ਕੈਪਟਨ ਨੂੰ ਪਹਿਲਾਂ ਮਹਾਰਾਸ਼ਟਰ ਦਾ ਰਾਜਪਾਲ ਲਗਾਉਣ ਸਬੰਧੀ ਵੀ ਹੋਈ ਸੀ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼ : 2024 ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਤਿਆਰੀ ’ਚ ਲੱਗੀ ਭਾਰਤੀ ਜਨਤਾ ਪਾਰਟੀ ਕੇਂਦਰੀ ਮੰਤਰੀ ਮੰਡਲ ਅਤੇ ਸੰਗਠਨ ’ਚ ਫੇਰਬਦਲ ਦੇ ਨਾਲ-ਨਾਲ ਤਿੰਨ ਰਾਜਾਂ ਦੇ ਰਾਜਪਾਲ ਵੀ ਬਦਲ ਸਕਦੀ ਹੈ। ਜੰਮੂ-ਕਸ਼ਮੀਰ ਦੀ ਰਾਜਨੀਤੀ ’ਚ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਚਰਚਾ ਵਿਚ ਹੈ। 2020 ’ਚ ਜੰਮੂ-ਕਸ਼ਮੀਰ ਦੇ ਰਾਜਪਾਲ ਬਣੇ ਮਨੋਜ ਸਿਨਹਾ ਦੀ ਥਾਂ ਇਹ ਜ਼ਿੰਮੇਵਾਰੀ ਪੰਜਾਬ ਦੇ ਸਾਬਕਾ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਜਾ ਸਕਦੀ ਹੈ। ਜਦਕਿ ਕੁੱਝ ਮਹੀਨੇ ਪਹਿਲਾਂ ਉਨ੍ਹਾਂ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਉਣ ਸਬੰਧੀ ਵੀ ਚਰਚਾ ਹੋਈ ਸੀ ਪ੍ਰੰਤੂ ਬਾਅਦ ਵਿਚ ਇਸ ਚਰਚਾ ’ਤੇ ਵਿਰਾਮ ਲੱਗ ਗਿਆ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 81 ਸਾਲ ਦੇ ਹੋ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਨੂੰ ਛੱਡਣ ਤੋਂ ਬਾਅਦ ਉਹ ਆਪਣੀ ਪਾਰਟੀ ਨੂੰ ਭੰਗ ਕਰਨ ਤੋਂ ਬਾਅਦ ਵਿਚ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਲੋਕ ਸਭਾ ਚੋਣਾਂ ’ਚ ਉਤਰਨ ਤੋਂ ਪਹਿਲਾਂ ਦੋ ਜਾਂ ਤਿੰਨ ਰਾਜਪਾਲਾਂ ਨੂੰ ਹਟਾਉਣ ਸਬੰਧੀ ਵਿਚਾਰ ਕਰ ਰਹੀ ਹੈ। ਜਿਸ ’ਚ ਜੰਮੂ-ਕਸ਼ਮੀਰ ਦੇ ਨਾਲ-ਨਾਲ ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਦਾ ਨਾਂ ਵੀ ਸ਼ਾਮਲ ਹੈ।