Breaking News
Home / ਪੰਜਾਬ / ਸ਼੍ਰੋਮਣੀ ਕਮੇਟੀ ਵੱਲੋਂ 51 ਮੁਲਾਜ਼ਮ ਮੁਅੱਤਲ

ਸ਼੍ਰੋਮਣੀ ਕਮੇਟੀ ਵੱਲੋਂ 51 ਮੁਲਾਜ਼ਮ ਮੁਅੱਤਲ

ਲੰਗਰ ‘ਚ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ‘ਚ ਘਪਲੇ ਦਾ ਮਾਮਲਾ
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਨੇ ਬੇਨੇਮੀਆਂ ਕਰਨ ਵਾਲੇ ਕਰਮਚਾਰੀਆਂ ਖਿਲਾਫ ਵੱਡੀ ਮਿਸਾਲੀ ਕਾਰਵਾਈ ਕੀਤੀ ਹੈ। ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਸੁੱਕੇ ਪ੍ਰਸ਼ਾਦਿਆਂ ਦੇ ਕਰੀਬ ਇਕ ਕਰੋੜ ਰੁਪਏ ਦੇ ਘਪਲੇ ਦੇ ਮਾਮਲੇ ਵਿੱਚ 51 ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਵਿੱਚ 8 ਮੈਨੇਜਰ, 35 ਇੰਸਪੈਕਟਰ, 6 ਸੁਪਰਵਾਈਜ਼ਰ ਅਤੇ 2 ਸਟੋਰਕੀਪਰ ਸ਼ਾਮਲ ਹਨ। ਮਿਲੇ ਵੇਰਵਿਆਂ ਮੁਤਾਬਕ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਵੱਲੋਂ ਆਪਣੀ ਜਾਂਚ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ ਗਈ ਸੀ ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਮੁਤਾਬਕ ਲੰਗਰ ਘਰ ਦੇ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ਦੀ ਰਕਮ ਜਮ੍ਹਾਂ ਨਾ ਕਰਾਉਣ ਦਾ ਇਹ ਮਾਮਲਾ ਕਰੋਨਾ ਕਾਲ ਵੇਲੇ ਦੇ 2019 ਤੋਂ ਲੈ ਕੇ 2021 ਤਕ ਤਿੰਨ ਸਾਲ ਦੇ ਸਮੇਂ ਦਾ ਹੈ। ਇਸ ਸਮੇਂ ਦੌਰਾਨ ਲੰਗਰ ਘਰ ਦੇ ਸੁੱਕੇ ਅਤੇ ਬਚੇ ਹੋਏ ਪ੍ਰਸ਼ਾਦੇ ਵੇਚੇ ਗਏ ਸਨ ਪਰ ਉਸ ਦੀ ਰਕਮ ਜਮ੍ਹਾਂ ਨਹੀਂ ਕਰਵਾਈ ਗਈ। ਇਹ ਘਪਲਾ ਕਰੀਬ ਇਕ ਕਰੋੜ ਰੁਪਏ ਦਾ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਫਲਾਇੰਗ ਵਿਭਾਗ ਦੀ ਪੜਤਾਲ ਦੇ ਆਧਾਰ ‘ਤੇ ਕੀਤੀ ਗਈ ਹੈ। ਦੂਜੇ ਪਾਸੇ ਧਾਮੀ ਨੇ ਕਿਹਾ ਹੈ ਕਿ ਗੁਰਦੁਆਰਾ ਪ੍ਰਬੰਧਾਂ ਅੰਦਰ ਕਿਸੇ ਤਰ੍ਹਾਂ ਦੀ ਅਣਗਹਿਲੀ ਅਤੇ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਗੁਰੂ ਘਰਾਂ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ। ਜਿਹੜਾ ਵੀ ਗੁਰਦੁਆਰਾ ਪ੍ਰਬੰਧਾਂ ਨੂੰ ਸੱਟ ਮਾਰੇਗਾ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਵਿਚ ਅਪਲੋਡ ਕੀਤੀ ਗਈ ਵੀਡੀਓ ਵਿਚ ਖੁਲਾਸਾ ਕੀਤਾ ਹੈ ਕਿ ਇਹ ਘਪਲਾ ਲਗਪਗ 93 ਲੱਖ ਰੁਪਏ ਦਾ ਹੈ ਤੇ ਮੁਅੱਤਲ ਕੀਤੇ ਮੁਲਾਜ਼ਮਾਂ ਤੋਂ ਇਹ ਰਕਮ ਵਸੂਲੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਗਈ ਹੈ ਉਹ ਸਿੱਧੇ ਅਤੇ ਅਸਿੱਧੇ ਰੂਪ ਵਿਚ ਇਸ ਬੇਨਿਯਮੀ ਲਈ ਜ਼ਿੰਮੇਵਾਰ ਹਨ। ਮੁਅੱਤਲ ਕੀਤੇ ਗਏ ਮੈਨੇਜਰਾਂ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਮੌਜੂਦਾ ਮੈਨੇਜਰ ਸਤਨਾਮ ਸਿੰਘ, ਸੁਖਰਾਜ ਸਿੰਘ, ਹਰਪ੍ਰੀਤ ਸਿੰਘ, ਬਲਦੇਵ ਸਿੰਘ, ਮਨਜਿੰਦਰ ਸਿੰਘ ਆਦਿ ਸ਼ਾਮਲ ਹਨ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …