ਰਣਨੀਤੀ ਉਲੀਕੀ ਜਾਵੇਗੀ।

Check Also

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ

ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।