ਵਿਜੇ ਰੁਪਾਣੀ ਬੋਲੇ : ਆਪਣੇ ਦਮ ’ਤੇ ਲੜਾਂਗੇ 13 ਲੋਕ ਸਭਾ ਸੀਟਾਂ ’ਤੇ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼ੋ੍ਰਮਣੀ ਅਕਾਲੀ ਅਤੇ ਭਾਜਪਾ ਦੇ ਗੱਠਜੋੜ ਨੂੰ ਲੈ ਕੇ ਚੱਲ ਖਬਰਾਂ ਨੂੰ ਅਫਵਾਹ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਾਡਾ ਗੱਠਜੋੜ ਬਹੁਜਨ ਸਮਾਜ ਪਾਰਟੀ ਨਾਲ ਹੈ। ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਚ ਹੋਣ ਵਾਲੀ ਮੀਟਿੰਗ ਵਿਚ ਹਿੱਸਾ ਲੈਣ ਲਈ ਪਹੁੰਚੇ ਸਨ ਅਤੇ ਇਸੇ ਦੌਰਾਨ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੀਆਂ ਖਬਰਾਂ ਨੂੰ ਅਫਵਾਹ ਦੱਸਿਆ। ਉਧਰ ਪੰਜਾਬ ’ਚ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਵੀ ਗੱਠਜੋੜ ਦੀਆਂ ਸੰਭਾਵਨਾਵਾਂ ’ਤੇ ਵਿਰਾਮ ਲਗਾ ਦਿੱਤਾ। ਵਿਜੇ ਰੁਪਾਣੀ ਅੰਮਿ੍ਰਤਸਰ ਵਿਖੇ ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਸੁਨੀਲ ਜਾਖੜ ਨਾਲ ਮੱਥਾ ਟੇਕਣ ਲਈ ਪਹੁੰਚੇ ਸਨ। ਇਥੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਚੋਣ ਗੱਠਜੋੜ ਦੀ ਸੰਭਾਵਨਾਵਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜੇਗੀ।