ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਸਿਲੇਬਸ ਦਾ ਹਿੱਸਾ ਬਣਾਇਆ ਜਾਵੇ : ਹਰਜੋਤ ਬੈਂਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀਆਂ ਕੇਂਦਰ ਸਰਕਾਰ ਕੋਲ ਕਈ ਮੰਗਾਂ ਲੰਬਿਤ ਹਨ। ਪਰ ਹੁਣ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰ ਤੋਂ ਇਕ ਹੋਰ ਨਵੀਂ ਮੰਗ ਕਰ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਵਿਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕੇਂਦਰੀ ਸਿੱਖਿਆ ਮੰਤਰੀ ਅੰਨਪੂਰਨਾ ਦੇਵੀ ਕੋਲੋਂ ਇਹ ਮੰਗ ਕੀਤੀ ਹੈ। ਹਰਜੋਤ ਸਿੰਘ ਬੈਂਸ ਨੇ ਇਹ ਮੰਗ ਕੇਂਦਰ ਦੀ ਨੈਸ਼ਨਲ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ ਦੀ 58ਵੀਂ ਜਨਰਲ ਕੌਂਸਲ ਦੀ ਆਨਲਾਈਨ ਮੀਟਿੰਗ ਦੌਰਾਨ ਕੀਤੀ। ਬੈਂਸ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਦੇਸ਼ ਦਾ ਮਾਰਗ ਦਰਸ਼ਕ ਰਿਹਾ ਹੈ ਅਤੇ ਉੱਤਰੀ ਭਾਰਤ ਦਾ ਪ੍ਰਵੇਸ਼ ਦੁਆਰ ਹੋਣ ਕਰਕੇ ਇਸ ਨੇ ਬਹੁਤ ਸਾਰੇ ਹਾਕਮਾਂ ਦੇ ਹਮਲਿਆਂ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ ਹੈ। ਕੇਂਦਰ ਸਰਕਾਰ ਵਲੋਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਦੀ ਇਸ ਮੰਗ ਨੂੰ ਪੂੁਰਾ ਕਰਨ ਲਈ ਅਜੇ ਤੱਕ ਕੋਈ ਭਰੋਸਾ ਦਿੱਤਾ ਗਿਆ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਸੂਬੇ ਦੇ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਨੂੰ ਸਕੂਲੀ ਪਾਠਕ੍ਰਮ ਵਿਚ ਸ਼ਾਮਲ ਕੀਤਾ ਗਿਆ ਸੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਸੀ ਕਿ ਆਈਲੈਟਸ ਨੂੰ ਵੀ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ, ਪਰ ਇਹ ਮੰਗ ਅਜੇ ਤੱਕ ਲੰਬਿਤ ਹੈ। ਕੇਂਦਰ ਸਰਕਾਰ ਨੇ ਇਸ ਬਾਰੇ ਵੀ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ।