ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਨੂੰ ਦਿੱਤਾ ਹੌਸਲਾ
ਕਿਹਾ : ਹੜ੍ਹਾਂ ਦੀ ਸਥਿਤੀ ’ਤੇ ਲਗਾਤਾਰ ਰੱਖ ਰਿਹਾ ਹਾਂ ਨਜ਼ਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਹੜ੍ਹ ਦੀ ਸਥਿਤੀ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਿਅਕਤੀਗਤ ਤੌਰ ’ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਨੇ ਪੰਜਾਬ ਵਾਸੀਆਂ ਲਈ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਉਹ ਪਠਾਨਕੋਟ ਤੋਂ ਸਰਦੂਲਗੜ੍ਹ ਤੱਕ ਸੂਬੇ ਭਰ ਵਿਚ ਹੜ੍ਹ ਦੀ ਸਥਿਤੀ ’ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪਹੁੰਚਾਉਣ ਲਈ ਪ੍ਰਤੀਬੱਧ ਹੈ ਅਤੇ ਇਸ ਨੇਕ ਕੰਮ ਦੇ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੀਐਮ ਨੇ ਕਿਹਾ ਕਿ ਸੂਬਾ ਸਰਕਾਰ ਇਸ ਕਠਿਨ ਸਮੇਂ ਲੋਕਾਂ ਨਾਲ ਖੜ੍ਹੀ ਹੈ ਅਤੇ ਲੋੜਵੰਦਾਂ ਦੀ ਮੱਦਦ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਮੰਤਰੀ, ਸੀਨੀਅਰ ਅਧਿਕਾਰੀ ਅਤੇ ਹੋਰ ਪ੍ਰਸ਼ਾਸਨਿਕ ਮਸ਼ੀਨਰੀ ਪੀੜਤ ਲੋਕਾਂ ਦੀ ਮੱਦਦ ਲਈ ਪੂਰੀ ਤਰ੍ਹਾਂ ਤੱਤਪਰ ਹੈ। ਸੀਐਮ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਵੱਡੇ ਪੈਮਾਨੇ ’ਤੇ ਰਾਹਤ ਅਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਵੀ ਕਰੇਗੀ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਦੇ ਕਾਰਣ ਫਸਲਾਂ, ਘਰਾਂ ਅਤੇ ਹੋਰ ਚੀਜ਼ਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।