Breaking News
Home / ਪੰਜਾਬ / ਪੰਜਾਬ ਸਰਕਾਰ ਨੇ ਕਈ ਵਿਅਕਤੀਆਂ ਦੇ ਆਟਾ-ਦਾਲ ਸਕੀਮ ਦੇ ਕਾਰਡ ਕੱਟੇ

ਪੰਜਾਬ ਸਰਕਾਰ ਨੇ ਕਈ ਵਿਅਕਤੀਆਂ ਦੇ ਆਟਾ-ਦਾਲ ਸਕੀਮ ਦੇ ਕਾਰਡ ਕੱਟੇ

ਗਰੀਬਾਂ ਦਾ ਹੱਕ ਖੋਹ ਰਹੀ ਹੈ ‘ਆਪ’ ਸਰਕਾਰ : ਚੰਨੀ
ਸ੍ਰੀ ਚਮਕੌਰ ਸਾਹਿਬ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬਾਂ ਨੂੰ ਮਿਲ ਰਹੀਆਂ ਸਹੂਲਤਾਂ ਬੰਦ ਕਰਕੇ ਗਰੀਬਾਂ ਦੇ ਹੱਕ ਖੋਹ ਰਹੀ ਹੈ। ਉਹ ਸ੍ਰੀ ਚਮਕੌਰ ਸਾਹਿਬ ਵਿੱਚ ਉਨ੍ਹਾਂ ਲੋਕਾਂ ਨੂੰ ਵੀ ਮਿਲੇ ਜਿਨ੍ਹਾਂ ਦੇ ਆਟਾ ਦਾਲ ਸਕੀਮ ਅਧੀਨ ਕਾਰਡ ਕੱਟ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਂਗਰਸ ਸਰਕਾਰ ਸਮੇਂ ਸਭ ਤੋਂ ਵੱਧ ਗਰੀਬ ਲੋਕਾਂ ਦੇ ਉਕਤ ਕਾਰਡ ਬਣਾਏ ਗਏ ਸਨ ਤਾਂ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ ਪਰ ਹੁਣ ‘ਆਪ’ ਸਰਕਾਰ ਨੇ ਉਨ੍ਹਾਂ ਦੇ ਕਾਰਡ ਕੱਟ ਦਿੱਤੇ ਹਨ, ਜਿਸ ਕਾਰਨ ਉਹ ਪ੍ਰੇਸ਼ਾਨ ਹੋ ਰਹੇ ਹਨ। ਚੰਨੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਨਾਲ ਡਟ ਕੇ ਖੜ੍ਹੇ ਹਨ ਅਤੇ ਉਨ੍ਹਾਂ ਦੇ ਕਾਰਡ ਮੁੜ ਤੋਂ ਚਲਾਉਣ ਲਈ ਉਹ ਉਨ੍ਹਾਂ ਦੇ ਧਰਨੇ ਵਿੱਚ ਵੀ ਸ਼ਾਮਲ ਹੋਣਗੇ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਨਾਲ ਧੱਕਾ ਕਰ ਰਹੀ ਹੈ, ਜਿਨ੍ਹਾਂ ਨੇ ਸਰਕਾਰ ਨੂੰ ਵੋਟਾਂ ਨਹੀਂ ਪਾਈਆਂ। ਚੰਨੀ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਉਹ ਲੋਕ ਹਨ ਜੋ ਆਟਾ ਦਾਲ ਸਕੀਮ ਦੇ ਅਸਲ ਹੱਕਦਾਰ ਹਨ, ਜਿਸ ਕਰਕੇ ਇਨ੍ਹਾਂ ਦੇ ਕਾਰਡ ਮੁੜ ਤੋਂ ਚਾਲੂ ਕੀਤੇ ਜਾਣ। ਇਨ੍ਹਾਂ ਲੋਕਾਂ ਨੇ ਕਾਰਡ ਕੱਟੇ ਜਾਣ ‘ਤੇ ਧਰਨੇ ਵੀ ਲਗਾਏ ਪਰ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਅਜੇ ਤੱਕ ਇਨ੍ਹਾਂ ਵੱਲ ਧਿਆਨ ਨਹੀਂ ਦਿੱਤਾ। ਇਸ ਮੌਕੇ ਕਲੋਨੀ ਦੇ ਵੱਡੀ ਗਿਣਤੀ ਲੋਕ ਮੌਜੂਦ ਸਨ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …