Breaking News
Home / ਹਫ਼ਤਾਵਾਰੀ ਫੇਰੀ / ਓਪੀ ਸੋਨੀ ਸਰੋਤਾਂ ਤੋਂ ਵੱਧ ਆਮਦਨ ਦੇ ਮਾਮਲੇ ਵਿਚ ਗ੍ਰਿਫਤਾਰ

ਓਪੀ ਸੋਨੀ ਸਰੋਤਾਂ ਤੋਂ ਵੱਧ ਆਮਦਨ ਦੇ ਮਾਮਲੇ ਵਿਚ ਗ੍ਰਿਫਤਾਰ

ਪੁਲਿਸ ਰਿਮਾਂਡ ਮਿਲਣ ਮਗਰੋਂ ਸੋਨੀ ਦੀ ਸਿਹਤ ਵਿਗੜੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਓਪੀ ਸੋਨੀ ਨੂੰ ਵਿਜੀਲੈਂਸ ਬਿਊਰੋ ਨੇ ਸਰੋਤਾਂ ਤੋਂ ਵੱਧ ਆਮਦਨ ਦੇ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਬਾਅਦ ਜਦੋਂ ਓਪੀ ਸੋਨੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਦਾਲਤ ਨੇ ਪੁੱਛ-ਪੜਤਾਲ ਵਾਸਤੇ ਉਨ੍ਹਾਂ ਨੂੰ ਦੋ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ। ਅਦਾਲਤੀ ਕਾਰਵਾਈ ਤੋਂ ਬਾਅਦ ਸੋਨੀ ਨੇ ਸਿਹਤ ਖਰਾਬ ਹੋਣ ਅਤੇ ਬਲੱਡ ਪ੍ਰੈੱਸ਼ਰ ਵਧਣ ਦੀ ਸ਼ਿਕਾਇਤ ਕੀਤੀ ਤਾਂ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਸਾਬਕਾ ਕਾਂਗਰਸੀ ਮੰਤਰੀ ਨੂੰ ਪਿਛਲੇ ਦਿਨੀਂ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਓਪੀ ਸੋਨੀ ਨੂੰ ਅਦਾਲਤ ਵਿਚ ਪੇਸ਼ ਕਰਨ ਮੌਕੇ ਅਦਾਲਤ ਕੰਪਲੈਕਸ ਵਿੱਚ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਪੁੱਜੇ ਹੋਏ ਸਨ। ਸੋਨੀ ਖਿਲਾਫ ਕਾਰਵਾਈ ਸਿਆਸੀ ਮੁਫਾਦਾਂ ਤੋਂ ਪ੍ਰੇਰਿਤ : ਵੜਿੰਗ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੋਵਾਂ ਨੇ ਹਸਪਤਾਲ ਵਿਚ ਸੋਨੀ ਦਾ ਹਾਲ ਪੁੱਛਿਆ ਅਤੇ ਉਨ੍ਹਾਂ ਨਾਲ ਖੜ੍ਹੇ ਰਹਿਣ ਦਾ ਭਰੋਸਾ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਆਰੋਪ ਲਾਇਆ ਕਿ ਸਰਕਾਰ ਵੱਲੋਂ ਕੀਤੀ ਗਈ ਇਹ ਕਾਰਵਾਈ ਸਿਆਸੀ ਮੁਫਾਦਾਂ ਤੋਂ ਪ੍ਰੇਰਿਤ ਹੈ। ‘ਆਪ’ ਸਰਕਾਰ ਵੱਲੋਂ ਇਸ ਵੇਲੇ ਸਿਰਫ਼ ਕਾਂਗਰਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ‘ਆਪ’ ਸਰਕਾਰ ਦੀ ਅਜਿਹੀ ਪੱਖਪਾਤੀ ਕਾਰਵਾਈ ਤੋਂ ਡਰਨ ਵਾਲੀ ਨਹੀਂ। ਇਸ ਸਬੰਧੀ ਅਦਾਲਤ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ।
