ਹੜ੍ਹਾਂ ਸਬੰਧੀ ਵਿਧਾਨ ਸਭਾ ਦਾ ਇਜਲਾਸ ਬੁਲਾਉਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਹੜ੍ਹਾਂ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕੀਤੀ ਹੈ। ਹਰਸਿਮਰਤ ਕੌਰ ਬਾਦਲ ਮਾਨਸਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਭਗਵੰਤ ਮਾਨ ਨੂੰ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਦਾ ਪ੍ਰਚਾਰ ਕਰਨ ਲਈ ਹਵਾਈ ਯਾਤਰਾਵਾਂ ਬੰਦ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਸਬੰਧੀ ਚਰਚਾ ਕਰਨ ਲਈ ਮੁੱਖ ਮੰਤਰੀ ਵਿਧਾਨ ਸਭਾ ਦਾ ਇਜਲਾਸ ਬੁਲਾਉਣ। ਉਨ੍ਹਾਂ ਪੰਜਾਬ ’ਚ ਹੜ੍ਹਾਂ ਵਰਗੀ ਬਣੀ ਸਥਿਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ। ਹਰਸਿਮਰਤ ਕੌਰ ਬਾਦਲ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਸਰਕਾਰ ਕੋਲੋਂ ਲੋਕਾਂ ਦੇ ਭਲੇ ਦੀ ਕੋਈ ਆਸ ਨਹੀਂ ਰੱਖੀ ਜਾ ਸਕਦੀ। ਧਿਆਨ ਰਹੇ ਕਿ ਹਰਸਿਮਰਤ ਕੌਰ ਬਾਦਲ ਮਾਨਸਾ ਦੇ ਬੁਢਲਾਡਾ ਅਤੇ ਸਰਦੂਲਗੜ੍ਹ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਸਨ।