ਧਾਮੀ ਨੇ ਕਿਹਾ : ਮਾਨਵਤਾ ਨਾਲ ਮੁਸ਼ਕਲ ਸਮੇਂ ’ਤੇ ਖੜ੍ਹਨਾ ਐਸਜੀਪੀਸੀ ਦੀ ਰਵਾਇਤ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਵਿਚ ਲੰਘੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਬਣੀ ਹੜ੍ਹ ਦੀ ਸਥਿਤੀ ਨੂੰ ਵੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਵਲੋਂ ਹੜ੍ਹ ਪੀੜਤਾਂ ਲਈ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਪ੍ਰਬੰਧ ਕੀਤੇ ਗਏ ਹਨ। ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸਰਾਵਾਂ ਅੰਦਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਫ਼ਤ ਕਮਰੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ ਵਿਚ ਲੰਗਰ ਅਤੇ ਹੋਰ ਵਸਤਾਂ ਦੀ ਵਿਵਸਥਾ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਮਾਨਵਤਾ ਨਾਲ ਮੁਸ਼ਕਲ ਸਮੇਂ ’ਤੇ ਖੜ੍ਹਨਾ ਸ਼੍ਰੋਮਣੀ ਕਮੇਟੀ ਦੀ ਰਵਾਇਤ ਰਹੀ ਹੈ ਅਤੇ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਿੱਖ ਸੰਸਥਾ ਹਰ ਕੁਦਰਤੀ ਆਫ਼ਤ ਸਮੇਂ ਲੋਕਾਈ ਲਈ ਮੱਦਦਗਾਰ ਬਣੀ ਹੈ। ਉਨ੍ਹਾਂ ਆਖਿਆ ਕਿ ਮੌਜੂਦਾ ਸਮੇਂ ਵੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸੇਵਾਵਾਂ ਦੇਣ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਆਖਿਆ ਗਿਆ ਹੈ। ਵੱਖ-ਵੱਖ ਜ਼ਿਲ੍ਹਿਆਂ ਵਿਚ 25 ਤੋਂ ਵੱਧ ਗੁਰਦੁਆਰਾ ਸਾਹਿਬਾਨ ਅੰਦਰ ਕੇਂਦਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਹਰ ਗੁਰਦੁਆਰਾ ਸਾਹਿਬ ਦੀਆਂ ਸਰਾਵਾਂ ਅੰਦਰ ਹੜ੍ਹ ਪੀੜਤਾਂ ਨੂੰ ਮੁਫ਼ਤ ਕਮਰੇ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।