ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਟੀਚਰਾਂ ਅਤੇ ਹੋਰ ਸਟਾਫ਼ ਨੂੰ ਜਲਦੀ ਹੀ ਰੈਗੂਲਰ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਲਗਾਤਾਰ ਇਸ ਦਿਸ਼ਾ ਵਿਚ ਅੱਗੇ ਵਧ ਰਹੀ ਹੈ। ਭਗਵੰਤ ਮਾਨ ਸਰਕਾਰ ਨੇ ਪਟਿਆਲਾ ਦੇ ਸਰਕਾਰੀ ਆਯੂਰਵੈਦਿਕ ਕਾਲਜ ਦੇ ਸਟਾਫ਼ ਨੂੰ ਜਲਦੀ ਹੀ ਰੈਗੂਲਰ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬੇਸ਼ੱਕ ਨੈਸ਼ਨਲ ਕਮਿਸ਼ਨ ਫਾਰ ਇੰਡੀਅਨ ਸਿਸਟਮ ਆਫ਼ ਮੈਡੀਸਿਨ ਵੱਲੋਂ ਆਯੂਰਵੈਦਿਕ ਕਾਲਜਾਂ ਨੂੰ ਬੰਦ ਕਰਨ ਲਈ ਕਿਹਾ ਗਿਆ ਹੈ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਾਲਜ ਨੂੰ ਖੁੱਲ੍ਹਾ ਰੱਖਣ ਦੇ ਨਾਲ-ਨਾਲ ਕਾਲਜ ਸਟਾਫ਼ ਨੂੰ ਵੀ ਰੈਗੂਲਰ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਆਯੂਰਵੈਦਿਕ ਸੰਸਥਾ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਟਿਆਲਾ ਦਾ ਸਰਕਾਰੀ ਆਯੂਰਵੈਦਿਕ ਕਾਲਜ ਪ੍ਰਾਚੀਨ ਭਾਰਤੀ ਚਿਕਤਿਸਾ ਪ੍ਰਣਾਲੀ ਦੀ ਸੁਰੱਖਿਆ ਕਰ ਰਿਹਾ ਅਤੇ ਇਥੇ ਇਕ ਫਾਰਮੇਸੀ ਅਤੇ ਹਸਪਤਾਲ ਦੀ ਸਹੂਲਤ ਵੀ ਸ਼ੁਰੂ ਕੀਤੀ ਜਾ ਰਹੀ ਹੈ।