ਸਿੱਖ ਗੁਰਦੁਆਰਾ ਐਕਟ 1925 ’ਚ ਸੋਧ ਬਿੱਲ ਰੱਦ ਕਰਨ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣਾ ਯੂ ਟਿਊਬ ਚੈਨਲ ਸ਼ੁਰੂ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਸਦੇ ਚੱਲਦਿਆਂ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਬਿੱਲ ਨੂੰ ਰੱਦ ਕਰਕੇ ਮਾਫੀ ਮੰਗਣ ਦੀ ਨਸੀਹਤ ਦਿੱਤੀ ਹੈ। ਚੰਨੀ ਨੇ ਸੀਐਮ ਮਾਨ ਨੂੰ ਇਸਦੇ ਲਈ ਜਲਦ ਹੀ ਵਿਧਾਨ ਸਭਾ ਦਾ ਇਜਲਾਸ ਬੁਲਾਉਣ ਲਈ ਕਿਹਾ ਹੈ। ਚੰਨੀ ਨੇ ਕਿਹਾ ਕਿ ਐਸਜੀਪੀਸੀ ਨੇ ਯੂ ਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਲੋਕਾਂ ਨੂੰ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਮਿਲੇਗਾ। ਚੰਨੀ ਨੇ ਐਸਜੀਪੀਸੀ ਦੇ ਇਸ ਫੈਸਲੇ ਦਾ ਸਵਾਗਤ ਵੀ ਕੀਤਾ। ਧਿਆਨ ਰਹੇ ਕਿ ਐਸਜੀਪੀਸੀ 24 ਜੁਲਾਈ 2023 ਤੋਂ ਗੁਰਬਾਣੀ ਦਾ ਪ੍ਰਸਾਰਣ ਸ਼ੁਰੂ ਕਰਨ ਜਾ ਰਹੀ ਹੈ, ਜਿਸਦਾ ਨਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਰਤਸਰ ਰੱਖਿਆ ਗਿਆ ਹੈ। ਇਸ ਤੋਂ ਬਾਅਦ ਹੁਣ ਐਸਜੀਪੀਸੀ ਆਪਣਾ ਸੈਟੇਲਾਈਟ ਚੈਨਲ ਵੀ ਲਾਂਚ ਕਰਨ ਦੀਆਂ ਤਿਆਰੀਆਂ ਵਿਚ ਜੁਟ ਗਈ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ ਇਜਲਾਸ ਦੌਰਾਨ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਬਿੱਲ ਪਾਸ ਕੀਤਾ ਸੀ। ਫਿਲਹਾਲ ਇਹ ਬਿੱਲ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਕੋਲ ਦਸਤਖਤ ਕਰਨ ਲਈ ਭੇਜਿਆ ਗਿਆ ਹੈ।