Breaking News
Home / ਪੰਜਾਬ / ਪਿੰਡ ਵਾਸੀਆਂ ਨਾਲ ਮਿਲਣੀ ਕਰੇਗੀ ਪੰਜਾਬ ਸਰਕਾਰ

ਪਿੰਡ ਵਾਸੀਆਂ ਨਾਲ ਮਿਲਣੀ ਕਰੇਗੀ ਪੰਜਾਬ ਸਰਕਾਰ

ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਤੋਂ ਵਿਕਾਸ ਕਾਰਜਾਂ ਲਈ ਲਏ ਜਾਣਗੇ ਸੁਝਾਅ: ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਪਿੰਡਾਂ ‘ਚ ਰਹਿੰਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ‘ਕਿਸਾਨ-ਸਰਕਾਰ ਮਿਲਣੀ’ ਦੀ ਤਰਜ਼ ‘ਤੇ ‘ਪਿੰਡ-ਸਰਕਾਰ ਮਿਲਣੀ’ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਪ੍ਰੋਗਰਾਮ ‘ਚ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ‘ਚ ਭਾਈਵਾਲ ਬਣਾਉਣ ਲਈ ਸੁਝਾਅ ਲਏ ਜਾਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦਫਤਰ ‘ਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ‘ਪਿੰਡ-ਸਰਕਾਰ ਮਿਲਣੀ’ ਜ਼ਿਲ੍ਹਾ ਪੱਧਰ ‘ਤੇ ਕਰਵਾਈ ਜਾਵੇਗੀ ਜਿਸ ਵਿੱਚ ਪੰਚਾਇਤਾਂ ਅਧਿਕਾਰੀਆਂ ਨੂੰ ਪਿੰਡਾਂ ਦੇ ਵਿਕਾਸ ਲਈ ਪੇਸ਼ ਆ ਰਹੀ ਮੁਸ਼ਕਲਾਂ ਬਾਰੇ ਜਾਣੂ ਕਰਵਾਉਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਲਣੀਆਂ ਮਾਲਵਾ ਖਿੱਤੇ ਵਿਚ ਦੋ ਦਿਨ ਜਦਕਿ ਦੋਆਬੇ ਤੇ ਮਾਝੇ ‘ਚ ਇਕ-ਇਕ ਦਿਨ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਕਈ ਪੰਚਾਇਤਾਂ ਨੇ ਨਿਵੇਕਲੇ ਪ੍ਰਾਜੈਕਟ ਲਾਗੂ ਕਰਕੇ ਆਪੋ-ਆਪਣੇ ਪਿੰਡਾਂ ਨੂੰ ਮਾਡਰਨ ਪਿੰਡਾਂ ਵਜੋਂ ਵਿਕਸਤ ਕੀਤਾ ਹੈ ਤੇ ਇਨ੍ਹਾਂ ਪੰਚਾਇਤਾਂ ਪਾਸੋਂ ਸੁਝਾਅ ਵੀ ਲਏ ਜਾਣਗੇ। ਉਨ੍ਹਾਂ ‘ਕਿਸਾਨ-ਸਰਕਾਰ ਮਿਲਣੀ’ ਦੌਰਾਨ ਖੁਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਜਾ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਸਨ। ਇਸੇ ਤਰਜ਼ ‘ਤੇ ਹੁਣ ਪਿੰਡਾਂ ਦੇ ਲੋਕਾਂ ਦੇ ਸੁਝਾਵਾਂ ਨਾਲ ਪਿੰਡਾਂ ਦਾ ਵਿਕਾਸ ਕੀਤਾ ਜਾਵੇਗਾ।
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਏ. ਵੇਣੂ ਪ੍ਰਸਾਦ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਬਿਕਰਮ ਮਜੀਠੀਆ ਨੇ ਏਅਰਪੋਰਟ ’ਤੇ ਕਿਰਪਾਨ ਪਾ ਕੇ ਡਿਊਟੀ ਕਰਨ ’ਤੇ ਪਾਬੰਦੀ ਲਗਾਉਣ ਨੂੰ ਦੱਸਿਆ ਮੰਦਭਾਗਾ

ਕਿਹਾ : ਸਿਵਲ ਏਵੀਏਸ਼ਨ ਆਪਣੇ ਹੁਕਮਾਂ ’ਤੇ ਮੁੜ ਤੋਂ ਕਰੇ ਗੌਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸੀਨੀਅਰ …