ਨਵ-ਨਿਯੁਕਤ ਪ੍ਰਬੰਧਕੀ ਡਾਇਰੈਕਟਰ ਜਸਬੀਰ ਸਿੰਘ ਸੁਰਸਿੰਘ ਨੂੰ ਅਹੁਦਾ ਸੰਭਾਲਣ ਦੀ ਦਿੱਤੀ ਵਧਾਈ
ਪਟਿਆਲਾ/ਬਿਊਰੋ ਨਿਊਜ਼ : ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਤਾਪ ਘਰਾਂ ਵਿੱਚ 45 ਦਿਨਾਂ ਲਈ ਕੋਲੇ ਦਾ ਭੰਡਾਰ ਮੌਜੂਦ ਹੈ ਤੇ ਸੂਬੇ ਵਿੱਚ ਬਿਜਲੀ ਦੀ ਕੋਈ ਕਿੱਲਤ ਨਹੀਂ। ਇਸ ਦੇ ਬਾਵਜੂਦ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਦੀ ਪ੍ਰਕਿਰਿਆ ਜਾਰੀ ਹੈ ਤੇ ਪੰਜਾਬ ਜਲਦੀ ਹੀ ਵਾਧੂ ਬਿਜਲੀ ਵਾਲਾ ਸੂਬਾ ਬਣੇਗਾ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਹੜ੍ਹਾਂ ਦੇ ਬਾਵਜੂਦ ਬਿਜਲੀ ਵਿਭਾਗ ਨੇ ਨਿਰਵਿਘਨ ਬਿਜਲੀ ਸਪਲਾਈ ਜਾਰੀ ਰੱਖੀ। ਉਹ ਪਟਿਆਲਾ ਵਿਖੇ ਪੰਜਾਬ ਰਾਜ ਬਿਜਲੀ ਨਿਗਮ ਦੇ ਨਵ-ਨਿਯੁਕਤ ਪ੍ਰਬੰਧਕੀ ਡਾਇਰੈਕਟਰ ਜਸਬੀਰ ਸਿੰਘ ਸੁਰਸਿੰਘ ਵੱਲੋਂ ਅਹੁਦਾ ਸੰਭਾਲਣ ਮੌਕੇ ਪੁੱਜੇ ਹੋਏ ਸਨ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਕੁਲਦੀਪ ਸਿੰਘ ਧਾਲੀਵਾਲ, ਪਟਿਆਲਾ ਤੋਂ ਵਿਧਾਇਕ ਅਜੀਤਪਾਲ ਕੋਹਲੀ ਤੇ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਸਮੇਤ ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਅਤੇ ਪਾਵਰਕੌਮ ਦੇ ਸੀਐੱਮਡੀ ਬਲਦੇਵ ਸਿੰਘ ਸਰਾਂ ਨੇ ਵੀ ਸ਼ਿਰਕਤ ਕੀਤੀ। ਮੀਡੀਆ ਨੂੰ ਸੰਬੋਧਨ ਕਰਦਿਆਂ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਹੜ੍ਹਾਂ ਨੇ ਪੰਜਾਬ ਦੀਆਂ ਕਈ ਥਾਵਾਂ ‘ਤੇ ਬਿਜਲੀ ਢਾਂਚੇ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਦੌਰਾਨ ਇਕੱਲੇ ਪਟਿਆਲਾ ਖੇਤਰ ਦੇ 200 ਪਿੰਡਾਂ ‘ਚ ਬਿਜਲੀ ਪ੍ਰਭਾਵਿਤ ਹੋਈ ਸੀ। ਪਰ ਛੇਤੀ ਹੀ ਫੀਡਰ ਬਦਲ ਕੇ 198 ਪਿੰਡਾਂ ਅੰਦਰ ਸਪਲਾਈ ਬਹਾਲ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਆਏ ਝੱਖੜ ਵੀ ਨੇ ਬਿਜਲੀ ਨਿਗਮ ਦਾ 31 ਕਰੋੜ ਰੁਪਏ ਦਾ ਨੁਕਸਾਨ ਕੀਤਾ ਸੀ ਜਦਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਅੰਦਾਜ਼ਾ ਲਗਾਉਣਾ ਅਜੇ ਬਾਕੀ ਹੈ।