ਕਿਹਾ, ਨਾਭਾ ਜੇਲ੍ਹ ਬਰੇਕ ਘਟਨਾ ਸਬੰਧੀ ਬਾਦਲ ਸਰਕਾਰ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿੱਖ ਕੇ ਨਾਭਾ ਜੇਲ੍ਹ ਬਰੇਕ ਘਟਨਾ ਦੇ ਮੱਦੇਨਜ਼ਰ ਬਾਦਲ ਸਰਕਾਰ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਕੈਪਟਨ ਨੇ ਮੰਗ ਕੀਤੀ ਕਿ ਪੰਜਾਬ ‘ਚ ਰਾਸ਼ਟਰਪਤੀ ਰਾਜ ਲੱਗਣਾ ਚਾਹੀਦਾ ਹੈ। ਇਕ ਵੱਖਰੇ ਪੱਤਰ ‘ਚ ਕੈਪਟਨ ਅਮਰਿੰਦਰ ਨੇ ਮੁੱਖ ਚੋਣ ਕਮਿਸ਼ਨਰ ਡਾ. ਨਸੀਮ ਜੈਦੀ ਨੂੰ ਵੀ ਲਿਖ ਕੇ ਉਨ੍ਹਾਂ ਨੂੰ ਬਗੈਰ ਕਿਸੇ ਦੇਰੀ ਸੂਬੇ ਅੰਦਰ ਚੋਣ ਜਾਬਤਾ ਲਾਗੂ ਕਰਨ ਲਈ ਕਿਹਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਭਾਈਚਾਰੇ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਅਕਾਲੀਆਂ ਦੀ ਕਾਰਜਪ੍ਰਣਾਲੀ ਦਾ ਹਿੱਸਾ ਹੈ। ਕੈਪਟਨ ਅਮਰਿੰਦਰ ਨੇ ਮੁੱਖ ਚੋਣ ਕਮਿਸ਼ਨਰ ਨੂੰ ਪੰਜਾਬ ਦੇ ਹਾਲਾਤਾਂ ‘ਤੇ ਗੰਭੀਰ ਨੋਟਿਸ ਲੈਣ ਦੀ ਅਪੀਲ ਕੀਤੀ ਹੈ ਅਤੇ ਸੂਬੇ ਵਿਚ ਰਾਸ਼ਟਰਪਤੀ ਸ਼ਾਸਨ ਹੇਠ ਨਿਰਪੱਖ ਤੇ ਸੁਤੰਤਰ ਚੋਣਾਂ ਕਰਵਾਉਣ ਲਈ ਚੋਣ ਜਾਬਤਾ ਲਾਗੂ ਕਰਨ ਲਈ ਤੁਰੰਤ ਕਦਮ ਚੁੱਕਣ ਵਾਸਤੇ ਕਿਹਾ ਹੈ।

