ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਤਾ ਅਸਤੀਫਾ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਲੋਕ ਸਭਾ ਅਤੇ ਕੁਝ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸੰਗਠਨ ਪੱਧਰ ’ਤੇ ਵੱਡੇ ਬਦਲਾਅ ਕਰ ਸਕਦੀ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਮੱਧ ਪ੍ਰਦੇਸ਼, ਝਾਰਖੰਡ, ਪੰਜਾਬ, ਤੇਲੰਗਾਨਾ ਅਤੇ ਕੇਰਲ ਸਣੇ 5 ਸੂਬਿਆਂ ਵਿਚ ਨਵੇਂ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਸਕਦੇ ਹਨ। ਇਸ ਤਰ੍ਹਾਂ ਦੇ ਬਦਲਾਅ ਦੀਆਂ ਖਬਰਾਂ ਦੇ ਚੱਲਦਿਆਂ ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਸੁਨੀਲ ਜਾਖੜ ਪਿਛਲੇ ਸਮੇਂ ਦੌਰਾਨ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਧਿਆਨ ਰਹੇ ਕਿ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਜੇਪੀ ਨੱਢਾ ਸਣੇ ਕਈ ਸੀਨੀਅਰ ਭਾਜਪਾ ਆਗੂਆਂ ਨਾਲ ਬੈਠਕ ਕੀਤੀ ਸੀ। ਬੈਠਕ ਦੌਰਾਨ ਨੱਢਾ ਦੀ ਮੌਜੂਦਗੀ ਵਿਚ ਸੂਬਾ ਪੱਧਰ ਤੋਂ ਲੈ ਕੇ ਸਰਕਾਰ ਅਤੇ ਭਾਜਪਾ ਦੇ ਸੰਗਠਨ ਵਿਚ ਬਦਲਾਅ ’ਤੇ ਚਰਚਾ ਕੀਤੀ ਗਈ ਸੀ।