ਬਾਜਵਾ ਵੱਲੋਂ ‘ਆਪ’ ‘ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦਾ ਆਰੋਪ : ਚੰਡੀਗੜ੍ਹ : ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਦੀ ਗ੍ਰਿਫਤਾਰੀ ਮਗਰੋਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਕਾਂਗਰਸੀ ਆਗੂਆਂ ਦੇ ਅਕਸ ਨੂੰ ਖ਼ਰਾਬ ਕਰਨ ਲਈ ਵਿਜੀਲੈਂਸ ਬਿਊਰੋ ਸਮੇਤ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦਾ ਆਰੋਪ ਲਾਇਆ ਹੈ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਬਦਲਾਖੋਰੀ ਦੀ ਸਿਆਸਤ ਤੋਂ ਇਲਾਵਾ ਕੁਝ ਵੀ ਨਹੀਂ ਹੈ। ਬਾਜਵਾ ਨੇ ਕਿਹਾ, ”ਹੁਣ ਜਦੋਂ ‘ਆਪ’ ਸਰਕਾਰ ‘ਤੇ ਲਗਾਤਾਰ ਪੈ ਰਹੇ ਮੀਂਹ ਕਾਰਨ ਪੈਦਾ ਹੋ ਰਹੇ ਹਾਲਾਤ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਨਾ ਕੀਤੇ ਜਾਣ ਦੇ ਆਰੋਪ ਲੱਗ ਰਹੇ ਹਨ ਤਾਂ ਉਨ੍ਹਾਂ ਵਿਰੋਧੀ ਪਾਰਟੀ ਦੇ ਆਗੂਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ‘ਆਪ’ ਦਾ ਇੱਕ ਪੈਟਰਨ ਹੈ। ਜਦੋਂ ਵੀ ਇਸ ਦੀ ਲੀਡਰਸ਼ਿਪ ਦੇ ਮੰਦੇ ਕੰਮ ਸਾਹਮਣੇ ਆਉਣੇ ਸ਼ੁਰੂ ਹੁੰਦੇ ਹਨ ਤਾਂ ਉਹ ਵਿਰੋਧੀਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੰਦੀ ਹੈ।”
ਭਗਵੰਤ ਮਾਨ ਸਾਡੀ ਹਿੰਦੂ ਲੀਡਰਸ਼ਿਪ ਖਿਲਾਫ ਸਾਜਿਸ਼ ਰਚ ਰਹੇ ਹਨ : ਕਾਂਗਰਸ : ਨਵੀਂ ਦਿੱਲੀ : ਕਾਂਗਰਸ ਨੇ ਪੰਜਾਬ ਦੇ ਆਪਣੇ ਸੀਨੀਅਰ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਗ੍ਰਿਫਤਾਰੀ ਬਾਰੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਸਿਆਸੀ ਹਮਲਾ ਕਰਦੇ ਹੋਏ ਆਰੋਪ ਲਗਾਇਆ ਕਿ ਉਹ ਸੂਬੇ ਵਿਚ ਕਾਂਗਰਸ ਦੀ ਹਿੰਦੂ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਣ ਦੀ ਸਾਜਿਸ਼ ਰਚ ਰਹੇ ਹਨ ਅਤੇ ਭਾਜਪਾ ਦੀ ਮਦਦ ਕਰਨਾ ਚਾਹੁੰਦੇ ਹਨ। ਪਾਰਟੀ ਦੇ ਮੀਡੀਆ ਵਿਭਾਗ ਦੇ ਮੁਖੀ ਪਵਨ ਖੇੜਾ ਨੇ ਵੀ ਦਾਅਵਾ ਕੀਤਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਕੇਂਦਰ ਸਰਕਾਰ ਵਾਂਗ ‘ਹੈੱਡਲਾਈਨ ਮੈਨੇਜਮੈਂਟ’ ਵਿੱਚ ਲੱਗੀ ਹੋਈ ਹੈ।

Check Also

ਭਾਰਤੀ ਵਿਦਿਆਰਥੀਆਂ ਲਈ ਕੈਨੇਡਾ ‘ਚ ਮੁਸ਼ਕਲਾਂ ਵਧੀਆਂ

ਸਟੱਡੀ ਵੀਜ਼ਾ ‘ਚ 50 ਫੀਸਦੀ ਦੀ ਗਿਰਾਵਟ ਓਟਵਾ : ਕੈਨੇਡਾ ਵਿਚ ਸਟੱਡੀ ਦੀ ਚਾਹਤ ਰੱਖਣ …