ਦੋ ਦਿਨ ਦੇ ਰਿਮਾਂਡ ਤੋਂ ਬਾਅਦ ਭੇਜਿਆ ਸੀ ਨਿਆਇਕ ਹਿਰਾਸਤ ‘ਚ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਓਮ ਪ੍ਰਕਾਸ਼ ਸੋਨੀ ਇਕ ਵਾਰ ਫਿਰ ਹਸਪਤਾਲ ਪਹੁੰਚ ਗਏ ਹਨ। ਓਪੀ ਸੋਨੀ ਨੂੰ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਪਿਛਲੇ ਦਿਨੀਂ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ। ਓਪੀ ਸੋਨੀ ਨੂੰ ਅਦਾਲਤ ਦੇ ਨਿਰਦੇਸ਼ਾਂ ‘ਤੇ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਪਰ ਬੁੱਧਵਾਰ ਰਾਤ ਉਨ੍ਹਾਂ ਨੂੰ ਦੁਬਾਰਾ ਫਿਰ ਹਸਪਤਾਲ ਲਿਜਾਇਆ ਗਿਆ। ਬੁੱਧਵਾਰ ਨੂੰ ਨਿਆਇਕ ਹਿਰਾਸਤ ਵਿਚ ਭੇਜੇ ਜਾਣ ਤੋਂ ਬਾਅਦ ਰਾਤ ਤੱਕ ਉਹ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਹੀ ਸਨ, ਪਰ ਅਚਾਨਕ ਉਨ੍ਹਾਂ ਦੀ ਸਿਹਤ ਵਿਗੜਨ ਲੱਗੀ, ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਓਪੀ ਸੋਨੀ ਨੂੰ ਵਿਜੀਲੈਂਸ ਰਿਮਾਂਡ ਮਿਲਣ ਤੋਂ ਬਾਅਦ ਵੀ ਸਰਕਾਰੀ ਹਸਪਤਾਲ ਦੀ ਜਗ੍ਹਾ ਪ੍ਰਾਈਵੇਟ ਹਸਪਤਾਲ ਵਿਚ ਰੈਫਰ ਕਰਨ ‘ਤੇ ਵਿਵਾਦ ਖੜ੍ਹਾ ਹੋ ਗਿਆ ਸੀ। ਜਿਸ ਤੋਂ ਬਾਅਦ ਓਪੀ ਸੋਨੀ ਨੂੰ ਫੋਰਟਿਸ ਐਸਕਾਰਟ ਹਸਪਤਾਲ ਵਿਚ ਰੈਫਰ ਕਰਨ ਵਾਲੀ ਮਹਿਲਾ ਡਾਕਟਰ ਦਾ ਅੰਮ੍ਰਿਤਸਰ ਤੋਂ ਤਬਾਦਲਾ ਵੀ ਕਰ ਦਿੱਤਾ ਗਿਆ ਸੀ। ਵਿਜੀਲੈਂਸ ਦਾ ਆਰੋਪ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਆਪਣੀ ਆਮਦਨ ਤੋਂ 176.8 ਫੀਸਦੀ ਜ਼ਿਆਦਾ ਖਰਚ ਕੀਤਾ ਹੈ।