ਗਿੱਦੜਬਾਹਾ/ਬਿਊਰੋ ਨਿਊਜ਼ : ‘ਆਪਣਾ ਪੰਜਾਬ’ ਪਾਰਟੀ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਮਾਤਾ ਤੇਜ ਕੌਰ ਦੇ ਦੇਹਾਂਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ। ਇਸ ਮਗਰੋਂ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਐਸਵਾਈਐਲ ਲਈ ਜਿੰਨੀ ਜ਼ਿੰਮੇਵਾਰ ਕਾਂਗਰਸ ਹੈ, ਉਸ ਤੋਂ ਵੱਧ ਅਕਾਲੀ ਦਲ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਨੂੰ ਆਪਣੇ ਹਿੱਤ ਪਿਆਰੇ ਹਨ। ਛੋਟੇਪੁਰ ਨੇ ਕਿਹਾ ਕਿ ਪਾਣੀਆਂ ਦੇ ਮੁੱਦੇ ‘ਤੇ ਹਰ ਵਾਰ ਪੰਜਾਬ ਨਾਲ ਧੱਕਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਸਮੇਂ ਪਾਣੀਆਂ ਦੇ ਮੁੱਦੇ ‘ਤੇ ਸਹੀ ਫ਼ੈਸਲਾ ਲਿਆ ਸੀ ਅਤੇ ਉਸ ਤੋਂ ਬਾਅਦ ਕਾਂਗਰਸ ਨੇ ਵਿਰੋਧੀ ਧਿਰ ਵਜੋਂ ਆਪਣੀ ਜ਼ਿੰਮੇਵਾਰੀ ਚੰਗੀ ਤਰ੍ਹਾਂ ਨਹੀਂ ਨਿਭਾਈ। ਇਸ ਕਰਕੇ ਪੰਜਾਬ ਨੂੰ ਇਹ ਦਿਨ ਦੇਖਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਐਸਵਾਈਐਲ ਮੁੱਦੇ ‘ਤੇ ਅਕਾਲੀ ਦਲ ਅਤੇ ਕਾਂਗਰਸ ਆਪਣੀਆਂ ਰਾਜਨੀਤਿਕ ਰੋਟੀਆਂ ਸੇਕਣ ਦੀ ਤਾਕ ਵਿੱਚ ਹੈ ਪਰ ਲੋਕਾਂ ਨੂੰ ਹੁਣ ਇਨ੍ਹਾਂ ਪਾਰਟੀਆਂ ‘ਤੇ ਭਰੋਸਾ ਨਹੀਂ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ 10 ਰੋਜ਼ਾ ਪੰਜਾਬ ਫੇਰੀ ‘ਤੇ ਬੋਲਦਿਆਂ ਛੋਟੇਪੁਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਟਿਕਟਾਂ ਦੇ ਨਾਮ ‘ਤੇ ਪੰਜਾਬ ਵਿੱਚੋਂ 200 ਕਰੋੜ ਰੁਪਏ ਇਕੱਠੇ ਕੀਤੇ ਹਨ। ਕਾਲੇ ਧਨ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆ ਫ਼ੈਸਲਾ ਸ਼ਲਾਘਾਯੋਗ ਹੈ ਪਰ ਆਮ ਲੋਕਾਂ ਦੀ ਤਕਲੀਫ਼ ਨੂੰ ਵੀ ਧਿਆਨ ਵਿੱਚ ਰੱਖਣਾ ਚਾਹੀਦਾ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …